Site icon TheUnmute.com

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ਰੋਡਵੇਜ਼/PRTC ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚ ਇਕਸਾਰਤਾ ਲਿਆਉਣ ਅਤੇ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ ਕਰਨ ਦੇ ਹੁਕਮ

PRTC

ਚੰਡੀਗੜ੍ਹ, 16 ਮਈ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ।

ਇਥੇ ਪੰਜਾਬ ਭਵਨ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਤਨਖ਼ਾਹਾਂ ਵਿੱਚ ਇਕਸਾਰਤਾ ਅਤੇ ਵਾਧੇ ਦਾ ਮਾਮਲਾ ਵਿੱਤ ਵਿਭਾਗ ਕੋਲ ਹੈ। ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਲਾਏ ਇਤਰਾਜ਼ਾਂ ਤੋਂ ਬਾਅਦ ਟਰਾਂਸਪੋਰਟ ਵਿਭਾਗ ਵੱਲੋਂ ਜਵਾਬ ਵੀ ਦਾਖ਼ਲ ਕਰ ਦਿੱਤਾ ਗਿਆ ਹੈ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਉਹ ਵਿੱਤ ਵਿਭਾਗ ਨੂੰ ਪੱਤਰ ਲਿਖਣ ਅਤੇ ਨਿੱਜੀ ਤੌਰ ‘ਤੇ ਇਹ ਮਾਮਲਾ ਤੇਜ਼ੀ ਨਾਲ ਹੱਲ ਕਰਾਉਣ।

ਇਸੇ ਤਰ੍ਹਾਂ ਵਿਭਾਗ ਦੇ ਠੇਕੇਦਾਰ ਵੱਲੋਂ ਈ.ਪੀ.ਐਫ. ਅਤੇ ਈ.ਐਸ.ਆਈ ਦੀ ਬਣਦੀ ਰਕਮ ਸਬੰਧਤ ਅਦਾਰਿਆਂ ਵਿੱਚ ਜਮ੍ਹਾਂ ਕਰਾਉਣ ਵਿੱਚ ਦੇਰੀ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਠੇਕੇਦਾਰ ਨੂੰ ਪੈਨਲਟੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਜਿਸ ਪਿੱਛੋਂ ਠੇਕੇਦਾਰ ਨੇ ਬਣਦੀ ਰਕਮ ਜਮ੍ਹਾਂ ਕਰਵਾ ਦਿੱਤੀ ਹੈ। ਉਨ੍ਹਾਂ ਸਕੱਤਰ ਟਰਾਂਸਪੋਰਟ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਅੱਗੇ ਤੋਂ ਠੇਕੇਦਾਰ ਕੋਈ ਅਜਿਹੀ ਅਣਗਹਿਲੀ ਨਾ ਕਰੇ ਜਿਸ ਨਾਲ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਮੈਡੀਕਲ ਸਹੂਲਤਾਂ ਲੈਣ ਵਿੱਚ ਦਿੱਕਤ ਪੇਸ਼ ਆਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਯੂਨੀਅਨ ਵੱਲੋਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮੁਲਾਜ਼ਮਾਂ ਦੇ ਸਰਵਿਸ ਰੂਲ ਬਣਾਉਣ ਸਬੰਧੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਹਰ ਵਰਗ ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿੱਚ ਸਰਕਾਰ ਵੱਲੋਂ ਗਠਤ ਕੀਤੀ ਸਬ-ਕਮੇਟੀ ਦੀ ਰਿਪੋਰਟ ਆਉਣ ‘ਤੇ ਇਹ ਸਾਰੇ ਮਾਮਲੇ ਹੱਲ ਹੋ ਜਾਣਗੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਮੈਡਮ ਅਮਨਦੀਪ ਕੌਰ, ਟਰਾਂਸਪੋਰਟ ਅਤੇ ਵਿੱਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ।

Exit mobile version