Site icon TheUnmute.com

ਬਲਾਕ ਮੂਨਕ ਵਿਖੇ ਪੰਚਾਇਤ ਸਕੱਤਰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau

ਚੰਡੀਗੜ੍ਹ, 8 ਜਨਵਰੀ 2025: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਦੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ|

ਵਿਜੀਲੈਂਸ ਬਿਊਰੋ (Vigilance Bureau) ਨੇ ਇਸ ਮਾਮਲੇ ‘ਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, ਪਟਿਆਲਾ ਦੇ ਦਫ਼ਤਰ ‘ਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਨਾਮਜ਼ਦ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਸਰਕਾਰੀ ਮੁਤਾਬਕ ਉਕਤ ਮੁਲਜ਼ਮ ਨੂੰ ਗੁਰਵਿੰਦਰ ਸਿੰਘ ਵਾਸੀ ਪਿੰਡ ਮਹਾਂ ਸਿੰਘ ਵਾਲਾ, ਮੂਨਕ ਜੋ ਕਿ ਸਾਬਕਾ ਸਰਪੰਚ ਦਾ ਪਤੀ ਹੈ, ਉਸਦੀ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਹੈ|

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਾਇਆ ਸੀ ਕਿ ਉਕਤ ਪੰਚਾਇਤ ਸਕੱਤਰ ਨੇ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਬਦਲੇ 20 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਕਿਹਾ ਇਹ ਰਿਸ਼ਵਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ।

ਵਿਜੀਲੈਂਸ ਮੁਤਾਬਕ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਜਾਂਚ ਕਰਨ ‘ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਤਹਿਤ ਉਕਤ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ‘ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ|

ਇਸ ਸਬੰਧੀ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਅਤੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ‘ਚ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

Read More: ਮੋਹਾਲੀ ਵਾਸੀਆਂ ਨੂੰ HMPV ਵਾਇਰਸ ਤੋਂ ਡਰਨ ਦੀ ਲੋੜ ਨਹੀਂ, ਟੈਸਟਿੰਗ ਸਹੂਲਤ ਉਪਲਬੱਧ: DC ਆਸ਼ਿਕਾ ਜੈਨ

Exit mobile version