ਸੰਗਰੂਰ, 26 ਜਨਵਰੀ, 2024: ਦੇਸ਼ ਦੇ 75ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਸੰਗਰੂਰ ਦੇ ਪੁਲਿਸ ਲਾਈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੁੰਦਿਆਂ ਪੰਜਾਬ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਗਰੂਰ ਵਾਸੀਆਂ ਦੇ ਨਾਂ ਆਪਣਾ ਸੰਦੇਸ਼ ਦੌਰਾਨ ਕੈਬਨਿਟ ਮੰਤਰੀ ਨੇ ਦੇਸ਼ ਦੀਆਂ ਤਿੰਨੋ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਵੀਰਾਂ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਯੋਧੇ ਸਾਡੇ ਦੇਸ਼ ਦੀ ਪ੍ਰਭੂਸੱਤਾ ਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੀਤੀਆ ਜਾ ਰਹੀਆ ਵੱਖ-ਵੱਖ ਲੋਕ ਪੱਖੀ ਪਹਿਲਕਦਮੀਆਂ ਬਾਰੇ ਸਾਂਝ ਪਾਉਂਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਮਹਿਜ਼ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 39 ਹਜ਼ਾਰ 406 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 12 ਹਜ਼ਾਰ 710 ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ ਅਤੇ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵਾ ਸੌ ਹੋਰ ਆਮ ਆਦਮੀ ਕਲੀਨਿਕ ਖੋਲਣ ਦੀ ਤਿਆਰੀ ਹੈ ਅਤੇ ਅੱਜ ਤੋਂ ਬਾਅਦ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਦਵਾਈਆਂ ਦੇ ਨਾਲ ਮੁਫਤ ਐਕਸ ਰੇ ਅਤੇ ਅਲਟਰਾ ਸਾਊਂਡ ਦੀ ਸਹੂਲਤ ਮਿਲੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਨੂੰ ਜਾਰੀ ਰੱਖਦਿਆਂ ਮਾਰਚ 2022 ਤੋਂ ਦਸੰਬਰ 2023 ਤੱਕ ਕੁੱਲ 25 ਕਰੋੜ 79 ਲੱਖ ਮਹਿਲਾਵਾਂ ਨੂੰ 1202.49 ਕਰੋੜ ਰੁਪਏ ਦੀ ਲਾਗਤ ਨਾਲ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ। ਇਸ ਦੇ ਨਾਲ ਹੀ ਮਾਨ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਯੋਗ ਵਾਰਸਾਂ ਨੂੰ ਵੀ ਮੁਫ਼ਤ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਹੁਣ ਤੱਕ 2000 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ ਕਰੀਬ 12,316 ਏਕੜ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ।
ਇਸ ਮੌਕੇ ਉਨ੍ਹਾਂ ਸੰਗਰੂਰ ਜ਼ਿਲ੍ਹੇ ਦੀਆ ਅਹਿਮ ਪਹਿਲਕਦਮੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਜਿਸ ਵਿੱਚ 26 ਪਿੰਡਾਂ ਵਿੱਚ ਸਥਾਪਤ ਕੀਤੀਆਂ ਅਤਿ-ਆਧੁਨਿਕ ਪੇਂਡੂ ਲਾਇਬ੍ਰੇਰੀਆਂ, ਪੇਂਡੂ ਔਰਤਾਂ ਦੀ ਵਿੱਤੀ ਖੁਸ਼ਹਾਲੀ ਲਈ ਹਰੇਕ ਘਰ ਨੂੰ ਉਤਪਾਦਨ ਇਕਾਈ ਬਣਾਉਣ ਲਈ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੀ ‘ਪਹਿਲ’ ਸਕੀਮ, ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਅਤੇ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਵਿਦਿਆਰਥੀਆਂ ਦੀ ਪ੍ਰਤਿਭਾ ’ਚ ਨਿਖਾਰ ਲਿਆਉਣ ਲਈ ‘ਮਿਸ਼ਨ ਐਕਸੀਲੈਂਸ’, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਥਾਪਤ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਅਤੇ ਪਿੰਡਾਂ ਵਿੱਚ 425 ਏਕੜ ਰਕਬੇ ਵਿੱਚ ਰਵਾਇਤੀ ਰੁੱਖਾਂ ਦੇ 138 ਅੰਮ੍ਰਿਤ ਵਣ ਪ੍ਰਫੁਲਤ ਹੋਣ ਸਬੰਧੀ ਅਹਿਮ ਕਾਰਜ ਸ਼ਾਮਲ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੁਲਿਸ ਲਾਈਨ ਵਿਖੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਵਿਧਾਇਕ ਲਹਿਰਾ ਬਰਿੰਦਰ ਕੁਮਾਰ ਗੋਇਲ ਸਮੇਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੀ ਉਨ੍ਹਾਂ ਦੇ ਨਾਲ ਸਨ। ਪੁਲਿਸ ਲਾਈਨ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਇਸ ਦੌਰਾਨ ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਵੱਖ ਵੱਖ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਆਜ਼ਾਦੀ ਸੰਗਰਾਮੀਆਂ ਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਤਹਿਤ ਕੋਰੀਓਗ੍ਰਾਫੀ, ਗੱਤਕੇ, ਸਭਿਆਚਾਰਕ ਨਾਚਾਂ, ਜਿਮਨਾਸਟਿਕ ਦੀ ਪੇਸ਼ਕਾਰੀ ਕੀਤੀ ਗਈ ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਸਕੂਲੀ ਵਿਦਿਆਰਥੀਆਂ ਵੱਲੋਂ ਪੇਸ਼ ਲੋਕ ਨਾਚ ਗਿੱਧਾ ਤੇ ਲੋਕ ਨਾਚ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ। ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ। ਇਸ ਮੌਕੇ ਮੁੱਖ ਮਹਿਮਾਨ ਨੇ ਜ਼ਿਲਾ ਸੰਗਰੂਰ ਦੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ।
ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਮਿਤੀ 27 ਜਨਵਰੀ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਿਨ੍ਹਾਂ ਵਲੋਂ ਅੱਜ ਦੇ ਸਮਾਗਮ ਵਿੱਚ ਹਿੱਸਾ ਲਿਆ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਹਿਲ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਰਜਿੰਦਰ ਸਿੰਘ ਰਾਏ ਸਮੇਤ ਸਮੂਹ ਜ਼ੁਡੀਸ਼ੀਅਲ ਅਧਿਕਾਰੀ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਸਿੰਗਲਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਪ੍ਰੀਤ ਸਿੰਘ ਪੀਤੂ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਐਸਡੀਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ ਤੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ, ਸਕੂਲੀ ਵਿਦਿਆਰਥੀ, ਅਧਿਆਪਕ, ਸ਼ਹਿਰ ਵਾਸੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।