ਜਲੰਧਰ, 26 ਜਨਵਰੀ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਅੱਜ ਇਥੇ 74ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਦੇਸ਼ ਵਿੱਚ ਸੰਵਿਧਾਨ ਦੀ ਮਹੱਤਤਾ ਦੀ ਗੱਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਸੰਵਿਧਾਨ ਪ੍ਰਤੀ ਫਰਜ਼ਾਂ ਲਈ ਪੂਰੀ ਤਰ੍ਹਾਂ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਸੰਵਿਧਾਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ।
ਪੰਜਾਬ ਵਾਸੀਆਂ ਨੂੰ ਸੂਬੇ ਦੇ ਸ਼ਾਸਨ-ਪ੍ਰਸ਼ਾਸਨ ਨੂੰ ਮਜ਼ਬੂਤ, ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਨ ਦੀ ਅਪੀਲ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਰੋਸਾ ਪ੍ਰਗਟਾਇਆ ਕਿ ਰਾਜ ਦੇ ਲੋਕ ਆਪਣਾ ਬਣਦਾ ਯੋਗਦਾਨ ਪਾ ਕੇ ਪੰਜਾਬ ਦੀ ਤਰੱਕੀ ਦੀ ਨਵੀਂ ਮਿਸਾਲ ਪੇਸ਼ ਕਰਨਗੇ।
ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ 26 ਜਨਵਰੀ 1950 ਨੂੰ ਲਾਗੂ ਹੋਇਆ ਸਾਡਾ ਸੰਵਿਧਾਨ ਲੋਕਤੰਤਰ ਦਾ ਇਕ ਪਵਿੱਤਰ ਗ੍ਰੰਥ ਹੈ ਜਿਹੜਾ ਸਾਡੇ ਸਾਰਿਆਂ ਲਈ ਰਾਹ ਦਸੇਰਾ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸੰਵਿਧਾਨ ਦਾ ਪੂਰਾ ਸਨਮਾਨ ਕਰੀਏ ਕਿਉਂਕਿ ਸੰਵਿਧਾਨ ਕਿਸੇ ਵੀ ਰਾਸ਼ਟਰ ਦੀ ਸ਼ਾਸਨ ਪ੍ਰਣਾਲੀ ਦੀ ਮਜ਼ਬੂਤ ਨੀਂਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਸੰਵਿਧਾਨ ਅਨੁਸਾਰ ਕਾਰਜ ਅਮਲ ਵਿੱਚ ਲਿਆਉਣੇ ਚਾਹੀਦੇ ਹਨ ਅਤੇ ਸੰਵਿਧਾਨ ਦਾ ਉਲੰਘਣ ਕਰਨ ਵਾਲਿਆਂ ਨਾਲ ਸ਼ਖਤੀ ਵਰਤੀ ਜਾਵੇ।
ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਘੋਲ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦੀ ਧਰਤੀ ਸੂਰਬੀਰ ਯੋਧਿਆਂ ਦੀ ਧਰਤੀ ਹੈ ਜਿਸਦੀ ਬਹਾਦਰੀ ਦਾ ਆਪਣਾ ਇਕ ਵੱਖਰਾ ਸਥਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੂਬਸੂਰਤ ਧਰਤੀ ’ਤੇ ਪੰਜ ਨਹੀਂ ਛੇ ਦਰਿਆ ਵਗੇ ਜਿਨ੍ਹਾਂ ਵਿੱਚ ਇਕ ਦਰਿਆ ਕੁਰਬਾਨੀਆਂ ਦਾ ਹੈ।
ਬਹਾਦਰੀ ਪੰਜਾਬੀਆਂ ਨੂੰ ਵਿਰਾਸਤ ਵਿੱਚ ਮਿਲੀ
ਉਨ੍ਹਾਂ ਕਿਹਾ ਕਿ ਇਥੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕਈ ਲਹਿਰਾਂ ਉਠੀਆਂ ਜਿੰਨ੍ਹਾਂ ਵਿੱਚ ਕੂਕਾ ਲਹਿਰ ਅਤੇ ਗ਼ਦਰ ਲਹਿਰ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਬਹਾਦਰੀ ਪੰਜਾਬੀਆਂ ਨੂੰ ਵਿਰਾਸਤ ਵਿੱਚ ਮਿਲੀ ਹੈ ਅਤੇ ਸਿੱਖ ਗੁਰੂ ਸਾਹਿਬਾਨ ਵਲੋਂ ਕੁਰਬਾਨੀਆਂ ਦੀਆਂ ਅਜਿਹੀਆਂ ਮਿਸਾਲਾਂ ਦਿੱਤੀਆਂ ਗਈਆਂ ਜਿਹੜੀਆਂ ਪੂਰੇ ਸੰਸਾਰ ਵਿੱਚ ਲਾਮਿਸਾਲ ਹਨ।
