ਚੰਡੀਗੜ੍ਹ/ਅੰਮ੍ਰਿਤਸਰ, 12 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ (DRUG) ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 3 ਕਿਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ, ਲੋਹਗੜ੍ਹ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ, ਅੰਮ੍ਰਿਤਸਰ ਦੇ ਪਿੰਡ ਹੁਸ਼ਿਆਰ ਨਗਰ ਦੇ ਵਸਨੀਕ ਰਸ਼ਪਾਲ ਸਿੰਘ, ਅੰਮ੍ਰਿਤਸਰ ਦੀ ਵਰਿਆਮ ਸਿੰਘ ਕਲੋਨੀ ਦੇ ਵਸਨੀਕ ਗੌਰਵ ਉਰਫ ਕਾਲੀ ਅਤੇ ਦੁਰਗਿਆਣਾ ਅਬਾਦੀ, ਅੰਮ੍ਰਿਤਸਰ ਦੇ ਵਸਨੀਕ ਸਾਹਿਲ ਕੁਮਾਰ ਉਰਫ ਮੰਥਨ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਇਨੋਵਾ ਕਾਰ (ਪੀ.ਬੀ.11ਏ.ਐਕਸ.7843) ਨੂੰ ਵੀ ਜ਼ਬਤ ਕੀਤਾ ਹੈ, ਜਿਸ ਵਿਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ।
ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ‘ਤੇ ਡੀ.ਸੀ.ਪੀ. ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏ.ਡੀ.ਸੀ.ਪੀ. ਸਿਟੀ-3, ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ-1 ਦੀਆਂ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨ ਅੰਮ੍ਰਿਤਸਰ ਦੇ ਪਿੱਛੇ ਸਥਿਤ ਗੋਲ ਬਾਗ ਦੇ ਖੇਤਰ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਦੌਰਾਨ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਉਹ ਆਪਣੀ ਇਨੋਵਾ ਕਾਰ ਵਿੱਚ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਹੇ ਸਨ।
ਸੀ.ਪੀ. ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਰਸ਼ਪਾਲ ਸਿੰਘ ਪਹਿਲਾਂ ਹੀ ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਵਿਖੇ ਚੋਰੀ ਅਤੇ ਐਨਡੀਪੀਐਸ (DRUG) ਐਕਟ ਦੇ ਦੋ ਅਪਰਾਧਕ ਮੁਕੱਦਮਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਹਾਸਲ ਕੀਤੀਆਂ ਗਈਆਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਡੀ ਡਵੀਜ਼ਨ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਐਫਆਈਆਰ ਨੰ. 143 ਮਿਤੀ 10-12-2023 ਦਰਜ ਹੈ।