Site icon TheUnmute.com

ਪੰਜਾਬ ਭਰ ‘ਚ ਐਨ.ਆਰ.ਆਈ. ਸਭਾਵਾਂ ਨੂੰ ਜਲਦ ਮੁੜ ਸੁਰਜੀਤ ਕੀਤਾ ਜਾਵੇਗਾ: ਕੁਲਦੀਪ ਧਾਲੀਵਾਲ

NRI across Punjab Sabhas

ਚੰਡੀਗੜ 19 ਅਕਤੂਬਰ 2022: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ’ਚ ਐਨ.ਆਰ.ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਧਾਲੀਵਾਲ, ਜੋ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.) ਦੀ ਭਲਾਈ ਲਈ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਐਨ.ਆਰ.ਆਈ. ਸਭਾਵਾਂ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਮੂਲ ਦੇ ਪੰਜਾਬੀਆਂ ਨੂੰ ਸਹਾਇਤਾ ਪ੍ਰਦਾਨ ਕਰਦੀਆਂ ਹਨ ਜੋ ਆਪਣੇ ਨਿੱਜੀ ਕੇਸਾਂ ਦੀ ਪੈਰਵੀ ਕਰਨ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰ ਸਮੇਂ ਭਾਰਤ ਵਿੱਚ ਮੌਜੂਦ ਰਹਿਣ ਦੀ ਅਸਮਰੱਥ ਹਨ। ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਟੱਡੀ ਵੀਜੇ ਦੀ ਆੜ ਵਿੱਚ ਗੈਰ-ਕਾਨੂੰਨੀ ਢੰਗ ਨਾਲ ਆਈ.ਈ.ਐਲ.ਟੀ.ਐਸ/ਇਮੀਗ੍ਰੇਸ਼ਨ ਕੇਂਦਰਾਂ ਵੱਲੋਂ ਕੀਤੀ ਜਾ ਰਹੀ ਮਨੁੱਖੀ ਤਸਕਰੀ ਦੀ ਵੀ ਜਾਂਚ ਦੇ ਹੁਕਮ ਦਿੱਤੇ ਹਨ।

ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਆਈ.ਈ.ਐਲ.ਟੀ.ਐਸ./ਇਮੀਗ੍ਰੇਸ਼ਨ ਕੇਂਦਰਾਂ ਬਾਰੇ ਡਿਪਟੀ ਕਮਿਸ਼ਨਰਾਂ (ਡੀ.ਸੀ.) ਤੋਂ ਵਿਸਤਿ੍ਰਤ ਨਿਗਰਾਨੀ ਰਿਪੋਰਟ ਮੰਗਣ ਤਾਂ ਜੋ ਉਨਾਂ ਦੇ ਸਬੰਧਤ ਜਿਲਿਆਂ ਵਿੱਚ ਆਈ.ਈ.ਐਲ.ਟੀ. ਕੋਚਿੰਗ ਸੈਂਟਰਾਂ ਅਤੇ ਇਮੀਗ੍ਰੇਸਨ ਕੇਂਦਰਾਂ ਦੀ ਕੁੱਲ ਗਿਣਤੀ ਦਾ ਪਤਾ ਲਗਾਇਆ ਜਾ ਸਕੇ। ਜਿਕਰਯੋਗ ਹੈ ਕਿ ਪ੍ਰਵਾਸੀ ਭਾਰਤੀਆਂ ਲਈ ਰਾਜ ਵਿੱਚ ਹੋਰ ਪੁਲਿਸ ਥਾਣੇ ਸਥਾਪਤ ਕੀਤੇ ਜਾਣਗੇ ਅਤੇ ਉਨਾਂ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾਵੇਗੀ।

Exit mobile version