July 2, 2024 1:26 pm
ਸਰਕਾਰੀ ਯੋਜਨਾ

ਸਰਕਾਰੀ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਖ਼ੁਦ ਫੀਲਡ ‘ਚ ਪਹੁੰਚ ਕਰਨ ਅਧਿਕਾਰੀ:ਫੌਜਾ ਸਿੰਘ ਸਰਾਰੀ

ਫ਼ਰੀਦਕੋਟ 15 ਦਸੰਬਰ 2022: ਸਰਕਾਰੀ ਯੋਜਨਾ ਦਾ ਲਾਭ ਜਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀ ਖੁਦ ਫੀਲਡ ਵਿੱਚ ਜਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਕੀਮਾਂ ਦਾ ਲਾਹਾ ਲੈਣ ਦੇ ਲਈ ਖ਼ੁਦ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਤਾਂ ਜੋ ਸਮੇਂ ਸਿਰ ਯੋਜਨਾ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਮਿਲ ਸਕੇ।

ਇਹ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਅਤੇ ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਜਮੀਨੀ ਪੱਧਰ ਤੱਕ ਯੋਗ ਲਾਭਪਾਤਰੀਆਂ ਤੱਕ ਨਹੀਂ ਪਹੁੰਚ ਪਾਉਂਦਾ। ਹੇਠਲੇ ਪੱਧਰ ਤੱਕ ਲੋਕਾਂ ਨੂੰ ਯੋਜਨਾਵਾਂ ਦਾ ਲਾਭ ਲੈਣ ਲਈ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਦੀ ਜਾਣਕਾਰੀ ਨਹੀਂ ਹੁੰਦੀ ਜਿਸ ਕਾਰਨ ਉਹ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਉਨ੍ਹਾਂ ਦੇ ਆਸ਼ਰਿਤਾਂ ,ਸੁਤੰਤਰਤਾ ਸੰਗਰਾਮੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਦੇ ਘਰਾਂ ਵਿੱਚ ਜਾ ਕੇ ਸਬੰਧਤ ਵਿਭਾਗ ਦੇ ਅਧਿਕਾਰੀ ਖੁਦ ਪਹੁੰਚ ਕਰਨ ਅਤੇ ਉਨ੍ਹਾਂ ਨੂੰ ਪੇਸ਼ ਆਉਂਦੀਆ ਸਮੱਸਿਆਵਾਂ ਦਾ ਹੱਲ ਸਮੇਂ ਕੀਤਾ ਜਾਵੇ। ਉਨ੍ਹਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਫਸਲੀ ਚੱਕਰ ਵਿੱਚੋਂ ਕੱਢ ਕੇ ਲਾਹੇਵੰਦ ਫਸਲਾਂ ਬੀਜਣ ਸਬੰਧੀ ਵਿਸ਼ੇਸ਼ ਤੌਰ ਤੇ ਕੈਂਪ ਲਗਾ ਕੇ ਜਾਗਰੂਕ ਕਰਨ। ਉਨ੍ਹਾਂ ਨੋਜਵਾਨਾਂ ਨੂੰ ਸਵੈ-ਰੋਜਗਾਰ ਬਣਾਉਣ ਦੇ ਲਈ ਸਮੇਂ ਸਮੇਂ ਸਿਰ ਸਰਕਾਰ ਵੱਲੋਂ ਬਣਾਈਆਂ ਜਾਂਦੀਆਂ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ ਲਈ ਕਿਹਾ।

ਇਸ ਦੌਰਾਨ ਉਨ੍ਹਾਂ ਨੇ ਮਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਂਗਣਵਾੜੀ ਸੈਟਰਾਂ, ਸੀਵਰੇਜ ਬੋਰਡ, ਜਿਲਾ ਪ੍ਰੋਗਰਾਮ ਅਫਸਰ ਸਮੇਤ ਵੱਖ ਵੱਖ ਦੇ ਅਧਿਕਾਰੀਆਂ ਤੋਂ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ।ਇਸ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਹਲਕੇ ਨਾਲ ਸਬੰਧਤ ਜਿਲੇ ਵਿੱਚ ਚੱਲ ਰਹੀਆਂ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਪੇਸ਼ ਆ ਰਹੀਆਂ ਸਮੱਸਿਆ ਸਬੰਧੀ ਨਿਰਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕੈਬਨਿਟ ਮੰਤਰੀ ਨੂੰ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਤੋਂ ਜਾਣੂ ਕਰਵਾਇਆ ਤੇ ਯਕੀਨ ਦਿੱਤਾ ਕਿ ਸਾਰੇ ਵਿਭਾਗ ਟੀਮ ਵਰਕ ਵਜੋਂ ਜਿਲੇ ਦੀ ਤਰੱਕੀ ਤੇ ਵਿਕਾਸ ਲਈ ਕੰਮ ਕਰਨਗੇ ਅਤੇ ਜਿਲਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਪਾਲ ਸਿੰਘ, ਡੀ.ਆਰ.ਓ ਡਾ. ਅਜੀਤ ਪਾਲ ਸਿੰਘ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ, ਐਸ.ਐਮ.ਓ ਡਾ. ਚੰਦਰ ਸ਼ੇਖਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।