Lal Chand Kataruchak

ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ‘ਚ ਨਿਰਵਿਘਨ ਚੱਲ ਰਹੀ ਹੈ ਝੋਨੇ ਦੀ ਲਿਫਟਿੰਗ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 23 ਅਕਤੂਬਰ 2024: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਦੱਸਿਆ ਕਿ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ 2024-25 ਬਾਬਤ ਝੋਨੇ ਦੇ ਭੰਡਾਰਨ ਅਤੇ ਮਿਲਿੰਗ ਲਈ 50 ਫੀਸਦੀ ਤੋਂ ਵੱਧ ਚੌਲ ਮਿੱਲਾਂ ਅਲਾਟ ਹੋਣ ਦੇ ਨਾਲ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਝੋਨੇ ਦੀ ਚੁਕਾਈ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 10 ਲੱਖ ਮੀਟਰਕ ਟਨ (266 ਲੱਖ ਬੋਰੀਆਂ) ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਅੱਜ ਪੰਜਾਬ ‘ਚ 2 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

ਕੈਬਨਿਟ ਮੰਤਰੀ (Lal Chand Kataruchak)  ਨੇ ਦੱਸਿਆ ਕਿ ਪੰਜਾਬ ਦੀਆਂ ਕੁੱਲ 5000 ਚੌਲ ਮਿੱਲਾਂ ‘ਚੋਂ 3,120 ਮਿੱਲਾਂ ਨੇ ਪਹਿਲਾਂ ਹੀ ਅਲਾਟਮੈਂਟ ਲਈ ਅਪਲਾਈ ਕੀਤਾ ਹੋਇਆ ਹੈ, ਜਿਨ੍ਹਾਂ ਵਿੱਚੋਂ 2522 ਚੌਲ ਮਿੱਲਾਂ ਅਲਾਟ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ 100 ਹੋਰ ਮਿੱਲਾਂ ਦੀ ਅਲਾਟਮੈਂਟ, ਜੋ ਕਿ ਪ੍ਰਕਿਰਿਆ ਅਧੀਨ ਹੈ, ਅੱਜ ਸ਼ਾਮ ਤੱਕ ਮੁਕੰਮਲ ਕਰ ਲਈ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਲਗਭਗ 1550 ਚੌਲ ਮਿੱਲਾਂ ਵੱਲੋਂ ਖਰੀਦੇ ਜਾ ਰਹੇ ਝੋਨੇ ਦੇ ਭੰਡਾਰਨ ਅਤੇ ਮਿਲਿੰਗ ਲਈ ਸਟੇਟ ਏਜੰਸੀਆਂ ਨਾਲ ਸਮਝੌਤੇ ਕੀਤੇ ਗਏ ਹਨ, ਜਦਕਿ ਲਗਭਗ 150 ਪ੍ਰਕਿਰਿਆ ਅਧੀਨ ਹਨ।

ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ | ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 38 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ‘ਚੋਂ 34.5 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੰਡੀਆਂ ‘ਚ ਝੋਨੇ ਦੀ ਆਮਦ ਲਗਭਗ 4.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਹੋ ਗਈ ਹੈ ਅਤੇ ਪੰਜਾਬ ‘ਚ ਰੋਜ਼ਾਨਾ ਔਸਤਨ 4.5 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ‘ਚ ਲਗਭਗ 5,683 ਕਰੋੜ ਰੁਪਏ ਪਹਿਲਾਂ ਹੀ ਸਿੱਧੇ ਟਰਾਂਸਫਰ ਕੀਤੇ ਜਾ ਚੁੱਕੇ ਹਨ।

 

Scroll to Top