ਦਿੱਲੀ, 23 ਜੁਲਾਈ 2025: ਸੰਸਦ ਦੇ ਮਾਨਸੂਨ ਸ਼ੈਸ਼ਨ ਵਿਚਾਲੇ ਅੱਜ ਰਾਜ ਸਭਾ ਦੀ ਵਪਾਰ ਸਲਾਹਕਾਰ ਕਮੇਟੀ (ਬੀਏਸੀ) ਦੀ ਬੈਠਕ ‘ਚ ਵਿਰੋਧੀ ਧਿਰ ਨੇ ਪਹਿਲਗਾਮ ਅੱ.ਤ.ਵਾ.ਦੀ ਹਮਲੇ ਅਤੇ ਆਪ੍ਰੇਸ਼ਨ ਸੰਧੂਰ ‘ਤੇ ਚਰਚਾ ਦੀ ਮੰਗ ਕੀਤੀ ਹੈ। ਵਿਰੋਧੀ ਧਿਰ ਨੇ ਕਿਹਾ ਕਿ ਅਗਲੇ ਹਫ਼ਤੇ ਤੋਂ ਦੋ ਦਿਨਾਂ ਲਈ ਰਾਜ ਸਭਾ ‘ਚ ਇਸ ਮੁੱਦੇ ‘ਤੇ 16 ਘੰਟੇ ਦੀ ਚਰਚਾ ਹੋਣੀ ਚਾਹੀਦੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਇਹ ਬੈਠਕ ਮਾਨਸੂਨ ਸੈਸ਼ਨ ਦੌਰਾਨ ਹੋਈ, ਜਿਸ ‘ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਰਾਜ ਸਭਾ ‘ਚ ਸਦਨ ਦੇ ਆਗੂ ਜੇ.ਪੀ. ਨੱਡਾ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਹਿੱਸਾ ਲਿਆ। ਬੈਠਕ ਦੀ ਪ੍ਰਧਾਨਗੀ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼ ਨੇ ਕੀਤੀ।
ਇਹ ਬੈਠਕ ਪਹਿਲਾਂ ਸੋਮਵਾਰ ਨੂੰ ਪ੍ਰਸਤਾਵਿਤ ਕੀਤੀ ਗਈ ਸੀ, ਪਰ ਉਸੇ ਸ਼ਾਮ ਨੂੰ ਉਪ ਪ੍ਰਧਾਨ ਜਗਦੀਪ ਧਨਖੜ ਦੇ ਅਸਤੀਫ਼ੇ ਕਾਰਨ ਇਸਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਬੈਠਕ ਤੋਂ ਬਾਅਦ, ਰਾਜ ਸਭਾ ‘ਚ ਕਾਂਗਰਸ ਦੇ ਡਿਪਟੀ ਲੀਡਰ ਪ੍ਰਮੋਦ ਤਿਵਾੜੀ ਨੇ ਕਿਹਾ ਕਿ ਵਿਰੋਧੀ ਧਿਰ ਨੇ ਸਰਬਸੰਮਤੀ ਨਾਲ ਮੰਗ ਕੀਤੀ ਕਿ ਪਹਿਲਗਾਮ ਹਮਲੇ ਅਤੇ ਆਪ੍ਰੇਸ਼ਨ ਸੰਧੂਰ ‘ਤੇ ਚਰਚਾ ਅਗਲੇ ਹਫ਼ਤੇ ਤੋਂ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ‘ਚ ਇਸ ‘ਤੇ ਚਰਚਾ ਸ਼ੁਰੂ ਹੋਣ ਤੋਂ ਇੱਕ ਦਿਨ ਬਾਅਦ ਰਾਜ ਸਭਾ ‘ਚ ਚਰਚਾ ਹੋਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਲੋਕ ਸਭਾ ‘ਚ 28 ਜੁਲਾਈ ਤੋਂ ਆਪ੍ਰੇਸ਼ਨ ਸਿੰਦੂਰ ‘ਤੇ ਚਰਚਾ ਸ਼ੁਰੂ ਹੋਵੇਗੀ। ਇਸ ‘ਤੇ ਸਦਨ ‘ਚ 16 ਘੰਟੇ ਚਰਚਾ ਹੋਵੇਗੀ। ਸੂਤਰਾਂ ਮੁਤਾਬਕ ਆਪ੍ਰੇਸ਼ਨ ਸੰਧੂਰ ‘ਤੇ ਚਰਚਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਜੂਦ ਰਹਿਣਗੇ। ਜਦੋਂ ਕਿ, ਰੱਖਿਆ ਮੰਤਰੀ ਰਾਜਨਾਥ ਸਿੰਘ ਇਸਦਾ ਜਵਾਬ ਦੇਣਗੇ।
Read More: Jagdeep Dhankhar: ਉਪ-ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਮਨਜੂਰ