Sikh pilgrims

Pakistan: ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਖੁਸ਼ਖ਼ਬਰੀ, ਮਿਲੇਗਾ ਮੁਫ਼ਤ ਵੀਜ਼ਾ

ਚੰਡੀਗੜ੍ਹ, 03 ਨਵੰਬਰ 2024: ਪਾਕਿਸਤਾਨ (Pakistan) ਜਾਣ ਵਾਲੇ ਸਿੱਖ ਸ਼ਰਧਾਲੂਆਂ (Sikh pilgrims)  ਲਈ ਵੱਡੀ ਖੁਸ਼ਖ਼ਬਰੀ ਹੈ | ਪਾਕਿਸਤਾਨ ਸਰਕਾਰ ਨੇ ਵਿਦੇਸ਼ਾਂ ਤੋਂ ਗੁਰੂਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਵੀਜ਼ਾ ਫੀਸ ਖ਼ਤਮ ਕਰ ਦਿੱਤੀ ਹੈ। ਪਾਕਿਸਤਾਨ ਸਰਕਾਰ ਨੇ ਵੀ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਦਾ ਸਾਲਾਨਾ ਟੀਚਾ ਇੱਕ ਲੱਖ ਤੋਂ ਵਧਾ ਕੇ 10 ਲੱਖ ਕਰ ਦਿੱਤਾ ਹੈ।

ਇਸ ਬਾਰੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਕਿ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ 30 ਮਿੰਟਾਂ ਦੇ ਅੰਦਰ ਮੁਫਤ ਆਨਲਾਈਨ ਵੀਜ਼ਾ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਸਹੂਲਤ ਇਨ੍ਹਾਂ ਦੇਸ਼ਾਂ /ਚ ਵਸਦੇ ਭਾਰਤੀ ਮੂਲ ਦੇ ਸਿੱਖਾਂ ਨੂੰ ਵੀ ਮਿਲੇਗੀ। ਨਕਵੀ ਨੇ ਐਲਾਨ ਕੀਤਾ ਕਿ ਪਾਕਿਸਤਾਨ ‘ਚ ਕਈ ਸਿੱਖ ਵਿਰਾਸਤੀ ਥਾਵਾਂ ਨੂੰ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ। ਇਸ ਦੇ ਲਈ ਕਿਸੇ ਪਰਮਿਟ ਦੀ ਲੋੜ ਨਹੀਂ ਹੋਵੇਗੀ।

ਨੌਜਵਾਨ ਪੀੜ੍ਹੀ ਨੂੰ ਆਕਰਸ਼ਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੰਦੇ ਹੋਏ ਨਕਵੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ (Sikh pilgrims) ਦੀ ਗਿਣਤੀ ਸਾਲਾਨਾ ਇਕ ਲੱਖ ਤੋਂ ਵਧਾ ਕੇ 10 ਲੱਖ ਕਰਨ ਦੀ ਇੱਛਾ ਪ੍ਰਗਟਾਈ। ਨਕਵੀ ਨੇ ਇਹ ਵੀ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ 124 ਦੇਸ਼ਾਂ ਦੇ ਨਾਗਰਿਕਾਂ ਲਈ ਮੁਫਤ ਵੀਜ਼ਾ ਸਹੂਲਤ ਸ਼ੁਰੂ ਕੀਤੀ ਹੈ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਲਾਂਘੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਸੀ। ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਦੀ ਪਾਕਿਸਤਾਨ ਫੇਰੀ ਤੋਂ ਕੁਝ ਦਿਨ ਬਾਅਦ ਭਾਰਤ ਅਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤੇ ਨੂੰ ਅਗਲੇ ਪੰਜ ਸਾਲਾਂ ਲਈ ਵਧਾ ਦਿੱਤਾ ਗਿਆ ਸੀ। ਇਸ ਸੰਬੰਧੀ ਪੁਸ਼ਟੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੀਤੀ ਸੀ |

ਐਸ ਜੈਸ਼ੰਕਰ ਨੇ ਐਕਸ ‘ਤੇ ਇੱਕ ਪੋਸਟ ਸਾਂਝੀ ਕਰਕੇ ਦੱਸਿਆ ਸੀ ਕਿ ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਸਮਝੌਤੇ ਦਾ ਨਵੀਨੀਕਰਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਸਾਡੇ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਤੱਕ ਪਹੁੰਚ ਦੀ ਸਹੂਲਤ ਜਾਰੀ ਰੱਖੇਗੀ।

ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਪ੍ਰੈਸ ਬਿਆਨ ‘ਚ ਕਿਹਾ ਗਿਆ ਕਿ “ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤੇ ਦੀ ਵੈਧਤਾ ਨੂੰ ਪੰਜ ਸਾਲਾਂ ਲਈ ਵਧਾਉਣ ਲਈ ਭਾਰਤ ਅਤੇ ਪਾਕਿਸਤਾਨ ਦਰਮਿਆਨ ਕੂਟਨੀਤਕ ਚੈਨਲਾਂ ਰਾਹੀਂ ਸਹਿਮਤੀ ਬਣੀ ਹੈ। ਭਾਰਤ ਤੋਂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ (Sri Kartarpur Sahib), ਨਾਰੋਵਾਲ, ਪਾਕਿਸਤਾਨ ਤੱਕ ਯਾਤਰਾ ਦੀ ਸਹੂਲਤ ਲਈ ਭਾਰਤ ਅਤੇ ਪਾਕਿਸਤਾਨ ਵਿਚਕਾਰ 24 ਅਕਤੂਬਰ 2019 ਨੂੰ ਹਸਤਾਖਰ ਕੀਤੇ ਗਏ ਸਨ ਅਤੇ ਇਹ ਪੰਜ ਸਾਲਾਂ ਦੀ ਮਿਆਦ ਲਈ ਵੈਧ ਸੀ।

ਪਾਕਿਸਤਾਨ ਦੁਆਰਾ ਪ੍ਰਤੀ ਯਾਤਰਾ 20 ਅਮਰੀਕੀ ਡਾਲਰ ਪ੍ਰਤੀ ਸ਼ਰਧਾਲੂ (Sikh pilgrims) ਦੇ ਸਰਵਿਸ ਚਾਰਜ ਨੂੰ ਹਟਾਉਣ ਸੰਬੰਧੀ ਸ਼ਰਧਾਲੂਆਂ ਦੀਆਂ ਲਗਾਤਾਰ ਬੇਨਤੀਆਂ ਦੇ ਮੱਦੇਨਜ਼ਰ, ਭਾਰਤ ਨੇ ਇਕ ਵਾਰ ਫਿਰ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਰਧਾਲੂਆਂ ‘ਤੇ ਕੋਈ ਫੀਸ ਜਾਂ ਚਾਰਜ ਨਾ ਲਗਾਏ।

Scroll to Top