ਫਾਜ਼ਿਲਕਾ, 29 ਅਪ੍ਰੈਲ 2024: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ 24 ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫਤਾ (vaccination week) ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਖੂਈ ਖੇੜਾ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਬੀਬੀਆਂ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ 24 ਅਪ੍ਰੈਲ ਤੋਂ ਬਲਾਕ ਖੂਈ ਖੇੜਾ ਵਿੱਚ ਸ਼ੁਰੂ ਹੋ ਗਈ ਸੀ ਅਤੇ 30 ਅਪ੍ਰੈਲ ਤੱਕ ਨਿਰੰਤਰ ਜਾਰੀ ਰਹੇਗੀ।
ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫਾਜਿਲਕਾ ਜਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗ੍ਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹੋਰ ਬਿਮਾਰੀਆਂ ਤੋਂ ਵੀ ਮੁਕਤੀ ਪਾਈ ਜਾਵੇਗੀ।
ਉਹਨਾਂ ਦੱਸਿਆ ਕਿ ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਬੀਬੀਆਂ ਦਾ ਟੀਕਾਕਰਨ (vaccination week) ਕੀਤਾ ਜਾ ਰਿਹਾ ਹੈ, ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ, ਸਲੱਮ ਏਰੀਏ, ਭੱਠੇ, ਫੈਕਟਰੀਆਂ ਆਦਿ ਤੇ ਵੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਡਾ. ਗਾਂਧੀ ਨੇ ਸਮੂਹ ਲੋਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਬੀਬੀਆਂ ਦਾ ਟੀਕਾਕਰਨ ਕਰਵਾਇਆ ਜਾਵੇ।