July 2, 2024 8:38 pm
SSP Sidhu

ਜ਼ਿਲ੍ਹਾ ਚੋਣ ਅਫ਼ਸਰ ਤੇ SSP ਸਿੱਧੂ ਵਲੋਂ ਲਾਇਸੰਸੀ ਹਥਿਆਰ ਜਲਦ ਤੋਂ ਜਲਦ ਜਮ੍ਹਾ ਕਰਵਾਉਣ ਦੇ ਹੁਕਮ

ਚੰਡੀਗੜ੍ਹ 26 ਮਈ 2022: ਪੰਜਾਬ ਦੇ ਸੰਗਰੂਰ ਹਲਕੇ ‘ਚ 23 ਜੂਨ ਨੂੰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਅੱਜ ਯਾਨੀ ਵੀਰਵਾਰ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਹਾਜ਼ਰੀ ‘ਚ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ।

ਇਸ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਪੂਰੀ ਮੂਸਤੈਦੀ ਨਾਲ ਕੰਮ ਕੀਤਾ ਜਾਵੇ ਅਤੇ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਮੂਹ ਰਿਟਰਨਿੰਗ ਅਫ਼ਸਰ ਆਪੋ-ਆਪਣੇ ਖੇਤਰਾਂ ‘ਚ ਪੈਂਦੇ ਸੰਵੇਦਨਸ਼ੀਲ ਬੂਥਾਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਰਿਪੋਰਟ ਕਰਨ ਤਾਂ ਜੋ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖੀ ਜਾ ਸਕੇ।

ਇਸ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਅਕਤੀ ਗ਼ੈਰ-ਕਾਨੂੰਨੀ ਤੌਰ ‘ਤੇ ਜ਼ਿਲ੍ਹੇ ਅੰਦਰ ਸ਼ਰਾਬ ਨੂੰ ਸਟੋਰ ਜਾਂ ਇਸਦੀ ਵਿਕਰੀ ਨਾ ਕਰ ਸਕੇ। ਇਸਦਾ ਅਮਲ ਹੀ ਉਨ੍ਹਾਂ ਕਿਹਾ ਕਿ ਲਾਹਣ ਜਾਂ ਹੋਰ ਪਦਾਰਥਾਂ ਤੋਂ ਤਿਆਰ ਨਾਜਾਇਜ਼ ਸ਼ਰਾਬ ਦੀ ਵਿਕਰੀ ‘ਤੇ ਵੀ ਪੂਰਨ ਰੋਕ ਲਾਈ ਜਾਵੇ ਤੇ ਅਜਿਹੀਆਂ ਸ਼ੱਕੀ ਥਾਂਵਾਂ ‘ਤੇ ਨਿਯਮਿਤ ਤੌਰ ‘ਤੇ ਛਾਪੇਮਾਰੀ ਕੀਤੀ ਜਾਵੇ।

ਇਸ ਮੀਟਿੰਗ ਦੌਰਾਨ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ‘ਚੋਂ ਸਾਰੇ ਲਾਇਸੰਸੀ ਹਥਿਆਰ ਜਲਦ ਤੋਂ ਜਲਦ ਜਮ੍ਹਾ ਕਰਵਾ ਲਏ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨਾਲ ਲੱਗਦੀ ਅੰਤਰ ਰਾਜੀ ਹੱਦ ‘ਤੇ ਪੂਰੀ ਚੌਕਸੀ ਰੱਖੀ ਜਾਵੇ ਅਤੇ ਗਸ਼ਤ ਵਧਾਉਂਦੇ ਹੋਏ ਨਸ਼ਾ ਤਸਕਰੀ ਨੂੰ ਪੂਰੀ ਸਖ਼ਤੀ ਨਾਲ ਠੱਲ੍ਹ ਪਾਈ ਜਾਵੇ।