Divyang Persons

ਦਿਵਿਆਂਗ ਵਿਅਕਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਅਧਿਕਾਰੀ ਨਿਯੁਕਤ

ਚੰਡੀਗੜ੍ਹ, 16 ਜਨਵਰੀ 2025: ਪੰਜਾਬ ਦੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ‘ਤੇ ਸੰਬੰਧਿਤ ਵਿਭਾਗ ਦਿਵਿਆਂਗਜਨਾਂ (Divyang Persons) ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਰਾਈਟ ਆਫ ਪਰਸਨਜ਼ ਵਿਦ ਡਿਸਏਬਿਲਟੀ (RPWD) ਐਕਟ, 2016 ਦੀ ਧਾਰਾ 23 ਦੇ ਤਹਿਤ ਦਿਵਿਆਂਗ ਵਿਅਕਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਨ ਅਧਿਕਾਰੀ ਨਿਯੁਕਤ ਕੀਤੇ ਹਨ।

ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਦਿਵਿਆਂਗ ਵਿਅਕਤੀਆਂ ਦੀਆਂ ਸਮੱਸਿਆਵਾਂ ਦੇ ਢੁਕਵੇਂ ਹੱਲ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਅਤੇ ਹੋਰ ਸਰਕਾਰੀ ਸੰਸਥਾਵਾਂ ‘ਚ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਕੈਬਿਨਟ ਮੰਤਰੀ ਨੇ ਕਿਹਾ ਕਿ ਨਿਯੁਕਤ ਸ਼ਿਕਾਇਤ ਨਿਵਾਰਨ ਅਧਿਕਾਰੀ ਦਿਵਿਆਂਗ ਵਿਅਕਤੀਆਂ (Divyang Persons) ਦੀਆਂ ਨੌਕਰੀ ਦੌਰਾਨ ਕਿਸੇ ਵੀ ਤਰ੍ਹਾਂ ਦੇ ਵਿਤਕਰੇ, ਰੁਕਾਵਟ-ਮੁਕਤ ਵਾਤਾਵਰਣ ਅਤੇ ਤਰੱਕੀਆਂ ਸੰਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ਦੇ ਦੋ ਹਫ਼ਤਿਆਂ ਦੇ ਅੰਦਰ ਜਾਂਚ ਪੂਰੀ ਕਰਨਾ ਜ਼ਰੂਰੀ ਹੋਵੇਗਾ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦਿਵਿਆਂਗ ਵਿਅਕਤੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਸਮੇਂ ਰਿਕਾਰਡ ਰੱਖਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਦੀ ਭਲਾਈ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਯੂਨੀਵਰਸਿਟੀਆਂ ਦੁਆਰਾ ਨਿਯੁਕਤ ਕੀਤੇ ਸ਼ਿਕਾਇਤ ਨਿਵਾਰਨ ਅਧਿਕਾਰੀਆਂ ਦੇ ਨਾਮ ਅਤੇ ਫ਼ੋਨ ਨੰਬਰ ਇੱਕ ਮਹੀਨੇ ਦੇ ਅੰਦਰ-ਅੰਦਰ ਵਿਭਾਗ ਦੀ ਵੈੱਬਸਾਈਟ ‘ਤੇ ਉਪਲਬਧ ਕਰਵਾਏ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸ਼ਿਕਾਇਤ ਨਿਵਾਰਣ ਅਧਿਕਾਰੀਆਂ ਦੀ ਟੈਲੀਫੋਨ ਡਾਇਰੈਕਟਰੀ ਛੇਤੀ ਤਿਆਰ ਕਰਨ ਦੇ ਵੀ ਹੁਕਮ ਦਿੱਤੇ।

Read More: Child Begging: ਪੰਜਾਬ ‘ਚ 261 ਭੀਖ ਮੰਗਣ ਵਾਲੇ ਬੱਚਿਆਂ ਦਾ ਰੈਸਕਿਊ, ਭੀਖ ਮੰਗਵਾਉਣ ਵਾਲੇ ਨੂੰ ਮਿਲੇਗੀ ਸਖ਼ਤ ਸ਼ਜਾ

Scroll to Top