July 4, 2024 6:22 pm
Aman Arora

ਡਾ.ਭੀਮ ਰਾਓ ਅੰਬੇਡਕਰ ਸਾਹਿਬ ਦੇ ਜਨਮ ਦਿਵਸ ਮੌਕੇ ਬਸਪਾ ਕਰੇਗੀ ਸੂਬਾ ਪੱਧਰੀ ਵਰਕਰ ਸੰਮੇਲਨ

ਚੰਡੀਗੜ੍ਹ 05 ਦਸੰਬਰ 2022: ਬਹੁਜਨ ਸਮਾਜ ਪਾਰਟੀ ਵੱਲੋਂ ਭਲਕੇ 6 ਦਸੰਬਰ ਨੂੰ ਸੰਵਿਧਾਨ ਨਿਰਮਾਤਾ ਬਾਬਾ ਸ੍ਰੀ ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ ਜਨਮ ਦਿਵਸ ਮੌਕੇ ਸੂਬਾ ਪੱਧਰੀ ਵਰਕਰ ਸੰਮੇਲਨ ਕਰੇਗੀ। ਇੱਥੋਂ ਜਾਰੀ ਇਕ ਬਿਆਨ ਵਿੱਚ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਪਾਰਟੀ ਵੱਲੋਂ ਸੂਬਾ ਪੱਧਰੀ ਵਰਕਰ ਸੰਮੇਲਨ ਕੀਤਾ ਜਾਵੇਗਾ।

ਇਸ ਸੰਮੇਲਨ ਲਈ ਸੂਬੇ ਭਰ ਵਿੱਚੋਂ ਪਾਰਟੀ ਵਰਕਰ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਲਿਖੇ ਗਏ ਸੰਵਿਧਾਨ ਉਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ, ਇਨ੍ਹਾਂ ਹਮਲਿਆਂ ਨੂੰ ਰੋਕਣ ਲਈ ਬਹੁਜਨ ਸਮਾਜ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਦੀ ਫੋਟੋ ਲਗਾ ਕੇ ਪਾਖੰਡ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਬਾ ਅੰਬੇਡਕਰ ਸਾਹਿਬ ਜੀ ਦੇ ਜਨਮ ਦਿਨ ਮੌਕੇ ਕੋਈ ਵੀ ਸਰਕਾਰੀ ਪ੍ਰੋਗਰਾਮ ਅਜੇ ਤੱਕ ਨਹੀਂ ਉਲੀਕਿਆ ਗਿਆ।

ਉਨ੍ਹਾਂ ਇਹ ਵੀ ਕਿਹਾ ਕਿ ‘ਆਪ’ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਲਗਾਤਾਰ ਬਾਬਾ ਸਾਹਿਬ ਵੱਲੋਂ ਦਿੱਤੇ ਗਏ ਰਾਖਵਾਂਕਰਨ ਦੇ ਅਧਿਕਾਰ ਉਤੇ ਹਮਲੇ ਕੀਤੇ ਹਨ, ਜੋਕਿ ਅਨੂਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀਆਂ ਨਾਲ ਧੋਖਾ ਹੈ। ਸ ਗੜ੍ਹੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲਾਅ ਅਫਸਰਾਂ ਦੀ ਭਰਤੀ, ਪੁਲਿਸ ਵਿਭਾਗ ਅਤੇ ਸਿੱਖਿਆ ਵਿਭਾਗ ਵਿੱਚ ਨਿਕਲੀਆਂ ਨੌਕਰੀਆਂ ਵਿਚ ਲਗਾਤਾਰ ਰਾਖਵਾਂਕਰਨ ਨੀਤੀ ਦੀਆਂ ਧੱਜੀਆਂ ਉਡਾਈਆਂ ਹਨ। ਉਨ੍ਹਾਂ ਸਮਾਜ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਇਸ ਦੋਗਲੇ ਚੇਹਰੇ ਨੂੰ ਬੇਨਕਾਬ ਕਰਨ ਲਈ ਲਾਮਬੰਦ ਹੋਣ ਅਤੇ ਬਾਬਾ ਸਾਹਿਬ ਦੀ ਸੋਚ ਉਤੇ ਪਹਿਰਾ ਦਿੰਦੇ ਹੋਏ ਆਪਣੇ ਹੱਕਾਂ ਲਈ ਲੜਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 9 ਅਕਤੂਬਰ ਬਹੁਜਨ ਸਮਾਜ ਪਾਰਟੀ ਵੱਲੋਂ ਬਸਪਾ ਬਾਨੀ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਮੌਕੇ ਖੰਨਾ ਵਿੱਚ ਸੂਬਾ ਪੱਧਰੀ ਸਮਾਗਮ ਕੀਤਾ ਗਿਆ ਸੀ। ਬਹੁਜਨ ਸਮਾਜ ਪਾਰਟੀ ਲਗਾਤਾਰ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੇਠਲੇ ਪੱਧਰ ਉਤੇ ਕੰਮ ਕਰ ਰਹੀ ਹੈ, ਜਿਸਦਾ ਸਬੂਤ ਦੋ ਮਹੀਨਿਆ ਵਿਚ ਲਗਾਤਾਰ ਦੂਜਾ ਸੂਬਾ ਪੱਧਰੀ ਪ੍ਰੋਗਰਾਮ ਕੀਤਾ ਜਾ ਰਿਹਾ ਹੈ।