July 7, 2024 3:18 pm
Blood Donation Camp

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਭਾਜਪਾ ਵੱਲੋਂ ਅੰਮ੍ਰਿਤਸਰ ਮੁੱਖ ਦਫ਼ਤਰ ਵਿਖੇ ਲਗਾਇਆ ਖ਼ੂਨਦਾਨ ਕੈਂਪ

ਅੰਮ੍ਰਿਤਸਰ, 23 ਮਾਰਚ 2023: ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਸ਼ਹੀਦਾਂ ਲਈ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ (Blood Donation Camp) ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕੀਤੀ ਜਿਸ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ |

ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਆਗੂ ਤਰੁਣ ਚੁੱਘ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਕਿਹਾ ਕਿ ਭਾਜਪਾ ਪਿੱਛਲੇ 70 ਸਾਲਾਂ ਤੋਂ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਭਾਰਤ ਦੀ ਉਸਾਰੀ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਹਨ |

ਉਨ੍ਹਾਂ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਉਦੇਸ਼ ਹੈ ‘ਭਾਰਤ ਨੂੰ ਵਿਸ਼ਵ ਗੁਰੂ ਅਤੇ ਵਿਸ਼ਵ ਸ਼ਕਤੀ ਬਣਾਉਣਾ’ ਅਤੇ ਇਸ ਟੀਚੇ ਨੂੰ ਲੈ ਕੇ ਪਹਿਲਾਂ ਦੇਸ਼ ਫਿਰ ਪਾਰਟੀ, ਭਾਜਪਾ ਦੇ ਵਰਕਰ ਜਨਤਾ ਦੀ ਸੇਵਾ ਵਿੱਚ ਲੱਗੇ ਹੋਏ ਹਨ |

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿਹੜੇ ਦੋ ਮੈਡੀਕਲ ਕਾਲਜ ਖੋਲ੍ਹਣ ਦੀ ਗੱਲ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ 2019 ਅਤੇ 2020 ਵਿੱਚ ਪਾਸ ਕਰ ਦਿੱਤਾ ਗਿਆ ਹੈ ਅਤੇ ਇਸ ਲਈ 350 ਕਰੋੜ ਰੁਪਏ ਦਾ ਫੰਡ ਪਾਸ ਕੀਤਾ ਗਿਆ ਹੈ, ਜਿਸ ਕਾਰਨ 100 ਕਰੋੜ ਰੁਪਏ ਵੀ ਜਾਰੀ ਕਰ ਦਿੱਤੇ ਗਏ ਹਨ। ਜਦੋਂ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੈਸੇ ਭੇਜਣ ਦੇ ਬਾਵਜੂਦ ਉਨ੍ਹਾਂ ਨੂੰ ਚਾਲੂ ਨਹੀਂ ਕਰ ਰਹੇ ਹਨ |

ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਰੀਵਿਊ ਕਮੇਟੀ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ‘ਤੇ ਜਾਂਚ ਕਰਨ ਤੋਂ ਬਾਅਦ ਪੰਜਾਬ ਵਿੱਚ ਮਾੜੀਆਂ ਸਿਹਤ ਸਹੂਲਤਾਂ ਬਾਰੇ ਕੇਂਦਰ ਸਰਕਾਰ ਨੂੰ ਰਿਪੋਰਟ ਭੇਜੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੁਆਰਾ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਕਰੋੜਾਂ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਇਸ਼ਤਿਹਾਰਾਂ ਦੀ ਸਰਕਾਰ ਹੈ |