ਚੰਡੀਗੜ੍ਹ, 14 ਨਵੰਬਰ 2023: ਲੁਧਿਆਣਾ ਦੇ ਕਸਬਾ ਖੰਨਾ (Khanna) ‘ਚ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕੈਂਟਰ ਨੇ ਇਕ ਬਜ਼ੁਰਗ ਮਹਿਲਾ ਨੂੰ ਦਰੜ ਦਿੱਤਾ ਅਤੇ ਕਈ ਜਣਿਆਂ ਨੂੰ ਜ਼ਖਮੀ ਕਰ ਦਿੱਤਾ। ਹਾਦਸੇ ਵਿੱਚ ਜ਼ਖ਼ਮੀ ਹੋਏ 5 ਤੋਂ 6 ਵਿਅਕਤੀਆਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਨੇ ਕੈਂਟਰ ਦੀਆਂ ਤਸਵੀਰਾਂ ਖਿੱਚੀਆਂ। ਇਸ ਫੋਟੋ ਦੀ ਮੱਦਦ ਨਾਲ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਹਿਲਾ ਦੀ ਪਛਾਣ ਰਾਜਪੁਰਾ ਦੀ 65 ਸਾਲਾ ਔਰਤ ਰਾਜ ਕੌਰ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਤੇਜ਼ ਰਫਤਾਰ ਕੈਂਟਰ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਪਹਿਲਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਫਿਰ ਨੈਸ਼ਨਲ ਹਾਈਵੇ ਦੇ ਕਿਨਾਰੇ ਖੜ੍ਹੇ ਰਾਹਗੀਰਾਂ ਨੂੰ ਟੱਕਰ ਮਾਰ ਦਿੱਤੀ ਗਈ।
ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਟੀ ਥਾਣਾ-2 (Khanna) ਦੇ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਰਾਜ ਕੌਰ ਦੀ ਮੌਤ ਹੋ ਗਈ ਹੈ। ਜ਼ਖ਼ਮੀਆਂ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕੈਂਟਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਫੜ ਲਿਆ ਜਾਵੇਗਾ।