3 ਨਵੰਬਰ 2025 : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਵੱਲੋਂ ਵੱਖ-ਵੱਖ ਸ਼ਾਖਾਵਾਂ ਵਿੱਚ ਆਮ ਜਨਤਾ ਅਤੇ ਹੋਰ ਹਿੱਸੇਦਾਰਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਲਗਾਏ ਗਏ ਕੈਂਪ ਦੇ ਦੂਜੇ ਅਤੇ ਆਖਰੀ ਦਿਨ, ਬਿਨੈਕਾਰਾਂ ਦੀ ਸੰਤੁਸ਼ਟੀ ਅਨੁਸਾਰ ਕੇਸਾਂ ਦਾ ਨਿਪਟਾਰਾ ਕੀਤਾ।
ਦੱਸ ਦੇਈਏ ਕਿ ਦੂਜੇ ਦਿਨ ਦੀ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਸਟੇਟ ਦਫ਼ਤਰ, ਲੇਖਾ ਸ਼ਾਖਾ, ਯੋਜਨਾਬੰਦੀ ਵਿੰਗ ਆਦਿ ਵਿੱਚ ਲੰਬਿਤ ਅਰਜ਼ੀਆਂ ‘ਤੇ ਲੋੜੀਂਦੀ ਕਾਰਵਾਈ ਕਰਕੇ 1,000 ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਹੇਠ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਪੂਰੀ ਪਾਰਦਰਸ਼ਤਾ ਨਾਲ ਆਮ ਜਨਤਾ ਅਤੇ ਹੋਰ ਹਿੱਸੇਦਾਰਾਂ ਨੂੰ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।
ਕੈਂਪ ਵਿੱਚ ਸ਼ਾਮਲ ਹੋਏ ਬਿਨੈਕਾਰਾਂ, ਜਿਨ੍ਹਾਂ ਦੇ ਕੇਸਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਸੀ, ਉਨ੍ਹਾਂ ਨੇ ਖੁਸ਼ੀ ਪ੍ਰਗਟ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੁੱਟੀਆਂ (ਸ਼ਨੀਵਾਰ ਅਤੇ ਐਤਵਾਰ) ਨੂੰ ਕੈਂਪ ਲਗਾਉਣ ਦਾ ਉਪਰਾਲਾ ਸ਼ਲਾਘਾਯੋਗ ਹੈ, ਕਿਉਂਕਿ ਉਹ ਅਕਸਰ ਨਿੱਜੀ ਰੁਝੇਵਿਆਂ ਕਾਰਨ ਕੰਮਕਾਜੀ ਦਿਨਾਂ ਵਿੱਚ ਗਮਾਡਾ ਦਫ਼ਤਰ ਨਹੀਂ ਆ ਸਕਦੇ।
ਗਮਾਡਾ ਦੀ ਮੁੱਖ ਪ੍ਰਸ਼ਾਸਕ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਹ ਦੋ-ਰੋਜ਼ਾ ਕੈਂਪ ਪ੍ਰਮੁੱਖ ਸਕੱਤਰ ਵਿਕਾਸ ਗਰਗ ਦੇ ਨਿਰਦੇਸ਼ਾਂ ਅਨੁਸਾਰ ਲੰਬਿਤ ਕੇਸਾਂ ਦਾ ਨਿਪਟਾਰਾ ਕਰਨ ਲਈ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਲੋੜ ਅਨੁਸਾਰ ਅਜਿਹੇ ਹੋਰ ਕੈਂਪ ਵੀ ਲਗਾਏ ਜਾਣਗੇ। ਕੈਂਪ ਨੂੰ ਸਫਲ ਬਣਾਉਣ ਲਈ ਗਮਾਡਾ ਦੀ ਪੂਰੀ ਟੀਮ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਗਮਾਡਾ ਜਨਤਾ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
Read More: ਪੰਜਾਬ ਸਰਕਾਰ ਨੇ ਰੀਅਲ ਅਸਟੇਟ ਸੈਕਟਰ ‘ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਲਈ ਸੈਕਟਰ-ਵਿਸ਼ੇਸ਼ ਕਮੇਟੀ ਬਣਾਈ




