ਹਰਿਆਣਾ, 02 ਅਗਸਤ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ ਅਧੀਨ ਕੰਮ ਕਰਨ ਵਾਲੇ ਕਿਸੇ ਵੀ ਕਰਮਚਾਰੀ ਨੂੰ ਨਹੀਂ ਹਟਾਇਆ ਜਾਵੇਗਾ। ਕਰਮਚਾਰੀਆਂ ਦੇ ਹਿੱਤ ਸਰਕਾਰ ਲਈ ਸਭ ਤੋਂ ਮਹੱਤਵਪੂਰਨ ਹਨ ਅਤੇ ਸਰਕਾਰ ਨੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕਈ ਕਦਮ ਵੀ ਚੁੱਕੇ ਹਨ। ਹਾਲ ਹੀ ਵਿੱਚ, ਸੀਈਟੀ ਪ੍ਰੀਖਿਆ ਸਫਲਤਾਪੂਰਵਕ ਕਰਵਾਈ ਗਈ ਸੀ, ਜਿਸ ਰਾਹੀਂ ਯੋਗ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸਥਾਈ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਪਣੇ ਸਾਢੇ 10 ਸਾਲਾਂ ਦੇ ਕਾਰਜਕਾਲ ‘ਚ, ਭਾਜਪਾ ਨੇ ਨੌਜਵਾਨਾਂ ਨੂੰ 1 ਲੱਖ 85 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ, ਜਦੋਂ ਕਿ ਕਾਂਗਰਸ ਦੇ 10 ਸਾਲਾਂ ਦੇ ਰਾਜ ‘ਚ, 80 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਸਨ। ਜਿਸ ‘ਚ ਭ੍ਰਿਸ਼ਟਾਚਾਰ ਦਾ ਦਲਦਲ ਸੀ। ਅੱਜ ਸਾਡੀ ਸਰਕਾਰ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਬਿਨਾਂ ਪਰਚੀਆਂ – ਬਿਨਾਂ ਖਰਚਿਆਂ ਦੇ ਰੁਜ਼ਗਾਰ ਪ੍ਰਦਾਨ ਕਰ ਰਹੀ ਹੈ।
ਇੱਕ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕਈ ਵਾਅਦੇ ਕਰਕੇ ਸੱਤਾ ‘ਚ ਆਈ ਸੀ। ਇਸ ਨੇ ਔਰਤਾਂ ਨੂੰ 2000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਪੰਜਾਬ ਦੇ ਲੋਕ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਤੋਂ ਆਪਣਾ ਵਿਸ਼ਵਾਸ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਹਰਿਆਣਾ ‘ਚ ਔਰਤਾਂ ਨੂੰ ਲਾਡੋ ਲਕਸ਼ਮੀ ਯੋਜਨਾ ਦਾ ਲਾਭ ਦੇਣ ਲਈ ਇੱਕ ਪੋਰਟਲ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ, ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ 15,284 ਕਰੋੜ ਰੁਪਏ ਦਿੱਤੇ ਹਨ। ਕੱਲ੍ਹ ਵੀ ਕਿਸਾਨਾਂ ਨੂੰ ਮੁਆਵਜ਼ੇ ਵਜੋਂ 58 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।
Read More: CM ਨਾਇਬ ਸਿੰਘ ਸੈਣੀ ਵੱਲੋਂ ਹਰਿਆਣਾ ‘ਚ ਛੇਵੇਂ ਸੂਬਾ ਪੱਧਰੀ ਖੇਡ ਮਹਾਕੁੰਭ ਦਾ ਉਦਘਾਟਨ