ਚੰਡੀਗੜ੍ਹ, 04 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ | ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਰਹੇ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਜਿਸ ਵੀ ਖੇਤਰ ‘ਚ ਕੋਈ ਵੱਡੀ ਘਟਨਾ ਵਾਪਰਦੀ ਹੈ, ਉਸ ਖੇਤਰ ਦੇ ਸਬੰਧਤ ਪੁਲਿਸ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ |
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਪਰਾਧ ਨੂੰ ਕੰਟਰੋਲ ਕਰਨ ਲਈ ਪ੍ਰਭਾਵਸ਼ਾਲੀ ਪੁਲਿਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀਆਂ ਸਭ ਤੋਂ ਵਧੀਆ ਫੋਰਸਾਂ ‘ਚੋਂ ਇੱਕ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਪਰੰਪਰਾ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਡੇ ਪੁਲਿਸ ਸੁਧਾਰ ਲਾਗੂ ਕਰੇਗੀ ਤਾਂ ਜੋ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਪੁਲਿਸ ਦੇ ਆਧੁਨਿਕੀਕਰਨ ‘ਤੇ ਜ਼ੋਰ ਦਿੱਤਾ ਹੈ ਅਤੇ ਅੱਜ ਪੰਜਾਬ ਪੁਲਿਸ ਵਿਸ਼ਵ ਪੱਧਰੀ ਵਾਹਨਾਂ ਨਾਲ ਲੈਸ ਹੋ ਰਹੀ ਹੈ।
ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਅਤੇ ਇਸ ਅਪਰਾਧ ‘ਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਗੁਪਤ ਜਾਣਕਾਰੀ ਇਕੱਠੀ ਕਰਨ ਅਤੇ ਆਮ ਆਦਮੀ ਨੂੰ ਨਿਆਂ ਪ੍ਰਦਾਨ ਕਰਨ ‘ਤੇ ਵਧੇਰੇ ਜ਼ੋਰ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਇੱਕ ਜਨ ਲਹਿਰ ‘ਚ ਬਦਲਣਾ ਚਾਹੀਦਾ ਹੈ ਅਤੇ ਪੰਚਾਇਤਾਂ ਨੂੰ ਇਸ ਮਕਸਦ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਲੜੀ ਨੂੰ ਹੋਰ ਸਖ਼ਤੀ ਨਾਲ ਤੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਵਿਰੁੱਧ ਕੋਈ ਨਰਮੀ ਨਾ ਵਰਤਣ ਦੀ ਨੀਤੀ ਹੋਣੀ ਚਾਹੀਦੀ ਹੈ ਅਤੇ ਇਸ ਘਿਨਾਉਣੇ ਅਪਰਾਧ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਤੋਂ ਜਾਣੂ ਕਰਵਾਉਣ ਲਈ ਸਕੂਲ ਅਤੇ ਕਾਲਜ ਪੱਧਰ ‘ਤੇ ਢੁਕਵੀਆਂ ਰਣਨੀਤੀਆਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਸ ‘ਚ ਕੋਈ ਵੀ ਨਰਮੀ ਨਹੀਂ ਦਿਖਾਈ ਜਾਣੀ ਚਾਹੀਦੀ। ਸੁੱਟਿਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚੋਂ ਸੰਗਠਿਤ ਅਪਰਾਧ ਦਾ ਸਫਾਇਆ ਕਰਨ ਲਈ ਦ੍ਰਿੜ ਹੈ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਅਜਿਹੇ ਲੋਕਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ |
ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਜਿਹੜੇ ਪੁਲਿਸ ਕਰਮਚਾਰੀ ਸ਼ੱਕ ਦੇ ਘੇਰੇ ‘ਚ ਹਨ ਅਤੇ ਪੂਰੀ ਪੁਲਿਸ ਫੋਰਸ ਦਾ ਨਾਮ ਬਦਨਾਮ ਕਰ ਰਹੇ ਹਨ, ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸੂਬੇ ਵਿੱਚ ਛੋਟੇ-ਮੋਟੇ ਅਪਰਾਧਾਂ ਨੂੰ ਰੋਕਣ ਲਈ ਪੂਰਾ ਖਾਕਾ ਤਿਆਰ ਕੀਤਾ ਜਾਵੇ।
ਮੁੱਖ ਮੰਤਰੀ ਮਾਨ ਨੇ ਸੂਬੇ ਭਰ ‘ਚ ਅਪਰਾਧ ਦਰ ਨੂੰ ਰੋਕਣ ਲਈ ਆਮ ਲੋਕਾਂ ਨਾਲ ਬਿਹਤਰ ਤਾਲਮੇਲ ਦੀ ਵੀ ਵਕਾਲਤ ਕੀਤੀ। ਇੱਕ ਹੋਰ ਮੁੱਦੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ‘ਚ ਅਚਨਚੇਤ ਜਾਂਚ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਨੁਕਸ ਲੱਭਣਾ ਨਹੀਂ ਹੋਣਾ ਚਾਹੀਦਾ ਸਗੋਂ ਕਾਨੂੰਨ ਵਿਵਸਥਾ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣਾ ਹੋਣਾ ਚਾਹੀਦਾ ਹੈ।
Read More: ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