ਚੰਡੀਗੜ੍ਹ, 09 ਮਈ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਹਾਈਕੋਰਟ ਦੇ ਬਾਹਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਪਾਕਿਸਤਾਨ ਰੇਂਜਰਾਂ ਵੱਲੋਂ ਕੀਤੀ ਗਈ ਹੈ। ਜਦੋਂ ਇਮਰਾਨ ਅਲ-ਕਾਦਿਰ ਟਰੱਸਟ ਮਾਮਲੇ ‘ਚ ਪੇਸ਼ ਹੋਣ ਲਈ ਹਾਈਕੋਰਟ ਪਹੁੰਚਿਆ ਤਾਂ ਉਨ੍ਹਾਂ ਨੂੰ ਪਾਕਿਸਤਾਨ ਰੇਂਜਰਾਂ ਨੇ ਹਿਰਾਸਤ ‘ਚ ਲੈ ਲਿਆ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਵਕੀਲ ਫੈਜ਼ਲ ਚੌਧਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੂਜੇ ਪਾਸੇ ਪੀਟੀਆਈ ਆਗੂ ਮੁਸਰਤ ਚੀਮਾ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਹ ਇਮਰਾਨ ਖਾਨ ਨਾਲ ਕੁੱਟਮਾਰ ਕਰ ਰਹੇ ਹਨ। ਉਨ੍ਹਾਂ ਨੇ ਇਮਰਾਨ ਸਾਹਬ ਨਾਲ ਕੁਝ ਕੀਤਾ ਹੈ। ਜਾਣਕਾਰੀ ਮੁਤਾਬਕ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਹੈ। ਅਦਾਲਤ ਦੇ ਬਾਹਰ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖਾਨ ਦੇ ਵਕੀਲ ਅਤੇ ਸਮਰਥਕਾਂ ਦੀ ਵੀ ਕੁੱਟਮਾਰ ਕੀਤੀ ਗਈ ਹੈ।
ਅਲ-ਕਾਦਿਰ ਟਰੱਸਟ ਮਾਮਲਾ ਕੀ ਹੈ ?
ਇਮਰਾਨ (Imran Khan) ਨੂੰ ਅਲ-ਕਾਦਿਰ ਟਰੱਸਟ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਯੂਨੀਵਰਸਿਟੀ ਨਾਲ ਸਬੰਧਤ ਮਾਮਲਾ ਹੈ। ਇਮਰਾਨ ਨੇ ਪ੍ਰਧਾਨ ਮੰਤਰੀ ਵਜੋਂ ਇਸ ਯੂਨੀਵਰਸਿਟੀ ਨੂੰ ਕਰੋੜਾਂ ਰੁਪਏ ਦੀ ਜ਼ਮੀਨ ਗ਼ੈਰ-ਕਾਨੂੰਨੀ ਢੰਗ ਨਾਲ ਦਿੱਤੀ ਸੀ। ਇਸ ਮਾਮਲੇ ਦਾ ਖੁਲਾਸਾ ਪਾਕਿਸਤਾਨ ਦੀ ਸਭ ਤੋਂ ਅਮੀਰ ਸ਼ਖਸੀਅਤ ਮਲਿਕ ਰਿਆਜ਼ ਨੇ ਕੀਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਇਮਰਾਨ ਅਤੇ ਉਸ ਦੀ ਪਤਨੀ ਨੇ ਗ੍ਰਿਫਤਾਰੀ ਦਾ ਡਰ ਦਿਖਾ ਕੇ ਅਰਬਾਂ ਰੁਪਏ ਦੀ ਜ਼ਮੀਨ ਆਪਣੇ ਨਾਂ ਕਰਵਾ ਲਈ।