ਚੰਡੀਗੜ੍ਹ, 27 ਨਵੰਬਰ 2025: ਪੰਜਾਬ ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. (NOC) ਬਿਨਾਂ ਪਲਾਟਾਂ ਦੀ ਰਜਿਸਟਰੀ ਕਰਵਾਉਣ ਦੀ ਪ੍ਰਣਾਲੀ ਦੀ ਸਖ਼ਤੀ ਨਾਲ ਪਾਲਣਾ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਤਹਿਤ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਸ਼ਰਤ ਖਤਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਇਸ ਬਿੱਲ ਨੂੰ 3 ਸਤੰਬਰ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਉਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਸਬੰਧਤ ਨੋਟੀਫਿਕੇਸ਼ਨ ਜਾਰੀ ਕੀਤਾ ਸੀ।
ਮੰਤਰੀ ਨੇ ਕਿਹਾ ਕਿ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ 1 ਦਸੰਬਰ, 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨਿਆਂ ਦੀ ਮਿਆਦ ‘ਚ ਇਹ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਬੰਧੀ ਮਾਲ ਵਿਭਾਗ ਨੇ ਜ਼ਿਲ੍ਹਿਆਂ ਦੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਨੋਟੀਫਿਕੇਸ਼ਨ ਦੀ ਕਾਪੀ ਭੇਜ ਕੇ ਇਸ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਪ੍ਰਦਾਨ ਕਰਨਾ ਅਤੇ ਗੈਰ ਕਾਨੂੰਨੀ ਕਾਲੋਨੀਆਂ ‘ਤੇ ਸਖਤ ਨਿਯੰਤਰਣ ਨੂੰ ਯਕੀਨੀ ਬਣਾਉਣਾ ਹੈ। ਇਸ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਪਲਾਟਾਂ ਦੀ ਰਜਿਸਟਰੀ ਕਰਵਾਉਣ ‘ਚ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਅਣ-ਅਧਿਕਾਰਤ ਕਲੋਨੀਆਂ ਦੇ ਵਿਕਾਸ ਨੂੰ ਰੋਕਣਾ ਹੈ। ਇਸ ਕਾਨੂੰਨ ਤਹਿਤ ਅਪਰਾਧੀਆਂ ਲਈ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਵੀ ਕੀਤੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੋਧ ਮੁਤਾਬਕ 31 ਜੁਲਾਈ 2024 ਤੱਕ ਅਣਅਧਿਕਾਰਤ ਕਲੋਨੀ ‘ਚ ਸਥਿਤ 500 ਵਰਗ ਗਜ਼ ਤੱਕ ਦੇ ਖੇਤਰ ਲਈ ਕੋਈ ਵੀ ਵਿਅਕਤੀ ਜਿਸ ਕੋਲ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵਿਕਰੀ ਸਮਝੌਤਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਹੈ | ਉਸ ਵਿਅਕਤੀ ਨੂੰ ਲੈਂਡ ਰਜਿਸਟਰੀ ਲਈ ਨੋ ਆਬਜੈਕਸ਼ਨ ਸਰਟੀਫਿਕੇਟ (NOC) ਦੀ ਲੋੜ ਨਹੀਂ ਹੋਵੇਗੀ।