ਚੰਡੀਗੜ੍ਹ 23 ਜੂਨ 2022: ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇੱਕ ਟਵੀਟ ਕਰਕੇ ਚੋਣ ਕਮਿਸ਼ਨ ਨੂੰ ਵੋਟ ਦਾ ਸਮਾਂ ਇੱਕ ਘੰਟਾ ਵਧਾਉਣ ਦੀ ਮੰਗ ਰੱਖੀ ਗਈ ਹੈ। ਮੁੱਖ ਮੰਤਰੀ ਦੀ ਇਸ ਮੰਗ ਨੂੰ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ (Kewal Singh Dhillon) ਨੇ ਗਲਤ ਕਰਾਰ ਦਿੱਤਾ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚੋਣ ਕਮਿਸ਼ਨ ਨਿਰਧਾਰਤ ਸਮੇਂ ਅਨੁਸਾਰ ਹੀ ਵੋਟ ਕਰਵਾਏ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਟਵੀਟ ਤੋਂ ਜ਼ਾਹਰ ਹੋ ਰਿਹਾ ਹੈ ਆਮ ਆਦਮੀ ਪਾਰਟੀ ਨੂੰ ਜ਼ਿਮਨੀ ਚੋਣ ਵਿੱਚ ਆਪਣੀ ਹਾਰ ਸਪੱਸ਼ਟ ਦਿਖਾਈ ਦੇ ਰਹੀ ਹੈ। ਜਿਸ ਕਰਕੇ ਮੁੱਖ ਮੰਤਰੀ ਮਾਨ ਵੋਟ ਪ੍ਰਕਿਰਿਆ ਇੱਕ ਘੰਟਾ ਵਧਾਉਣ ਦੀ ਗੱਲ ਕਹਿ ਰਹੇ ਹਨ।
ਇਨ੍ਹਾਂ ਹੀ ਨਹੀਂ ਉਨ੍ਹਾਂ ਕਿਹਾ ਕਿ ਇੱਕ ਘੰਟਾ ਵੋਟ ਪ੍ਰਕਿਰਿਆ ਵਧਾ ਕੇ ਆਮ ਆਦਮੀ ਪਾਰਟੀ ਆਪਣੀ ਪੰਜਾਬ ਵਿੱਚ ਸੱਤਾ ਦੇ ਦਬਾਅ ਨਾਲ ਸਰਕਾਰੀ ਮਸੀਨਰੀ ਦੀ ਦੁਰਵਰਤੋਂ ਕਰ ਸਕਦੀ ਹੈ, ਜਿਸ ਕਰਕੇ ਜਾਅਲੀ ਵੋਟਾਂ ਪਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕੇਵਲ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅਨੁਸਾਰ ਹੀ ਵੋਟਿੰਗ ਕਰਵਾਈ ਜਾਵੇ |