ਬਹਾਦਰਗੜ੍ਹ/ਪਟਿਆਲਾ 13 ਅਪ੍ਰੈਲ 2024: ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਖਾਲਸਾ ਸਾਜਨਾ ਦਿਹਾੜੇ ਨੂੰ ਸੰਗਤਾਂ ਨੇ ਗੁਰੂ ਘਰਾਂ ਵਿਚ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ ਅਤੇ ਕਤਾਰਾਂ ਵਿਚ ਲੱਗਕੇ ਗੁਰੂ ਪ੍ਰਤੀ ਆਸਥਾ ਪ੍ਰਗਟਾਈ।
ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਥੇ ਹੀ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਖਾਲਸਾ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਵੀ ਕੀਤੀ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜਿਥੇ ਸੰਗਤਾਂ ਨੇ ਖਾਲਸਾ ਸਾਜਨਾ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ, ਉਥੇ ਹੀ ਇਸ ਪਵਿੱਤਰ ਦਿਹਾੜੇ ’ਤੇ ਸੰਗਤਾਂ ਨੇ ਪੰਚਮੀ ਦੇ ਦਿਹਾੜੇ ਦੌਰਾਨ ਗੁਰੂ ਘਰ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ।
ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਹਾੜੇ ਦੀ ਵਧਾਈ ਦਿੱਤੀ ਅਤੇ ਦਸਮੇਸ਼ ਪਿਤਾ ਵੱਲੋਂ ਪ੍ਰਗਟ ਕੀਤੇ ਗਏ ਖਾਲਸਾ ਮੇਰੋ ਰੂਪ ਖ਼ਾਸ ਦੇ ਸਿਧਾਂਤ ’ਤੇ ਚਾਨਣਾ ਪਾਇਆ ਗਿਆ। ਇਸ ਦੌਰਾਨ ਹਜੂਰੀ ਰਾਗੀ ਕੀਰਤਨੀ ਭਾਈ ਜਸਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਗੁਰਦੁਆਰਾ ਬਹਾਦਰਗੜ੍ਹ ਵਿਖੇ ਸਾਲਾਨਾ ਜੋੜ ਮੇਲ ਦੌਰਾਨ ਸਜੇ ਦੀਵਾਨਾਂ ’ਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਉਚੇਚੇ ਤੌਰ ’ਤੇ ਕਰਵਾਏ ਧਾਰਮਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਤੇਜਿੰਦਰਪਾਲ ਸਿੰਘ ਸੰਧੂ, ਸਾਬਕਾ ਵਿਧਾਇਕ ਐਨ ਕੇ ਸ਼ਰਮਾ ਵੀ ਉਚੇਚੇ ਤੌਰ ’ਤੇ ਪੁੱਜੇ ਸਨ।
ਧਾਰਮਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਖਾਲਸਾ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਖਾਲਸੇ ਦੀ ਰਹਿਣੀ ਬਹਿਣੀ ਅਨੁਸਾਰ ਆਪਣਾ ਜੀਵਨ ਬਤੀਤ ਕਰੀਏ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਅਜਿਹੇ ਖਾਲਸੇ ਪੰਥ ਦੀ ਸਿਰਜਣਾ ਕੀਤੀ, ਜਿਸ ਦੀ ਦੁਨੀਆ ਦੇ ਕਿਸੇ ਵੀ ਧਰਮ ਵਿਚ ਮਿਸਾਲ ਨਹੀਂ ਮਿਲਦੀ ਹੈ। ਇਕੱਠ ’ਚ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਅੱਜ ਦਾ ਇਹ ਵਿਸ਼ੇਸ਼ ਦਿਨ ਖਾਲਸੇ ਦੇ ਸਿਧਾਂਤ ਨੂੰ ਅਪਣਾਉਣ ’ਤੇ ਜ਼ੋਰ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਵਾਲੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ। ਉਨ੍ਹਾਂ ਸੰਗਤਾਂ ਨੂੰ ਜਾਣੂੰ ਕਰਵਾਇਆ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ ’ਤੇ ਸੰਗਤਾਂ ਨੂੰ ਘਰਾਂ ਦੀਆਂ ਛੱਤਾਂ ’ਤੇ ਕੇਸਰੀ ਝੰਡੇ ਲਹਿਰਾ ਕੇ ਜ਼ਬਰ ਜ਼ੁਲਮ ਦੇ ਖਿਲਾਫ਼ ਇਕਜੁੱਟਤਾ ਦਾ ਪ੍ਰਮਾਣ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਨੇਕਾਂ ਧੱਕੇਸ਼ਾਹੀਆਂ ਦਾ ਸ਼ਿਕਾਰ ਹੋ ਚੁੱਕੀ ਹੈ, ਜਿਸ ਵਿਚੋਂ ਅਹਿਮ ਮਸਲਾ ਬੰਦੀ ਸਿੱਖਾਂ ਦਾ ਹੈ, ਜਿਨ੍ਹਾਂ ਨੇ ਸਜ਼ਾਵਾਂ ਪੂਰੀਆਂ ਕੀਤੀਆਂ ਪਰ ਫੇਰ ਵੀ ਸਰਕਾਰਾਂ ਉਨ੍ਹਾਂ ਦੀ ਰਿਹਾਈ ਨਹੀਂ ਕਰ ਰਹੀਆਂ |
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਅੱਜ ਅਜਿਹਾ ਮੁਹਾਜ ਸਿਰਜਣਾ ਚਾਹੀਦਾ ਹੈ,ਜਿਸ ਨਾਲ ਸਿੱਖ ਮਸਲਿਆਂ ਪ੍ਰਤੀ ਨਵੀਂ ਸਫਬੰਦੀ ਤਿਆਰ ਹੋ ਸਕੇ। ਧਾਰਮਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਇਸ ਦੌਰਾਨ ਮੈਨੇਜਰ ਕਰਨੈਲ ਸਿੰਘ ਵਿਰਕ, ਮੈਨੇ. ਸੁਰਜੀਤ ਸਿੰਘ, ਮੀਤ ਮੈਨੇ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸ. ਕਰਮ ਸਿੰਘ, ਸੁਪਰਵਾਈਜਰ ਜੋਗਾ ਸਿੰਘ, ਡਾਇਰੈਕਟਰ ਡਾ. ਚਮਕੌਰ ਸਿੰਘ, ਡਾ. ਸਤਿੰਦਰ ਸਿੰਘ, ਪ੍ਰਚਾਰਕ ਜਸਵੀਰ ਸਿੰਘ, ਜੰਗ ਸਿੰਘ ਇਟਲੀ, ਕੁਲਦੀਪ ਸਿੰਘ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਆਦਿ ਸਮੂਹ ਸਟਾਫ ਆਦਿ ਵੀ ਹਾਜ਼ਰ ਸਨ।
ਖਾਲਸਾ ਸਾਜਨਾ ਦਿਹਾੜੇ ਮੌਕੇ 500 ਦੇ ਕਰੀਬ ਸੰਗਤਾਂ ਨੂੰ ਕਰਵਾਇਆ ਗਿਆ ‘ਅੰਮ੍ਰਿਤ ਸੰਚਾਰ’ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੇ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ‘ਅੰਮਿ੍ਰਤ ਸੰਚਾਰ’ ਵੀ ਕਰਵਾਇਆ ਗਿਆ। ਪੰਜ ਪਿਆਰਿਆਂ ਪਾਸੋਂ 500 ਦੇ ਕਰੀਬ ਪ੍ਰਾਣੀਆਂ ਨੇ ‘ਅੰਮ੍ਰਿਤ’ ਦੀ ਦਾਤ ਹਾਸਲ ਕੀਤੀ ਅਤੇ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਦਾ ਪ੍ਰਣ ਕੀਤਾ। ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲਿਆਂ ’ਚ ਬੀਬੀਆਂ , ਬਜ਼ੁਰਗ, ਨੌਜਵਾਨ, ਬੱਚੇ ਆਦਿ ਵੀ ਸ਼ਾਮਲ ਸਨ।