ਚੰਡੀਗੜ੍ਹ 26 ਨਵੰਬਰ 2022: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ (Om Prakash Soni) ਨੂੰ ਵਿਜੀਲੈਂਸ ਬਿਊਰੋ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ ਅੱਜ ਯਾਨੀ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ ’ਚ ਪੇਸ਼ ਹੋਣ ਲਈ ਕਿਹਾ ਗਿਆ ਸੀ । ਪਰ ਉਹ ਵਿਜੀਲੈਂਸ ਮੂਹਰੇ ਪੇਸ਼ ਨਹੀਂ ਹੋਏ , ਉਨ੍ਹਾਂ ਨੇ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਵਿਜੀਲੈਂਸ ਕੋਲੋਂ ਹੋਰ ਸਮਾਂ ਮੰਗਿਆ ਹੈ |
ਇਸ ਸਬੰਧੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਐਸਐਸਪੀ ਵਰਿੰਦਰ ਸਿੰਘ ਨੇ ਦੱਸਿਆ ਸੀ ਕਿ 8 ਨਵੰਬਰ ਨੂੰ ਵਿਜੀਲੈਂਸ ਬਿਊਰੋ ਚੰਡੀਗੜ੍ਹ ਦੇ ਦਫ਼ਤਰ ਵਿੱਚ ਸੋਨੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸੋਨੀ ਨੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਬਣਾਈ ਸੀ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਜ਼ਿਆਦਾ ਨਹੀਂ ਦੱਸ ਸਕਦੇ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਜਾਣਕਾਰੀ ਦੇਣਗੇ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਕਾਂਗਰਸ ਦੇ ਕਈ ਆਗੂ ਵਿਜੀਲੈਂਸ ਦੀ ਰਾਡਾਰ ‘ਤੇ ਹਨ, ਇਸਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਜੋਗਿੰਦਰ ਪਾਲ ਆਦਿ ਤੋਂ ਵੱਖ-ਵੱਖ ਮਾਮਲਿਆਂ ਵਿੱਚ ਪੁੱਛਗਿੱਛ ਕਰ ਰਹੀ ਹੈ |