ਅੰਮ੍ਰਿਤਸਰ, 28 ਅਕਤੂਬਰ 2023: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 30 ਅਕਤੂਬਰ ਨੂੰ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਵੀ ਸਜਾਇਆ ਗਿਆ, ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਈ | ਇਹ ਅਲੌਕਿਕ ਨਗਰ ਕੀਰਤਨ ਪੁਰਾਤਨ ਸ਼ਹਿਰ ਦੇ ਇਤਿਹਾਸਿਕ 12 ਦਰਵਾਜ਼ਿਆਂ ਦੇ ਬਾਹਰਵਰ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਸੰਪਨ ਹੋਵੇਗਾ। ਜਿਸ ਨੂੰ ਮੁੱਖ ਰੱਖਦੇ ਨਗਰ ਕੀਰਤਨ ਦੇ ਰੂਟ ‘ਤੇ ਰਸਤੇ ‘ਚ ਸੰਗਤਾਂ ਵੱਲੋਂ ਅਤਿ ਸੁੰਦਰ ਸਜਾਵਟ ਕੀਤੀ ਗਈ ਹੈ। ਇਸ ਦੇ ਨਾਲ ਹੀ ਰਾਹ ‘ਚ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਅਤੁੱਟ ਵਰਤਾਏ ਜਾਣਗੇ। ਵੱਡੀ ਗਿਣਤੀ ‘ਚ ਸੰਗਤਾਂ ਇਸ ਨਗਰ ਕੀਰਤਨ ਸ਼ਮੂਲੀਅਤ ਕਰਨਗੀਆਂ।
ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਪਿਛਲੇ 15 ਸਾਲ ਤੋਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੰਬਈ ਦੀ ਸੰਗਤ ਵੱਲੋਂ ਗੁਰੂ ਘਰ ਦੇ ਅੰਨਨ ਸੇਵਕ ਇਕਬਾਲ ਸਿੰਘ ਦੀ ਅਗਵਾਈ ਹੇਠ ਫੁੱਲਾਂ ਦੀ ਸਜਾਵਟ ਦੀ ਸੇਵਾ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਵੀ ਮੁੰਬਈ ਤੋਂ 100 ਦੇ ਕਰੀਬ ਸ਼ਰਧਾਲੂ ਅਤੇ ਕਲਕੱਤਾ, ਦਿੱਲੀ ਤੋਂ 100 ਤੋਂ ਵੱਧ ਕਾਰੀਗਰ ਸ੍ਰੀ ਦਰਬਾਰ ਸਾਹਿਬ ਪਹੁੰਚ ਚੁੱਕੇ ਹਨ।
ਅਤੇ ਇਸ ਦੌਰਾਨ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਉੱਪਰ ਹੈਲੀਕਾਪਟਰ ਦੇ ਨਾਲ ਸੁੰਦਰ ਫੁੱਲਾਂ ਦੀ ਵਰਖਾ ਵੀ ਕੀਤੀ ਗਈ ਜੋ ਕਿ ਮਨਮੋਹਕ ਦ੍ਰਿਸ਼ ਸੀ ਅਤੇ ਸੰਗਤਾਂ ਵੱਲੋਂ ਇਹ ਮਨਮੋਹਕ ਦ੍ਰਿਸ਼ ਆਪਣੇ ਮੋਬਾਇਲ ਫੋਨਾਂ ਦੇ ਵਿੱਚ ਵੀ ਕੈਦ ਕੀਤਾ ਗਿਆ।