ਐਸ.ਏ.ਐਸ.ਨਗਰ, 8 ਸਤੰਬਰ 2023: ਜ਼ਿਲ੍ਹਾ ਅਤੇ ਸੈਸ਼ਨਜ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ. ਹਰਪਾਲ ਸਿੰਘ ਦੀ ਅਗਵਾਈ ਵਿਚ ਮਿਤੀ 9 ਸਤੰਬਰ 2023 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ (National Lok Adalat) ਲਗਾਈ ਜਾਵੇਗੀ।
ਇਹ ਜਾਣਕਾਰੀ ਦਿੰਦੇ ਹੋਏ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਲਈ ਸੈਸ਼ਨਜ ਡਵੀਜ਼ਨ, ਐਸ.ਏ.ਐਸ. ਨਗਰ ਵਿਖੇ ਕੁੱਲ 29 ਬੈਂਚ ਬਣਾਏ ਗਏ ਹਨ ਜਿਨ੍ਹਾਂ ਵਿਚੋਂ ਹੈਡ ਕੁਆਰਟਰ ਮੋਹਾਲੀ ਵਿਚ 17 ਬੈਂਚ, ਸਬ- ਡਵੀਜ਼ਨ ਖਰੜ ਵਿਖੇ 5 ਬੈਂਚ ਅਤੇ ਸਬ-ਡਵੀਜ਼ਨ, ਡੇਰਾਬਸੀ ਵਿਖੇ 7 ਬੈਂਚ ਹਨ ਜਿਨਾਂ ਵਿਚ ਕੁੱਲ 16237 ਕੇਸ ਸੁਣਵਾਈ ਲਈ ਰੱਖੇ ਗਏ ਹਨ। ਇਨ੍ਹਾਂ ਵਿਚੋਂ 9701 ਪ੍ਰੀਲਿਟੀਗੇਟਿਵ ਅਤੇ 6536 ਕੇਸ ਅਦਾਲਤਾਂ ਵਿਚ ਲੰਬਿਤ ਹਨ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤ (National Lok Adalat) ਦਾ ਮਕਸਦ ਲੋਕਾਂ ਨੂੰ ਸਸਤਾ ਅਤੇ ਛੇਤੀ ਇਨਸਾਫ ਦਿਵਾਉਣਾ ਹੈ। ਲੋਕ ਅਦਾਲਤ ਵਿਚ ਅਦਾਲਤਾਂ ਵਿਚ ਲੰਬਤ ਕੇਸਾਂ ਦੇ ਨਾਲ-ਨਾਲ ਪ੍ਰੀਲਿਟੀਗੇਟਿਵ ਕੇਸ ਵੀ ਇੱਕ ਸਾਦੇ ਕਾਗਜ਼ ਤੇ ਦਰਖਾਸਤ ਦੇ ਕੇ ਲਗਾਏ ਜਾ ਸਕਦੇ ਹਨ। ਲੋਕ ਅਦਾਲਤ ਵਿਚ ਕੇਸਾਂ ਦਾ ਫੈਸਲਾ ਸਬੰਧਤ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਂਦਾ ਹੈ ਅਤੇ ਇਹ ਫੈਸਲਾ ਆਖਰੀ ਹੁੰਦਾ ਹੈ। ਇਸ ਫੈਸਲੇ ਦੇ ਖਿਲਾਫ਼ ਕੋਈ ਅਪੀਲ ਜਾਂ ਨਜ਼ਰਸਾਨੀ ਆਦਿ ਦਾਇਰ ਨਹੀਂ ਕੀਤੀ ਜਾ ਸਕਦੀ। ਧਿਰਾਂ ਵਲੋਂ ਲਗਾਈ ਗਈ ਅਦਾਲਤੀ ਫੀਸ ਵੀ ਵਾਪਸ ਕੀਤੀ ਜਾਂਦੀ ਹੈ।
ਲੋਕ ਅਦਾਲਤ ਵਿਚ ਸਾਰੇ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ। ਲੋਕ ਅਦਾਲਤ ਵਿਚ ਦੋਵੇਂ ਧਿਰਾਂ ਵਿਚ ਆਪਸੀ ਸਹਿਮਤੀ ਨਾਲ ਹੋਣ ਵਾਲੇ ਫੈਸਲੇ ਕਰਕੇ ਧਿਰਾਂ ਦੀ ਆਪਸੀ ਕੁੜੱਤਣ ਖਤਮ ਹੋ ਜਾਂਦੀ ਹੈ ਜਿਸ ਨਾਲ ਭਵਿੱਖ ਵਿਚ ਹੋਣ ਵਾਲੇ ਸੰਭਾਵਿਤ ਝਗੜਿਆਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ।