Site icon TheUnmute.com

ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ: ਲਾਲਜੀਤ ਸਿੰਘ ਭੁੱਲਰ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ (Scrap Vehicle) ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿੱਚ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖ਼ਰੀਦ ਮੌਕੇ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ।

ਸ. ਭੁੱਲਰ ਨੇ ਦਸਿਆ ਕਿ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਮੋਟਰ ਵਹੀਕਲ ਟੈਕਸ ਵਿੱਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫ਼ੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫ਼ੀਸਦੀ ਤੱਕ ਛੋਟ ਮਿਲੇਗੀ। ਉਨ੍ਹਾਂ ਕਿਹਾ ਕਿ ਵਾਤਾਵਰਣ-ਪੱਖੀ ਫ਼ੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ। ਇਸ ਨੀਤੀ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖ਼ਰੀਦ ਕੀਤੀ ਜਾਵੇਗੀ।

ਇਸ ਉਪਰੰਤ ਸਕਰੈਪਰ ਵੱਲੋਂ ਵਾਹਨ (Scrap Vehicle)  ਦੇ ਮਾਲਕ ਨੂੰ ਸਰਟੀਫ਼ਿਕੇਟ ਆਫ਼ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫ਼ਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੰਸਿੰਗ ਅਥਾਰਟੀ ਕੋਲ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਮਿਲੇਗੀ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਗੱਡੀ ਨੂੰ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਸਕਰੈਪ ਕਰਨਾ ਆਪਸ਼ਨਲ ਹੈ।

Exit mobile version