ਚੰਡੀਗੜ੍ਹ, 21 ਜਨਵਰੀ 2025: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਕਿਸਾਨ ਭਵਨ ਵਿਖੇ ਛਪੀ ਬੈਠਕ ਦੌਰਾਨ ਸੂਬੇ ‘ਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਹਰ 15 ਦਿਨਾਂ ਬਾਅਦ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸਦਾ ਉਦੇਸ਼ ਪੰਜਾਬ ‘ਚ ਚੱਲ ਰਹੀਆਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਖੇਤੀਬਾੜੀ ਨਾਲ ਸਬੰਧਤ ਯੋਜਨਾਵਾਂ ਦੀ ਨਿਗਰਾਨੀ ਅਤੇ ਮੁਲਾਂਕਣ ਕਰਨਾ ਹੈ ਤਾਂ ਜੋ ਸਮੇਂ ਸਿਰ ਲੋੜੀਂਦੇ ਸੁਧਾਰ ਕੀਤੇ ਜਾ ਸਕਣ।
ਉਨ੍ਹਾਂ ਨੇ ਕੱਲ੍ਹ ਸੱਤ ਜ਼ਿਲ੍ਹਿਆਂ ‘ਚ ਚੱਲ ਰਹੀਆਂ ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਸੀ ਅਤੇ ਬਾਕੀ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਅੱਜ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸੱਦਿਆ ਸੀ।
ਖੇਤੀਬਾੜੀ ਮੰਤਰੀ (Gurmeet Singh Khuddian) ਨੇ ਫੀਲਡ ਸਟਾਫ਼ ਨੂੰ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਉਪਜ ਯਕੀਨੀ ਬਣਾਉਣ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਵਿਭਾਗ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਅਤੇ ਇਸ ਦੀਆਂ ਪ੍ਰਾਪਤੀਆਂ ਨੂੰ ਜਾਣਨ ਲਈ ਨਿਯਮਤ ਰਿਪੋਰਟਿੰਗ ਦੀ ਲੋੜ ‘ਤੇ ਜ਼ੋਰ ਦਿੱਤਾ। ਇਸਦੇ ਨਾਲ ਹੀ ਪੰਦਰਵਾੜਾ ਰਿਪੋਰਟਿੰਗ ਪ੍ਰਣਾਲੀ ਵਿਭਾਗ ‘ਚ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਏਗੀ, ਜਿਸ ਨਾਲ ਸੂਬੇ ਭਰ ਦੇ ਕਿਸਾਨਾਂ ਨੂੰ ਕੁਸ਼ਲਤਾ ਅਤੇ ਬਿਹਤਰ ਸੇਵਾਵਾਂ ਮਿਲਣਗੀਆਂ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੀ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਦੇ ਟੀਚੇ ਕ੍ਰਮਵਾਰ 6100, 4800 ਅਤੇ 3700 ਨਿਰਧਾਰਤ ਕੀਤੇ ਗਏ ਸਨ। ਇਨ੍ਹਾਂ ‘ਚੋਂ ਹੁਣ ਤੱਕ 5082 ਬੀਜਾਂ, 2867 ਕੀਟਨਾਸ਼ਕ ਅਤੇ 2473 ਖਾਦ ਦੇ ਨਮੂਨੇ ਲਏ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ 141 ਬੀਜਾਂ ਦੇ ਨਮੂਨੇ ਗੁਣਵੱਤਾ ਜਾਂਚ ‘ਚ ਫੇਲ੍ਹ ਹੋਏ, 81 ਕੀਟਨਾਸ਼ਕਾਂ ਅਤੇ 78 ਖਾਦਾਂ ਦੇ ਨਮੂਨੇ ਵੀ ਮਿਆਰਾਂ ‘ਤੇ ਖਰੇ ਨਹੀਂ ਉਤਰੇ। ਵਿਭਾਗ ਨੇ ਉਨ੍ਹਾਂ ਡੀਲਰਾਂ/ਫਰਮਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਦੇ ਨਮੂਨੇ ਗੁਣਵੱਤਾ ਦੇ ਮਾਪਦੰਡਾਂ ‘ਤੇ ਖਰੇ ਨਹੀਂ ਉਤਰੇ।
ਪੰਜਾਬ ‘ਚ ਚਲਾਈਆਂ ਜਾ ਰਹੀਆਂ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਸਪਾਂਸਰ ਕੀਤੀਆਂ ਖੇਤੀਬਾੜੀ ਸਕੀਮਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਦੇ ਹੋਏ, ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਮੌਜੂਦਾ ਵਿੱਤੀ ਸਾਲ ਦੇ ਅੰਤ ਤੋਂ ਪਹਿਲਾਂ ਸਮਰੱਥ ਅਧਿਕਾਰੀਆਂ ਤੋਂ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ।
Read More: Mohali News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਨੇਟਾ ਵਿਖੇ ਦਾਣਾ ਮੰਡੀ ਦਾ ਰੱਖਿਆ ਨੀਂਹ ਪੱਥਰ