ਹੁਸ਼ਿਆਰਪੁਰ, 16 ਫਰਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਅੱਜ ਹੁਸ਼ਿਆਰਪੁਰ ਦੇ ਪਿੰਡ ਨਿਊ ਕਲੋਨੀ ਚੌਹਾਲ ਦੇ ਕਮਿਊਨਿਟੀ ਹਾਲ ਵਿਚ ਸੁਵਿਧਾ ਕੈਂਪ ਲਗਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਇਸ ਕੈਂਪ ਦੀ ਸ਼ੁਰੂਆਤ ਕੀਤੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਇਲਾਕੇ ਦੀਆਂ 11 ਪੰਚਾਇਤਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਤੱਕ ਸਾਰੀਆਂ ਸੁਵਿਧਾਵਾਂ ਪਹੁੰਚਾਉਣ ਲਈ ਵਚਨਬੱਧ ਹੈ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸੁਵਿਧਾ ਕੈਂਪਾਂ ਵਿਚ ਡਿਪਟੀ ਕਮਿਸ਼ਨਰ, ਐਸ.ਡੀ.ਐਮ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਕੋਲ ਪਹੁੰਚ ਕਰਕੇ ਉਨ੍ਹਾਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ ਅਤੇ ਉਨ੍ਹਾਂ ਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਨੂੰ ਅਧਿਕਾਰੀਆਂ ਕੋਲ ਜਾਣ ਦੀ ਜਰੂਰਤ ਨਹੀਂ ਬਲਕਿ ਅਧਿਕਾਰੀ ਲੋਕਾਂ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹੁੰਚ ਰਹੇ ਹਨ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਉਪ ਮੰਡਲ ਹੁਸ਼ਿਆਰਪੁਰ ਅੰਦਰ ਸ਼ੁਰੂ ਇਸ ਮੁਹਿੰਮ ਵਿਚ ਨਿਊ ਕਲੋਨੀ ਚੌਹਾਲ, ਜੇ.ਸੀ.ਟੀ. ਚੌਹਾਲ, ਮੁਹੱਲਾ ਰਾਮਗੜ੍ਹ, ਸਲੇਰਨ, ਨਾਰੀ, ਆਦਮਵਾਲ, ਕੋਟਲਾ ਗੌਂਸਪੁਰ, ਬੱਸੀ ਗੁਲਾਮ ਹੁਸੈਨ, ਥੱਥਲ, ਅੱਜੋਵਾਲ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਸਾਰੇ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ, ਤਾਂ ਜੋ ਘੱਟ ਸਮੇਂ ਵਿਚ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਇਸ ਕੈਂਪ ਵਿਚ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸਰਕਾਰੀ ਸੇਵਾਵਾਂ ਦੇ ਨਾਲ-ਨਾਲ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਸਬੰਧਤ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ, ਪੰੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ ਅਤੇ ਹੋਰ ਸਹਾਇਕ ਧੰਦਿਆਂ ਨਾਲ ਸਬੰਧਤ ਵਿਭਾਗ ਆਦਿ ਦੇ ਅਧਿਕਾਰੀਆਂ ਨੇ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ਉਚਿਤ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬੱਚਤ ਕਰਨ ਵਿਚ ਇਹ ਕੈਂਪ ਕਾਫ਼ੀ ਲਾਭਦਾਇਕ ਸਾਬਤ ਹੋਏ ਹਨ ਅਤੇ ਭਵਿੱਖ ਵਿਚ ਇਸੇ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।