Nitin Gadkari

ਨਿਤਿਨ ਗਡਕਰੀ ਨੇ ਮੁੱਖ ਮੰਤਰੀ ਦੀ ਮੰਗ ਮੰਨੀ, ਜਲੰਧਰ-ਹੁਸ਼ਿਆਰਪੁਰ ਰੋਡ ਅਤੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਦਾ ਦਿੱਤਾ ਭਰੋਸਾ

ਨਵੀਂ ਦਿੱਲੀ, 14 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਮੁੱਖ ਮੰਤਰੀ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂੰ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ।

ਮੁੱਖ ਮੰਤਰੀ ਅਤੇ ਗਡਕਰੀ ਨੇ ਦਿੱਲੀ ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ। ਦੋਵੇਂ ਆਗੂਆਂ ਨੇ ਇਸ ਪ੍ਰਾਜੈਕਟ ’ਤੇ ਕੰਮ ਵਿੱਚ ਤੇਜ਼ੀ ਲਿਆਉਣ ’ਤੇ ਸਹਿਮਤੀ ਪ੍ਰਗਟਾਈ, ਜੋ ਸੂਬੇ ਦੀ ਆਰਥਿਕਤਾ ਲਈ ਵੱਡਾ ਹੁਲਾਰਾ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਰਾਜਮਾਰਗ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ ‘ਤੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮੁਹੱਈਆ ਕਰੇਗਾ ਅਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਗਡਕਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਛੇਤੀ ਹੀ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ ਦਾ ਗਠਨ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਫੋਰਸ ਜਿੱਥੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਮਦਦ ਕਰੇਗੀ, ਉੱਥੇ ਹੀ ਸੂਬੇ ਵਿੱਚ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇਗਾ। ਕੇਂਦਰੀ ਮੰਤਰੀ ਨੇ ਭਗਵੰਤ ਮਾਨ ਦੇ ਇਸ ਨਿਵੇਕਲੇ ਪ੍ਰਸਤਾਵ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਵਿਲੱਖਣ ਕਦਮ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ਿਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਮੁੱਦੇ ਨੂੰ ਉਠਾਉਂਦਿਆਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਵਿੱਚ ਇਨ੍ਹਾਂ ਨੂੰ ਕੰਟਰੋਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ ਅਤੇ ਟੋਲ ਪਲਾਜ਼ਿਆਂ ਨੂੰ ਲੋਕਾਂ ਤੋਂ ਕੋਈ ਵੀ ਰਕਮ ਵਸੂਲਣ ਦੀ ਖੁੱਲ੍ਹ ਨਹੀਂ ਦਿੱਤੀ ਜਾਣੀ ਚਾਹੀਦੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਖੁੱਲ੍ਹੀ ਲੁੱਟ ਨੂੰ ਰੋਕਣਾ ਸਮੇਂ ਦੀ ਲੋੜ ਹੈ।

Scroll to Top