ਐਸ.ਏ.ਐਸ ਨਗਰ 29 ਨਵੰਬਰ 2023: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ‘ਅਕਸ਼ਮ ਸੇ ਸਕਸ਼ਮ ਇੰਪਾਵਰਿੰਗ ਦ ਯੂਥ’ ਮੁਹਿੰਮ ਜੋ ਕਿ ਜਿਲ੍ਹੇ ਦੇ 20 ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਮਿਤੀ 20 ਨਵੰਬਰ 2023 ਤੋਂ 29 ਨਵੰਬਰ 2023 ਤੱਕ ਚਲਾਈ ਗਈ ਸੀ, ਦੇ ਸਮਾਪਤੀ ਸਮਾਰੋਹ ਮੌਕੇ ਗਿਆਨਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੌਜੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ (awareness program) ਕੀਤਾ ਗਿਆ।
ਇਸ ਪ੍ਰੋਗਰਾਮ ਵਿਚ ਅੱਠਵੀਂ, ਨੌਵੀਂ, ਦਸਵੀਂ ਅਤੇ ਗਿਆਰਵੀਂ ਜਮਾਤ ਦੇ 100 ਵਿਦਿਆਰਥੀ, ਜਿਨ੍ਹਾਂ ਦੀ ਚੋਣ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਅਤੇ ਅਦਾਲਤਾਂ ਦੇ ਵਿਵਹਾਰਕ ਕੰਮ-ਕਾਰ ਪ੍ਰਤੀ ਜਾਣਕਾਰੀ ਪ੍ਰਾਪਤ ਕਰਨ, ਜ਼ਿਲ੍ਹੇ ਦੇ ਥਾਣਿਆਂ ਵਿਚ ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਪ੍ਰਾਪਤ ਕਰਨ, ਬਿਰਧ ਅਤੇ ਅਨਾਥ ਆਸ਼ਰਮਾਂ ਵਿਚ ਰਹਿਣ ਵਾਲੇ ਬੱਚੇ ਅਤੇ ਬਜ਼ੁਰਗਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨ ਲਈ ਕੀਤੀ ਗਈ ਸੀ, ਨੇ ਭਾਗ ਲਿਆ। ਇਸ ਤੋਂ ਇਲਾਵਾ ਜਿਲ੍ਹੇ ਦੇ 50 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਵੀ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਏ।
ਸ੍ਰੀਮਤੀ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪ੍ਰੋਗਰਾਮ ਵਿਚ ਸ਼ਾਮਲ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ, ਅਪਰਾਧ ਪੀੜ੍ਹਤ ਸਕੀਮਾਂ, ਪੌਕਸੋ ਅਤੇ ਐਨ.ਡੀ.ਪੀ.ਐਸ ਕਾਨੂੰਨਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਹੋਰ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ (awareness program) ਕਰਨ।
ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਧੀਨ ਮਿਤੀ 20 ਨਵੰਬਰ 2023 ਨੂੰ ਜ਼ਿਲ੍ਹੇ ਵਿਚ ਕੈਂਪੇਨ ਦੀ ਸ਼ੁਰੂਆਤ ਕੀਤੀ ਗਈ।
ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਅਪਰਾਧ ਪੀੜ੍ਹਤ ਸਕੀਮਾਂ ਸਬੰਧੀ ਜਾਣਕਾਰੀ ਵੀ ਪ੍ਰਦਾਨ ਕੀਤੀ ਗਈ। ਸ੍ਰੀਮਤੀ ਨਵਪ੍ਰੀਤ ਕੌਰ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਐਸ.ਏ.ਐਸ ਨਗਰ ਵਲੋਂ ਵਿਦਿਆਰਥੀਆਂ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ) ਐਕਟ, ਬਲਾਤਕਾਰ ਅਤੇ ਪੌਕਸੋ ਐਕਟ ਦੇ ਕਾਨੂੰਨੀ ਪੱਖਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ।
ਡਾ.ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫਸਰ, ਐਸ.ਏ.ਐਸ ਨਗਰ ਵਲੋਂ ਪ੍ਰੋਗਰਾਮ ਵਿਚ ਸ਼ਾਮਲ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਕਿ ਮੁਹਿੰਮ ਦੌਰਾਨ ਉਨ੍ਹਾਂ ਨੇ ਜੋ ਕੁੱਝ ਸਿੱਖਿਆ ਹੈ, ਉਸ ਦੀ ਜਾਣਕਾਰੀ ਉਹ ਆਪਣੇ ਸਾਥੀ ਵਿਦਿਆਰਥੀਆਂ ਨਾਲ ਵੀ ਸਾਂਝਾ ਕਰਨ ਤਾਂ ਜੋ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸੰਦੇਸ਼ ਸਾਰੇ ਵਿਦਿਆਰਥੀਆਂ ਤੱਕ ਪਹੁੰਚ ਸਕੇ। ਇਸ ਮੌਕੇ ਤੇ ਸਰਕਾਰੀ ਹਾਈ ਸਕੂਲ, ਫੇਜ਼-5, ਮੋਹਾਲੀ ਦੇ ਵਿਦਿਆਰਥੀਆਂ ਵਲੋਂ ਇੱਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਵਿਚ ਬਿਰਧ ਆਸ਼ਰਮਾਂ ਵਿਚ ਰਹਿ ਰਹੇ ਬਜ਼ੁਰਗਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਗਿਆ।