ਐਸ.ਏ.ਐਸ.ਨਗਰ, 27 ਮਾਰਚ 2023: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ 27 ਮਾਰਚ 2023 ਨੂੰ ਵਿਸ਼ਵ ਰੰਗਮੰਚ ਦਿਹਾੜੇ (World Theater Day) ’ਤੇ ਤੇਰਾ ਸਿੰਘ ਚੰਨ ਅਤੇ ਗੁਰਸ਼ਰਨ ਭਾਅ ਦੀ ਨਿੱਘੀ ਯਾਦ ਨੂੰ ਸਮਰਪਿਤ ‘ਪੰਜਾਬੀ ਨਾਟਕ: ਵਰਤਮਾਨ ਦਸ਼ਾ ਅਤੇ ਦਿਸ਼ਾ ਵਿਸ਼ੇ ’ਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ।
ਸਮਾਗਮ ਦੀ ਪ੍ਰਧਾਨਗੀ ਉੱਘੇ ਨਾਟਕਕਾਰ ਅਤੇ ਨਿਰਦੇਸ਼ਕ ਦਵਿੰਦਰ ਸਿੰਘ ਦਮਨ ਵੱਲੋਂ ਕੀਤੀ ਗਈ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਾ. ਸਵੈਰਾਜ ਸੰਧੂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਬਦੀਸ਼ ਵੱਲੋਂ ਸ਼ਿਰਕਤ ਕੀਤੀ ਗਈ। ਡਾ. ਬਲਵਿੰਦਰ ਸਿੰਘ ਵੱਲੋਂ ‘ਪੰਜਾਬੀ ਨਾਟਕ : ਵਰਤਮਾਨ ਦਸ਼ਾ ਅਤੇ ਦਿਸ਼ਾ’ ਵਿਸ਼ੇ ’ਤੇ ਪਰਚਾ ਪੜ੍ਹਿਆ ਗਿਆ।
ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਤੇਰਾ ਸਿੰਘ ਚੰਨ ਅਤੇ ਗੁਰਸ਼ਰਨ ਭਾਅ ਦੀ ਨਾਟਕ ਨੂੰ ਦੇਣ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਨਾਟਕ ਹਰ ਇਨਸਾਨ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ।