ਚੰਡੀਗੜ੍ਹ, 25 ਸਤੰਬਰ 2024: ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਅੱਜ ਪੰਜਾਬ ‘ਚ ਪੰਚਾਇਤੀ ਚੋਣਾਂ (Panchayat elections) ਸਬੰਧੀ ਐਲਾਨ ਹੋ ਸਕਦਾ ਹੈ | ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਦੌਰਾਨ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ।
ਜਿਕਰਯੋਗ ਹੈ ਕਿ ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ (Panchayat elections) ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ‘ਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ। ਕੁਝ ਦਿਨਾਂ ‘ਚ ਹੀ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਜਵਾਬ ਦਿੰਦਿਆਂ ਇਨ੍ਹਾਂ ਨੂੰ ਛੇਤੀ ਕਰਵਾਉਣ ਲਈ ਕਿਹਾ ਸੀ।
ਜਿਕਰਯੋਗ ਹੈ ਕਿ ਪੰਜਾਬ ਦੀਆਂ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਸੰਮਤੀਆਂ ‘ਚੋਂ 76 ਨੂੰ ਵੀ ਭੰਗ ਕਰ ਦਿੱਤਾ ਸੀ।
ਪੰਜਾਬ ‘ਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ। ਪੰਜਾਬ ‘ਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ‘ਚ ਹਨ, ਜਦੋਂ ਕਿ ਪਟਿਆਲਾ ‘ਚ 1022 ਪੰਚਾਇਤਾਂ ਹਨ। ਪਿਛਲੇ ਸਾਲ ਦਸੰਬਰ ਤੋਂ ਭੰਗ ਹੋਈਆਂ ਪੰਚਾਇਤਾਂ ਦੀਆਂ ਚੋਣਾਂ ਅਜੇ ਬਾਕੀ ਹਨ।