ਚੰਡੀਗੜ੍ਹ, 03 ਅਗਸਤ 2023: ਨੂਹ ‘ਚ ਇਕ ਜਲੂਸ ‘ਤੇ ਹਮਲੇ ਤੋਂ ਬਾਅਦ ਭੜਕੀ ਹਿੰਸਾ (Nuh Violence) ਤੋਂ ਬਾਅਦ ਹਾਲਾਤ ਹੌਲੀ-ਹੌਲੀ ਆਮ ਵਾਂਗ ਹੋ ਰਹੇ ਹਨ। ਹਰਿਆਣਾ ਸਰਕਾਰ ਨੇ ਅੱਜ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਨੂਹ, ਫਰੀਦਾਬਾਦ ਅਤੇ ਪਲਵਲ ਜ਼ਿਲ੍ਹਿਆਂ ਅਤੇ ਜ਼ਿਲ੍ਹਾ ਗੁਰੂਗ੍ਰਾਮ ਦੇ ਸੋਹਨਾ, ਪਟੌਦੀ ਅਤੇ ਮਾਨੇਸਰ ਉਪ ਮੰਡਲਾਂ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਮੋਬਾਈਲ ਇੰਟਰਨੈਟ ਮੁਅੱਤਲੀ ਨੂੰ ਅੰਸ਼ਕ ਤੌਰ ‘ਤੇ ਹਟਾ ਦਿੱਤਾ ਹੈ। ਇਸ ਦੌਰਾਨ ਜ਼ਿਲ੍ਹੇ ਵਿੱਚ ਕਰਫਿਊ ਲੱਗਾ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਦਰਅਸਲ ਨੂਹ ਹਿੰਸਾ (Nuh Violence) ‘ਚ ਹੁਣ ਤੱਕ ਛੇ ਜਣਿਆਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਦੋ ਹੋਮਗਾਰਡ ਅਤੇ ਚਾਰ ਆਮ ਨਾਗਰਿਕ ਹਨ। ਫਿਰਕੂ ਹਿੰਸਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਨੋਹਰ ਲਾਲ ਨੇ ਹਿੰਸਾ ‘ਚ ਹੋਏ ਨੁਕਸਾਨ ਦੀ ਭਰਪਾਈ ਬਦਮਾਸ਼ਾਂ ਤੋਂ ਹੀ ਕਰਨ ਦਾ ਐਲਾਨ ਕੀਤਾ ਹੈ।
ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸ਼ਾਂਤੀ ਅਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਨੂਹ, ਫਰੀਦਾਬਾਦ ਅਤੇ ਪਲਵਲ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਅਤੇ ਗੁਰੂਗ੍ਰਾਮ ਜ਼ਿਲ੍ਹੇ ਦੇ ਸੋਹਨਾ, ਪਟੌਦੀ ਅਤੇ ਮਾਨੇਸਰ ਉਪ ਮੰਡਲਾਂ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ 5 ਅਗਸਤ ਤੱਕ ਮੁਅੱਤਲ ਕਰ ਦਿੱਤਾ ਸੀ।
ਇਸ ਦੌਰਾਨ ਗੁਰੂਗ੍ਰਾਮ ਦੇ ਏਸੀਪੀ ਵਰੁਣ ਕੁਮਾਰ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਬਹੁਤ ਸਾਰੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਅਤੇ ਵੀਡੀਓਜ਼ ਪੋਸਟ ਕੀਤੀਆਂ ਜਾ ਰਹੀਆਂ ਹਨ। ਅਸੀਂ ਲੋਕਾਂ ਦੀ ਪਛਾਣ ਕਰ ਰਹੇ ਹਾਂ। ਮੈਂ ਜਨਤਾ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਹਿੰਦੂਆਂ ਜਾਂ ਮੁਸਲਮਾਨਾਂ ਦੇ ਖਿਲਾਫ ਨਹੀਂ ਹਾਂ। ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਹਾਂ ਜੋ ਦੁਰਵਿਵਹਾਰ ਕਰ ਰਹੇ ਹਨ, ਗੁੰਮਰਾਹ ਕਰ ਰਹੇ ਹਨ ਅਤੇ ਗਲਤ ਗਤੀਵਿਧੀਆਂ ਵਿੱਚ ਸ਼ਾਮਲ ਹਨ। ਅਸੀਂ ਲੋਕਾਂ ਦੀ ਸੁਰੱਖਿਆ ਲਈ ਕੰਮ ਕਰ ਰਹੇ ਹਾਂ। ਅਸੀਂ ਨਹੀਂ ਚਾਹੁੰਦੇ ਕਿ ਲੋਕ ਅਫਵਾਹਾਂ ਫੈਲਾਉਣ।