Punjab Police

Punjab News: ਤਲਾਸ਼ੀ ਅਭਿਆਨ ਦੇ ਤੀਜੇ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

ਚੰਡੀਗੜ੍ਹ, 18 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ (Punjab Police) ਨੇ ਮੰਗਲਵਾਰ ਨੂੰ ਸੂਬੇ ਭਰ ’ਚ ੇ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ ਮੁਸਤੈਦੀ ਨਾਲ ਚੈਕਿੰਗ ਕੀਤੀ। ਇਹ ਤਲਾਸ਼ੀ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਦੌਰਾਨ ਚਲਾਇਆ ਗਿਆ।

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਜ਼ਰਸਾਨੀ ਹੇਠ ਇੱਕ-ਇੱਕ ਨਾਕਾ ਲਗਾਉਣ ਅਤੇ ਸਾਰੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਮੁਸਤੈਦੀ ਤੇ ਬਾਰੀਕਬੀਨੀ ਨਾਲ ਚੈਕਿੰਗ ਕਰਨ ਲਈ ਕਿਹਾ ਗਿਆ ਸੀ । ਉਨ੍ਹਾਂ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ , ਸ਼ੱਕੀ ਲੋਕਾਂ ਨੂੰ ਬਰਾਏ-ਤਫ਼ਤੀਸ਼ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦੇ ਹੋਏ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਚੈਕਿੰਗ ਕਰਨ ਤੋਂ ਇਲਾਵਾ, ਪੁਲਿਸ ਟੀਮਾਂ (Punjab Police) ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ । ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਚੈਕਿੰਗ ਕਰਦੇ ਸਮੇਂ ਉਹ ਹਰ ਯਾਤਰੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।’’

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 2684 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੇ 372 ਸੁਚੱਜੇ ਤੇ ਮਜ਼ਬੂਤ ਨਾਕੇ ਲਗਾਏ ਗਏ ਸਨ। ਉਨ੍ਹਾਂ ਦੱਸਿਆ ਕਿ ਚਾਰ ਘੰਟੇ ਚੱਲੇ ਇਸ ਅਭਿਆਨ ਵਿੱਚ 12040 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 603 ਦੇ ਚਲਾਨ ਕੀਤੇ ਗਏ ਅਤੇ 35 ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 4236 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਇਲਾਕੇ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਤੋਂ ਇਲਾਵਾ, ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਕਰਦੇ ਹਨ।

Scroll to Top