ਦੇਸ਼ ਦੀਆਂ ਸਰਹੱਦਾਂ ’ਤੇ ਏਕਤਾ ਤੇ ਅਖੰਡਤਾ ਦੀ ਰਾਖ਼ੀ ਕਰ ਰਹੇ ਬਹਾਦਰ ਸੈਨਿਕਾਂ ਦੀ ਗੱਲ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਦੇਸ਼ ਨੂੰ ਬਾਹਰੀ ਖ਼ਤਰਿਆਂ ਤੋਂ ਸੁਰੱਖਿਅਤ ਰੱਖਣ ਵਿੱਚ ਪੰਜਾਬੀਆਂ ਦੀ ਮਹੱਤਵਪੂਰਨ ਭੂਮਿਕਾ ਹੈ ਅਤੇ ਅੱਜ ਵੀ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਦੇਸ਼ ਦੀ ਸੁਰੱਖਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਨ੍ਹਾਂ ਆਸ ਕੀਤੀ ਕਿ ਸਾਡੇ ਸੂਬੇ ਵਿਚੋਂ ਦੇਸ਼ ਨੂੰ ਵੱਡੀ ਗਿਣਤੀ ਵਿੱਚ ਅਗਨੀਵੀਰ ਮਿਲਣਗੇ।
ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਕਿਹਾ ਕਿ ਪੰਜਾਬ ਨੇ ਨਾ ਸਿਰਫ਼ ਕੁਰਬਾਨੀਆਂ ਦਾ ਇਤਿਹਾਸ ਰਚਿਆ ਸਗੋਂ ਇਥੋਂ ਦੇ ਸਿਰੜੀ ਕਿਸਾਨਾਂ ਨੇ ਆਪਣੀ ਅਣਥੱਕ ਮਿਹਨਤ ਸਦਕਾ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆ ਕੇ ਅੰਨ ਭੰਡਾਰ ਭਰੇ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ 35 ਕਰੋੜ ਦੀ ਆਬਾਦੀ ਲਈ ਅੰਨ ਦੀ ਘਾਟ ਸੀ ਅਤੇ ਦੇਸ਼ ਬਾਹਰੋਂ ਅਨਾਜ ਮੰਗਵਾਉਣ ਨੂੰ ਮਜ਼ਬੂਰ ਸੀ ਪਰ ਅੱਜ 135 ਕਰੋੜ ਦੀ ਆਬਾਦੀ ਲਈ ਨਾ ਸਿਰਫ਼ ਭਰਪੂਰ ਅਨਾਜ ਹੈ ਸਗੋਂ ਬਰਾਮਦ ਵੀ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ।
ਪੰਜਾਬ ਦੇ 6 ਸਰਹੱਦੀ ਜ਼ਿਲਿ੍ਹਆਂ ਬਾਰੇ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਅਕਸਰ ਸਰਹੱਦ ਪਾਰੋਂ ਭਾਰੀ ਮਾਤਰਾ ਵਿੱਚ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੀਆਂ ਖ਼ਬਰਾਂ ਮਿਲਦੀਆਂ ਰਹਿੰਦੀਆਂ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਅਤੇ ਆਪਣੇ ਸੂਬੇ ਦੀ ਅੰਦਰੂਨੀ ਸੁਰੱਖਿਆ ਲਈ ਨਾ ਸਿਰਫ਼ ਪੁਲਿਸ ਸਗੋਂ ਸਾਨੂੰ ਸਾਰਿਆਂ ਨੂੰ ਵੀ ਚੌਕਸ ਰਹਿਣਾ ਚਾਹੀਦਾ ਹੈ।
ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਲੋਕਤੰਤਰ, ਗਣਤੰਤਰ ਅਤੇ ਸੰਵਿਧਾਨਿਕ ਕਦਰਾਂ-ਕੀਮਤਾਂ ਨੂੰ ਨੁਕਸਾਨ ਕਰਦਾ ਹੈ ਜੋ ਕਿ ਬਿਲਕੁਲ ਨਹੀਂ ਹੋਣਾ ਚਾਹੀਦਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੇ 350 ਦੇ ਕਰੀਬ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਇਨਾਤ ਆਈ.ਏ.ਐਸ. ਤੇ ਆਈ.ਪੀ.ਐਸ.ਅਧਿਕਾਰੀਆਂ ਨੂੰ ਖੁਦ ਪੱਤਰ ਲਿਖਕੇ ਸਾਫ਼-ਸੁਥਰੇ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇ ਸੰਕਲਪ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਭ੍ਰਿਸ਼ਟਾਚਾਰ ਰੂਪੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਲੋਕ ਆਪ ਮੁਹਾਰੇ ਅੱਗੇ ਆਉਣ
