ਪਟਿਆਲਾ, 31 ਅਗਸਤ 2023: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਕੁਦਰਤੀ ਆਫ਼ਤਾਂ ਮੌਕੇ ਜਿੱਥੇ ਸਰਕਾਰ ਲੋਕਾਂ ਦੀ ਮੱਦਦ ਕਰਦੀ ਹੈ, ਉਥੇ ਹੀ ਸਮਾਜ ਸੇਵੀ ਸੰਸਥਾਵਾਂ, ਗ਼ੈਰ ਸਰਕਾਰੀ ਅਦਾਰੇ, ਨਿੱਜੀ ਤੌਰ ‘ਤੇ ਵਿਅਕਤੀ ਤੇ ਹੋਰ ਸੰਸਥਾਵਾਂ ਵੱਲੋਂ ਵੀ ਪੀੜਤਾਂ ਦੀ ਮੱਦਦ ਵਾਸਤੇ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਸ਼ਲਾਘਯੋਗ ਹੈ।
ਡਿਪਟੀ ਕਮਿਸ਼ਨਰ ਅੱਜ ਇੱਥੇ ਹੜ੍ਹ ਪੀੜਤਾਂ ਦੀ ਮੱਦਦ ਕਰਨ ਲਈ ਗੁਰੂ ਨਾਨਕ ਫਾਊਂਡੇਸ਼ਨ ਸੰਸਥਾ ਵੱਲੋਂ ਰੈਡ ਕਰਾਸ ਸੁਸਾਇਟੀ ਪਟਿਆਲਾ ਲਈ ਦੋ ਲੱਖ ਰੁਪਏ ਦਾ ਚੈਕ ਭੇਂਟ ਕਰਨ ਆਏ ਗੁਰੂ ਨਾਨਕ ਫਾਊਂਡੇਸ਼ਨ ਸੰਸਥਾ ਦੇ ਚੇਅਰਮੈਨ ਪ੍ਰਤਾਪ ਸਿੰਘ ਤੇ ਗੁਰੂ ਨਾਨਕ ਫਾਊਂਡੇਸ਼ਨ ਸਕੂਲ ਦੇ ਪ੍ਰਿੰਸੀਪਲ ਜਸਜੀਤ ਸੋਹੀ ਨਾਲ ਗੱਲਬਾਤ ਕਰ ਰਹੇ ਸਨ।
ਚੇਅਰਮੈਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਟਿਆਲਾ ਵਿਖੇ ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਅਤੇ ਗੁਰਮਤਿ ਕਾਲਜ ਵਿੱਦਿਅਕ ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਰੈਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਹਾਲੀਆ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਬਹੁਤ ਮੱਦਦ ਕੀਤੀ ਗਈ ਹੈ, ਜਿਸ ਲਈ ਉਨ੍ਹਾਂ ਨੇ ਵੀ ਆਪਣੀ ਸੰਸਥਾ ਵੱਲੋਂ ਰੈਡ ਕਰਾਸ ਸੁਸਾਇਟੀ ਲਈ ਦੋ ਲੱਖ ਰੁਪਏ ਦਾ ਚੈਕ ਭੇਟ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਹੈ।