July 7, 2024 3:32 pm
Sri Akal Takht Sahib

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ

ਅੰਮ੍ਰਿਤਸਰ, 08 ਜੂਨ 2023: ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦਾ ਸਥਾਪਨਾ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਕਮਲਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਸਥਾਪਨਾ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਸਥਾਪਿਤ ਇਹ ਉਹ ਤਖ਼ਤ ਹੈ, ਜਿਸ ਨੇ ਹਮੇਸ਼ਾ ਹੀ ਮਾਨਵਤਾ ਦੇ ਹੱਕਾਂ ਦੀ ਅਵਾਜ਼ ਨੂੰ ਬੁਲੰਦ ਕੀਤੀ । ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਅਜਿਹੀਆਂ ਕਈ ਘਟਨਾਵਾਂ ਮੌਜੂਦ ਹਨ, ਜਦੋਂ ਜ਼ਰੂਰਤਮੰਦ ਲੋਕਾਂ ਦੀ ਕਿਸੇ ਨੇ ਬਾਂਹ ਨਹੀਂ ਫੜ੍ਹੀ, ਤਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਹਾਰਾ ਦਿੱਤਾ।

ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜਨ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ ਗਿਆ |