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਰੂਪੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਲੋਕ ਆਪ ਮੁਹਾਰੇ ਅੱਗੇ ਆਉਣ ਕਿਉਂਕਿ ਇਹ ਵੀ ਇਕ ਰਾਸ਼ਟਰ ਸੇਵਾ ਹੈ ਜਿਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਸਾਮਰਾਜ ਤੋਂ ਆਜ਼ਾਦੀ ਦਿਵਾਉਣ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਹੈ ਅਤੇ ਹੁਣ ਭ੍ਰਿਸ਼ਟਾਚਾਰ ਤੇ ਭ੍ਰਿਸ਼ਟਾਚਾਰੀਆਂ ਨੂੰ ਰੋਕਣ ਵਿੱਚ ਵੀ ਪੰਜਾਬ ਦੇ ਲੋਕ ਮਿਸਾਲ ਕਾਇਮ ਕਰਨ। ਉਨ੍ਹਾਂ ਨੇ ਅਪੀਲ ਕੀਤੀ ਕਿ ਸਾਰਿਆਂ ਨੂੰ ਹੱਕ-ਸੱਚ ਵਾਲੀ ਜੀਵਨ ਜਾਂਚ ਅਪਣਾਉਂਦਿਆਂ ਹਮੇਸ਼ਾਂ ਸੱਚ ’ਤੇ ਪੂਰਾ ਪਹਿਰਾ ਦੇਣਾ ਚਾਹੀਦਾ ਹੈ।
ਰਾਜਪਾਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਨੁਸੂਚਿਤ ਜਾਤੀ, ਪਛੜੇ ਵਰਗਾਂ, ਘੱਟ ਗਿਣਤੀਆਂ ਅਤੇ ਖਾਸ ਤੌਰ ’ਤੇ ਔਰਤਾਂ ਦੇ ਸਮਾਜਿਕ, ਰਾਜਨੀਤਿਕ, ਆਰਥਿਕ ਅਤੇ ਵਿਦਿਅਕ ਸਸ਼ਕਤੀਕਰਨ ਨੂੰ ਇਕ ਚੁਣੌਤੀ ਵਜੋਂ ਲੈਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰਿਆਂ ਲਈ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਨੂੰ ਪੂਰੀ ਤਵੱਜੋਂ ਦਿੱਤੀ ਜਾਣੀ ਚਾਹੀਦੀ ਹੈ।
ਇਸ ਉਪਰੰਤ ਰਾਜਪਾਲ ਨੇ ਆਈ.ਪੀ.ਐਸ. ਅਧਿਕਾਰੀ ਮਨਿੰਦਰ ਸਿੰਘ ਅਤੇ ਡੀ.ਐਸ.ਪੀ. ਮਾਧਵੀ ਸ਼ਰਮਾ ਦੀ ਅਗਵਾਈ ਵਿੱਚ ਨਿਕਲੇ ਮਾਰਚ ਪਾਸਟ ਤੋਂ ਸਲਾਮੀ ਲਈ। ਦੇਸ਼ ਭਗਤੀ ਦੇ ਗੀਤਾਂ ’ਤੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਕੀਤੀਆਂ ਪੇਸ਼ਕਾਰੀਆਂ ਦਾ ਆਨੰਦ ਮਾਨਣ ਉਪਰੰਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਵਰਨਰ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਰਾਜਪਾਲ ਨੇ ਲੋੜਵੰਦ ਲਾਭਪਾਤਰੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲ ਵੀ ਤਕਸੀਮ ਕੀਤੇ।
ਰਾਜ ਸਭਾ ਮੈਂਬਰ ਅਤੇ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ, ਵਿਧਾਇਕ ਬਲਕਾਰ ਸਿੰਘ, ਮੁੱਖ ਸਕੱਤਰ ਵੀ.ਕੇ.ਜੰਜੂਆ, ਡੀ.ਜੀ.ਪੀ. ਗੌਰਵ ਯਾਦਵ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ, ਏ.ਡੀ.ਜੀ.ਪੀ.(ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ, ਆਈ.ਜੀ. ਗੁਰਸਰਨ ਸਿੰਘ ਸੰਧੂ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਅੇਸ. ਐਸ. ਪੀ. ਦਿਹਾਤੀ ਸਵਰਨਦੀਪ ਸਿੰਘ ਤੋਂ ਇਲਾਵਾ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।