Bilawal Bhutto

ਗੋਆ SCO ਸੰਮੇਲਨ ‘ਚ ਭਾਗ ਲੈਣ ਲਈ ਭਾਰਤ ਆਉਣਗੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ

ਚੰਡੀਗੜ੍ਹ , 20 ਅਪ੍ਰੈਲ 2023: ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ (Bilawal Bhutto) 4 ਅਤੇ 5 ਮਈ ਨੂੰ ਭਾਰਤ ਆਉਣਗੇ। ਉਹ ਇੱਥੇ ਗੋਆ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ । ਦੱਸਿਆ ਗਿਆ ਹੈ ਕਿ ਬਿਲਾਵਲ ਦੇ ਨਾਲ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਭਾਰਤ ਦਾ ਦੌਰਾ ਕਰੇਗਾ।

ਜਿਕਰਯੋਗ ਹੈ ਕਿ ਜੇਕਰ ਪਾਕਿਸਤਾਨੀ ਵਿਦੇਸ਼ ਮੰਤਰੀ ਨਿੱਜੀ ਤੌਰ ‘ਤੇ ਇਸ ਬੈਠਕ ‘ਚ ਸ਼ਾਮਲ ਹੋਣ ਲਈ ਆਉਂਦੇ ਹਨ ਤਾਂ 2011 ਤੋਂ ਬਾਅਦ ਇਸਲਾਮਾਬਾਦ ਤੋਂ ਕਿਸੇ ਵਿਦੇਸ਼ ਮੰਤਰੀ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ। 2011 ਵਿੱਚ ਪਾਕਿਸਤਾਨੀ ਵਿਦੇਸ਼ ਮੰਤਰੀ ਹਿਨਾ ਰੱਬਾਨੀ ਖਾਰ ਨੇ ਭਾਰਤ ਦਾ ਦੌਰਾ ਕੀਤਾ ਸੀ। ਰੱਬਾਨੀ ਖਾਰ ਇਸ ਸਮੇਂ ਵਿਦੇਸ਼ ਰਾਜ ਮੰਤਰੀ ਵਜੋਂ ਸੇਵਾ ਨਿਭਾਅ ਰਹੇ ਹਨ।

ਹਾਲਾਂਕਿ, ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਤਤਕਾਲੀ ਪ੍ਰਧਾਨ ਮੰਤਰੀ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਮਈ 2014 ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਇਸ ਤੋਂ ਬਾਅਦ ਦਸੰਬਰ 2015 ਵਿੱਚ ਭਾਰਤ ਦੀ ਤਤਕਾਲੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਦਾ ਦੌਰਾ ਕੀਤਾ ਅਤੇ ਕੁਝ ਦਿਨਾਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਗੁਆਂਢੀ ਦੇਸ਼ ਦਾ ਸੰਖੇਪ ਦੌਰਾ ਕੀਤਾ।

ਬਿਲਾਵਲ ਨੇ PM ਮੋਦੀ ਬਾਰੇ ਦਿੱਤਾ ਸੀ ਵਿਵਾਦਤ ਬਿਆਨ

ਇਸ ਤੋਂ ਪਹਿਲਾਂ ਦਸੰਬਰ 2022 ਵਿੱਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ (Bilawal Bhutto) ਜ਼ਰਦਾਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਇੱਕ ਵਿਵਾਦਿਤ ਬਿਆਨ ਦਿੱਤਾ ਸੀ। ਇਸ ਕਾਰਨ ਉਨ੍ਹਾਂ ਨੂੰ ਆਪਣੇ ਹੀ ਦੇਸ਼ ਵਿੱਚ ਆਲੋਚਨਾ ਦਾ ਸ਼ਿਕਾਰ ਹੋਣਾ ਪਿਆ। ਦਰਅਸਲ ਸੰਯੁਕਤ ਰਾਸ਼ਟਰ ਦੀ ਬੈਠਕ ‘ਚ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪਾਕਿਸਤਾਨ ‘ਤੇ ਅੱਤਵਾਦ ਨੂੰ ਹੱਲਾਸ਼ੇਰੀ ਦੇਣ ਦਾ ਦੋਸ਼ ਲਗਾਇਆ ਸੀ। ਜਿਸ ਦੇ ਜਵਾਬ ‘ਚ ਬਿਲਾਵਲ ਭੁੱਟੋ ਨੇ ਪੀਐੱਮ ਮੋਦੀ ‘ਤੇ ਵਿਵਾਦਿਤ ਬਿਆਨ ਦਿੱਤਾ ਹੈ।

Scroll to Top