ਚੰਡੀਗੜ੍ਹ, 03 ਜੂਨ 2023: ਉੜੀਸਾ (Odisha) ‘ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 261 ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 1000 ਦੇ ਕਰੀਬ ਯਾਤਰੀ ਜ਼ਖਮੀ ਹੋਏ ਹਨ। ਇਸ ਘਟਨਾ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਉੜੀਸਾ ਘਟਨਾ ਵਾਲੇ ਸਥਾਨ ‘ਤੇ ਪਹੁੰਚੇ ਹਨ । ਇਸ ਤੋਂ ਪਹਿਲਾਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੀ ਮੌਕੇ ‘ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਬਚਾਅ ਕਾਰਜਾਂ ‘ਚ ਫੌਜ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ਨੂੰ ਲੈ ਕੇ ਮੀਟਿੰਗ ਵੀ ਸੱਦੀ ਸੀ |
ਇੱਥੇ ਉਨ੍ਹਾਂ ਜ਼ਖਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਮਦਦ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੌਕੇ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਲੋੜੀਂਦੀ ਮੱਦਦ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਦੁਖੀ ਪਰਿਵਾਰਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪੀੜਤਾਂ ਨੂੰ ਲੋੜੀਂਦੀ ਸਹਾਇਤਾ ਮਿਲਦੀ ਰਹੇ।
ਦੂਜੇ ਪਾਸੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਸ ਭਿਆਨਕ ਘਟਨਾ ਵਿਚ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖਮੀ ਹੋ ਗਏ। ਇਹ ਦੇਖ ਕੇ ਮੈਂ ਬਹੁਤ ਦੁਖੀ ਹਾਂ। ਸਾਰੇ ਕਾਂਗਰਸੀ ਆਗੂ ਤੇ ਵਰਕਰ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੀ ਮਦਦ ਕਰ ਰਹੇ ਹਨ। ਇਸ ਘੜੀ ਵਿਚ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਕਰਨਾਟਕ ਸਰਕਾਰ ਵੀ ਇਸ ਵਿੱਚ ਲੋਕਾਂ ਦੀ ਮਦਦ ਕਰ ਰਹੀ ਹੈ। ਮੈਂ ਵਿਛੜਿਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਮੈਂ ਪ੍ਰਧਾਨ ਮੰਤਰੀ ਅਤੇ ਰੇਲ ਮੰਤਰੀ ਨੂੰ ਪੁੱਛਣਾ ਹੈ ਕਿ ਇਸ ਘਟਨਾ ਲਈ ਕੌਣ ਜ਼ਿੰਮੇਵਾਰ ਹੈ?