ਸਨੌਰ/ਪਟਿਆਲਾ, 31 ਜੁਲਾਈ 2023: ਸ਼ਹੀਦ ਊਧਮ ਸਿੰਘ (Shaheed Udham Singh) ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਸਨੌਰ ਵਿਖੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਕੁਲਵੰਤ ਸਿੰਘ, ਗੁਰਦੇਵ ਸਿੰਘ ਦੇਵ ਮਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਸ਼ਹੀਦ ਊਧਮ ਸਿੰਘ ਪਾਰਕ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਦੇ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਰਦਾਰ ਊਧਮ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੇ ਦੇਸ਼ ਤੇ ਦੁਨੀਆ ਨੂੰ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਸ਼ਹੀਦ ਊਧਮ ਸਿੰਘ ਵੱਲੋਂ ਆਪਣਾ ਨਾਮ ਰਾਮ ਮੁਹੰਮਦ ਸਿੰਘ ਆਜ਼ਾਦ ਵਜੋਂ ਬਦਲਣਾ ਸ਼ਹੀਦ ਊਧਮ ਸਿੰਘ (Shaheed Udham Singh) ਦੇ ਧਰਮ ਨਿਰਪੱਖਤਾ ਦੇ ਸੰਦੇਸ਼ ਦੀਆਂ ਲੱਖਾਂ ਪਰਤਾਂ ਆਪਣੇ ਆਪ ‘ਚ ਸਮੋਈ ਬੈਠਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 21 ਸਾਲ ਬਾਅਦ ਸਰਦਾਰ ਊਧਮ ਸਿੰਘ ਉਦੋਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਇਕਲ ਓਡਵਾਇਰ ਨੂੰ ਮਾਰ ਕੇ ਬਦਲਾ ਲਿਆ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਅਣਖ ਤੇ ਗ਼ੈਰਤ ਨਾਲ ਸੇਵਾ ਕਰਨ ਲਈ ਪ੍ਰੇਰਤ ਕਰਦਾ ਰਹੇਗਾ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸੂਬੇ ਦੀ ਵਾਗਡੋਰ ਸੰਭਾਲਣ ਲਈ ਜਦੋਂ ਸਹੁੰ ਚੱਕੀ ਸੀ ਤਾਂ ਉਨ੍ਹਾਂ ਨੇ ਵੀ ਸ਼ਹੀਦਾਂ ਦੀ ਧਰਤੀ ਤੋਂ ਹੀ ਹਲਫ਼ ਲੈਕੇ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਝ ਕਰਨ ਗੁਜ਼ਰਨ ਵਾਲਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਂਦਾ ਹੈ।
ਇਸ ਮੌਕੇ ਹਲਕਾ ਸਨੌਰ ਦੇ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਨੇ ਪੁੱਜੀਆਂ ਸ਼ਖਸੀਅਤਾਂ ਦਾ ਸਵਾਗਤ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਉਨ੍ਹਾਂ ਇਸ ਮੌਕੇ ਪਾਰਕ ਦੇ ਰੱਖ ਰਖਾਅ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੂਰੇ ਹਲਕੇ ਦੇ ਵਿਕਾਸ ਲਈ ਮੁੱਖ ਮੰਤਰੀ ਖੁਦ ਦਿਲਚਸਪੀ ਲੈਕੇ ਇਲਾਕੇ ਲਈ ਕਰੋੜਾਂ ਰੁਪਏ ਦੇ ਫ਼ੰਡ ਜਾਰੀ ਕਰ ਰਹੇ ਹਨ। ਇਸ ਮੌਕੇ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ।
ਇਸ ਮੌਕੇ ਸਿਮਰਨਜੀਤ ਕੌਰ ਪਠਾਣਮਾਜਰਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਡਾ. ਓਕਾਰ ਸਿੰਘ, ਐਸ.ਪੀ. ਸਰਫ਼ਰਾਜ਼ ਆਲਮ, ਐਸ.ਡੀ.ਐਮ. ਇਸਮਿਤ ਵਿਜੈ ਸਿੰਘ, ਅਮਰਦੀਪ ਸਿੰਘ ਸੰਘੇੜਾ, ਜਰਨੈਲ ਸਿੰਘ ਰਾਜਪੂਤ, ਪਰਦੀਪ ਜੋਸਨ, ਬਲਜਿੰਦਰ ਸਿੰਘ ਨੰਦਗੜ, ਨਰਿੰਦਰ ਸਿੰਘ ਤੱਖਰ, ਜੱਗੀ ਸੰਘੇੜਾ, ਸੁਖਵਿੰਦਰ ਸਿੰਘ, ਮਨਿੰਦਰ ਸਿੰਘ ਫਰਾਂਸਵਾਲਾ, ਹਰਪ੍ਰੀਤ ਚੱਠਾ, ਗੁਰਮੀਤ ਸਿੰਘ ਭੁਨਰਹੇੜੀ, ਸੱਜਣ ਸਿੰਘ ਸਰੋਆ, ਹੈਪੀ, ਅਮਨ ਢੋਟ, ਪ੍ਰੀਤਪਾਲ ਸਿੰਘ, ਮਨਮੀਤ ਸਿੰਘ, ਅਮ੍ਰਿਤ ਚੌਰਾ, ਯੁਵਰਾਜ ਸਿੰਘ, ਸ਼ਾਮ ਸਿੰਘ, ਰਣਧੀਰ ਧੀਰੂ, ਡਾ. ਗੋਲਡੀ, ਮੁਲਖਰਾਜ, ਬਲਜੀਤ ਸਿੰਘ, ਰਜਤ ਕਪੂਰ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।