ਸੰਗਰੂਰ, 19 ਨਵੰਬਰ 2024: ਅੱਜ ਪੰਜਾਬ ਦੇ 19 ਜ਼ਿਲ੍ਹਿਆਂ ‘ਚ ਨਵੇਂ ਚੁਣੇ ਗਏ ਪੰਚਾਂ (Panchs) ਨੂੰ ਸਹੁੰ ਸਮਾਗਮ ਕਰਵਾਏ | ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਦੱਸਿਆ ਕਿ 8 ਨਵੰਬਰ ਨੂੰ ਲੁਧਿਆਣਾ ਵਿਖੇ ਹੋਏ ਸਮਾਗਮ ਦੌਰਾਨ ਸੂਬੇ ਦੇ 10031 ਨਵੇਂ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ ਸੀ। ਇਸੇ ਤਹਿਤ ਅੱਜ ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਹੈ |
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਕੇਂਦਰਾਂ’ ‘ਚ ਬਦਲਣ ਲਈ ਉਤਪ੍ਰੇਰਕ ਵਜੋਂ ਕੰਮ ਕਰਨ ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ।
ਮੁੱਖ ਮੰਤਰੀ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ((Panchs) ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਵੰਡਣਾ ਚਾਹੀਦਾ ਹੈ ਤਾਂ ਜੋ ਪੰਜਾਬ ਸਰਕਾਰ ਕੰਮ ਸ਼ੁਰੂ ਕਰਵਾ ਸਕੇ।
ਸੀਐੱਮ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਚਾਇਤਾਂ ਨੂੰ ਮਤੇ ਪਾਸ ਕਰਨੇ ਚਾਹੀਦੇ ਹਨ, ਜਿਸ ਲਈ ਪੰਜਾਬ ਸਰਕਾਰ ਹਰ ਸੰਭਵ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪਿੰਡ ਵਾਸੀਆਂ ਦੀ ਤਰੱਕੀ ਅਤੇ ਪਿੰਡਾਂ ਨੂੰ ਵਿਕਾਸ ਦੇ ਕੇਂਦਰਾਂ ‘ਚ ਬਦਲਣ ਲਈ ਨਵੇਂ ਕਦਮ ਚੁੱਕਣ।
ਉਨ੍ਹਾਂ ਕਿਹਾ ਕਿ ਇਹ ਵੱਡੀ ਜ਼ਿੰਮੇਵਾਰੀ ਹੈ ਜੋ ਇਨ੍ਹਾਂ ਆਗੂਆਂ ਨੂੰ ਜਨਤਾ ਵੱਲੋਂ ਸੌਂਪੀ ਗਈ ਹੈ ਕਿਉਂਕਿ ਇਹ ਜਨਤਾ ਦੀ ਸੇਵਾ ਕਰਨ ਦਾ ਬਹੁਤ ਵੱਡਾ ਕਾਰਜ ਹੈ। ਸੀਐੱਮ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ‘ਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੇਂਡੂ ਲਾਇਬ੍ਰੇਰੀਆਂ ਦੀ ਸਥਾਪਨਾ ਕਰ ਰਹੀ ਹੈ, ਜੋ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦਾ ਕੇਂਦਰ ਬਣੇਗੀ। ਇਸ ਮਿਸਾਲੀ ਪਹਿਲ ਦਾ ਉਦੇਸ਼ ਨੌਜਵਾਨਾਂ ‘ਚ ਪੜ੍ਹਨ ਦੀ ਆਦਤ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਵੀ ਅਜਿਹੀਆਂ ਲਾਇਬ੍ਰੇਰੀਆਂ ਦੀ ਸਥਾਪਨਾ ਲਈ ਮਤੇ ਪਾਸ ਕਰਨੇ ਚਾਹੀਦੇ ਹਨ, ਕਿਉਂਕਿ ਇਹ ਕਦਮ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ। ਸੀਐੱਮ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੇ ਭਵਿੱਖ ਨੂੰ ਬਦਲਣ ਅਤੇ ਸਮਾਜ ‘ਚ ਡਾਕਟਰ, ਵਿਗਿਆਨੀ, ਅਫ਼ਸਰ ਅਤੇ ਹੋਰ ਹੁਨਰਮੰਦ ਸ਼ਖ਼ਸੀਅਤਾਂ ਪੈਦਾ ਕਰਨ ‘ਚ ਸਹਾਈ ਹੋਣਗੀਆਂ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਖਜ਼ਾਨਾ ਹਨ। ਉਨ੍ਹਾਂ ਕਿਹਾ ਕਿ ਇਹ ਸਭ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਕੀਮਤੀ ਪੁਸਤਕਾਂ ਉਪਲਬਧ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਦੀਆਂ ਹਨ।
ਮੁੱਖ ਮੰਤਰੀ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਉਸਾਰੂ ਮਾਹੌਲ ਸਿਰਜ ਕੇ ਸੂਬੇ ਦੇ ਪਿੰਡਾਂ ਨੂੰ ਮੁੜ ਸੁਰਜੀਤ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਪੰਚਾਂ ਨੂੰ ਆਪੋ-ਆਪਣੇ ਗਰਾਮ ਪੰਚਾਇਤਾਂ ਦੀਆਂ ਬੈਠਕਾਂ ਬੁਲਾ ਕੇ ਹਰ ਫੈਸਲਾ ਸਮੂਹਿਕ ਸਹਿਮਤੀ ਨਾਲ ਲੈਣ ਲਈ ਕਿਹਾ ਹੈ ਅਲਾਟ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਪੰਚਾਇਤਾਂ ਨੂੰ ਜੋਸ਼ ਅਤੇ ਵਚਨਬੱਧਤਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਅਤੇ ਸਾਰਿਆਂ ਲਈ ਆਧੁਨਿਕ ਸਹੂਲਤਾਂ ਨੂੰ ਯਕੀਨੀ ਬਣਾ ਕੇ ਆਪਣੇ ਪਿੰਡਾਂ ਨੂੰ ਆਦਰਸ਼ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਭਲਾਈ ਲਈ ਪੰਚਾਇਤਾਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਹਰ ਫੈਸਲਾ ਪਿੰਡ ਵਾਸੀਆਂ ਨਾਲ ਸਲਾਹ ਕਰਕੇ ਲੈਣ ਤਾਂ ਜੋ ਪਿੰਡਾਂ ਦੇ ਸਰਬਪੱਖੀ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾਈ ਜਾ ਸਕੇ।
ਮੁੱਖ ਮੰਤਰੀ ਮਾਨ ਨੇ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਵਾਲੇ ਪਿੰਡਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਪਿੰਡਾਂ ਨੇ ਜਿੱਥੇ ਇੱਕ ਪਾਸੇ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਹੈ, ਉੱਥੇ ਹੀ ਦੂਜੇ ਪਾਸੇ ਧੜੇਬੰਦੀ ਤੋਂ ਉਪਰ ਉਠ ਕੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਸੂਝਵਾਨ ਵੋਟਰਾਂ ਨੇ ਪੰਚਾਇਤਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।