ਚੰਡੀਗੜ੍ਹ 13 ਅਪ੍ਰੈਲ 2022: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਅਜੇ ਵੀ ਘੱਟੋ-ਘੱਟ ਸਮਰਥਨ ਮੁੱਲ (MSP) ਮੁੱਦੇ ‘ਤੇ ਵਿਚਾਰ ਕਰਨ ਲਈ ਕਮੇਟੀ ਬਣਾਉਣ ਲਈ ਕਿਸਾਨ ਸੰਗਠਨਾਂ ਦੇ ਮੈਂਬਰਾਂ ਦੇ ਨਾਵਾਂ ਦੀ ਉਡੀਕ ਕਰ ਰਿਹਾ ਹੈ।
ਜਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਹੋਰ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਨਾਲ ਹੀ ਜ਼ੀਰੋ ਬਜਟ ਆਧਾਰਿਤ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਤਰੀਕੇ ਸੁਝਾਏ ਜਾਣਗੇ। ਤੋਮਰ ਨੇ ਇਕ ਪ੍ਰੋਗਰਾਮ ਦੌਰਾਨ ਕਿਹਾ, ”ਅਸੀਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਲਈ ਕਿਸਾਨ ਸੰਗਠਨਾਂ ਤੋਂ 2-3 ਮੈਂਬਰਾਂ ਦੇ ਨਾਂ ਮੰਗੇ ਸਨ। ਸਾਨੂੰ ਅਜੇ ਤੱਕ ਕੋਈ ਨਾਮ ਨਹੀਂ ਮਿਲਿਆ ਹੈ।”
ਮੰਤਰੀ ਨੇ ਕਿਹਾ ਕਿ ਕਮੇਟੀ ਦੇ ਗਠਨ ਵਿੱਚ ਕੋਈ ਦੇਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਉਨ੍ਹਾਂ 2-3 ਮੈਂਬਰਾਂ ਦੇ ਨਾਂ ਮਿਲਣ ਤੋਂ ਬਾਅਦ ਜਲਦੀ ਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਇਕ ਕਮੇਟੀ ਬਣਾਈ ਜਾਵੇਗੀ। ਉਹ ਮੈਂਬਰ ਕਿਸਾਨ ਜਥੇਬੰਦੀਆਂ ਦੀ ਨੁਮਾਇੰਦਗੀ ਕਰਨਗੇ। ਪਿਛਲੇ ਮਹੀਨੇ, ਤੋਮਰ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਸੀ ਕਿ ਸਰਕਾਰ ਐਮਐਸਪੀ (MSP) ‘ਤੇ ਇੱਕ ਕਮੇਟੀ ਬਣਾਉਣ ਦੀ ਪ੍ਰਕਿਰਿਆ ਵਿੱਚ ਹੈ। ਇਸ ਕਮੇਟੀ ਵਿੱਚ ਕੇਂਦਰ ਸਰਕਾਰ, ਸੂਬਾ ਸਰਕਾਰਾਂ, ਕਿਸਾਨ, ਖੇਤੀ ਵਿਗਿਆਨੀ ਅਤੇ ਖੇਤੀ ਅਰਥ ਸ਼ਾਸਤਰੀ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ।