July 2, 2024 9:34 pm
Imran Khan

ਪਾਕਿਸਤਾਨ: ਗੁਪਤ ਸੂਚਨਾ ਲੀਕ ਮਾਮਲੇ ‘ਚ ਸਾਬਕਾ PM ਇਮਰਾਨ ਖਾਨ ਤੇ ਮਹਿਮੂਦ ਕੁਰੈਸ਼ੀ ਨੂੰ 10-10 ਸਾਲ ਦੀ ਸਜ਼ਾ

ਚੰਡੀਗੜ੍ਹ, 30 ਜਨਵਰੀ 2024: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਗੁਪਤ ਸੂਚਨਾ ਲੀਕ ਕਰਨ ਦੇ ਮਾਮਲੇ ਵਿਚ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਦੋਵਾਂ ਨੂੰ ਅਧਿਕਾਰਤ ਸੀਕਰੇਟਸ ਐਕਟ ਦੇ ਤਹਿਤ ਗਠਿਤ ਵਿਸ਼ੇਸ਼ ਅਦਾਲਤ ਦੁਆਰਾ ਗੁਪਤ ਜਾਣਕਾਰੀ ਲੀਕ ਕਰਨ ਦਾ ਦੋਸ਼ੀ ਪਾਇਆ ਗਿਆ ਸੀ। ਇਮਰਾਨ ਖਾਨ (71 ਸਾਲ) ਅਤੇ ਸ਼ਾਹ ਮਹਿਮੂਦ ਕੁਰੈਸ਼ੀ (67 ਸਾਲ) ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਬੰਦ ਹਨ। ਇਮਰਾਨ ਖਾਨ ਅਤੇ ਸ਼ਾਹ ਮਹਿਮੂਦ ਕੁਰੈਸ਼ੀ ਜੇਲ੍ਹ ਤੋਂ ਹੀ ਅਦਾਲਤ ਦੀ ਸੁਣਵਾਈ ਵਿਚ ਹਾਜ਼ਰ ਹੋਏ।

ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇ ਇਸ ਫੈਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਪੀਟੀਆਈ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਸਦੀ ਕਾਨੂੰਨੀ ਟੀਮ ਇਸ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦੇਵੇਗੀ। ਪਾਰਟੀ ਨੇ ਦੋਸ਼ ਲਾਇਆ ਕਿ ਮਾਮਲੇ ਦੀ ਸੁਣਵਾਈ ਦੌਰਾਨ ਮੀਡੀਆ ਜਾਂ ਆਮ ਲੋਕਾਂ ਨੂੰ ਹਿੱਸਾ ਨਹੀਂ ਲੈਣ ਦਿੱਤਾ ਗਿਆ ਅਤੇ ਜਲਦਬਾਜ਼ੀ ਵਿੱਚ ਫੈਸਲਾ ਸੁਣਾਇਆ ਗਿਆ।

ਕੀ ਹੈ ਗੁਪਤ ਦਸਤਾਵੇਜ਼ ਲੀਕ ਮਾਮਲਾ?

ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ (Imran Khan) ਨੂੰ ਇੱਕ ਜਨਤਕ ਬੈਠਕ ਦੌਰਾਨ ਗੁਪਤ ਕੂਟਨੀਤਕ ਦਸਤਾਵੇਜ਼ਾਂ ਨੂੰ ਜਨਤਕ ਕਰਨ ਦਾ ਦੋਸ਼ੀ ਪਾਇਆ ਗਿਆ। ਇਹ ਘਟਨਾ ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਵਾਪਰੀ ਸੀ। ਜਿਸ ਦਸਤਾਵੇਜ਼ ਨੂੰ ਜਨਤਕ ਕੀਤਾ ਗਿਆ ਸੀ, ਉਹ ਅਮਰੀਕਾ ਵਿੱਚ ਪਾਕਿਸਤਾਨੀ ਦੂਤਾਵਾਸ ਵੱਲੋਂ ਭੇਜਿਆ ਗਿਆ ਸੀ। ਕਥਿਤ ਤੌਰ ‘ਤੇ ਇਮਰਾਨ ਖਾਨ ਤੋਂ ਉਹ ਦਸਤਾਵੇਜ਼ ਬਰਾਮਦ ਨਹੀਂ ਹੋਇਆ ਹੈ।

ਗੁਪਤ ਦਸਤਾਵੇਜ਼ਾਂ ਨੂੰ ਜਨਤਕ ਕਰਦੇ ਹੋਏ ਇਮਰਾਨ ਖਾਨ ਨੇ ਦੋਸ਼ ਲਗਾਇਆ ਸੀ ਕਿ ਅਮਰੀਕਾ ਦੇ ਇਸ਼ਾਰੇ ‘ਤੇ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਘਟਨਾ ਤੋਂ ਥੋੜ੍ਹੀ ਦੇਰ ਬਾਅਦ, ਅਪ੍ਰੈਲ 2022 ਵਿੱਚ, ਇਮਰਾਨ ਖਾਨ ਦੀ ਸਰਕਾਰ ਨੂੰ ਬੇਭਰੋਸਗੀ ਵੋਟ ਰਾਹੀਂ ਸੱਤਾ ਤੋਂ ਬਾਹਰ ਕਰ ਦਿੱਤਾ ਗਿਆ ਸੀ। ਇਮਰਾਨ ਖਾਨ ਦੇ ਸੱਤਾ ਤੋਂ ਬੇਦਖਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ 150 ਤੋਂ ਵੱਧ ਮਾਮਲੇ ਦਰਜ ਹਨ।

ਇਮਰਾਨ ਖਾਨ ਨੂੰ ਉਨ੍ਹਾਂ ਦੇ ਖਿਲਾਫ ਚੱਲ ਰਹੇ ਦੂਜੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਮਰਾਨ ਖਾਨ ਨੂੰ 5 ਅਗਸਤ ਨੂੰ ਤੋਸ਼ਾਖਾਨਾ ਮਾਮਲੇ ‘ਚ ਵੀ ਦੋਸ਼ੀ ਕਰਾਰ ਦਿੱਤਾ ਗਿਆ ਸੀ। ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ।