ਬਰਨਾਲਾ, 19 ਜਨਵਰੀ 2026: ਬਰਨਾਲਾ ਦੇ ਮਹਿਲ ਕਲਾਂ ਹਲਕੇ ਦੇ ਪਿੰਡ ਗੁਰਮ ਦੇ ਰਹਿਣ ਵਾਲੇ 24 ਸਾਲਾ ਰਾਜਪ੍ਰੀਤ ਸਿੰਘ ਦੀ ਕੈਨੇਡਾ ‘ਚ ਮੌਤ ਹੋਣ ਦੀ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਦੁਖਦਾਈ ਖ਼ਬਰ ਨਾਲ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ‘ਚ ਸੋਗ ਦੀ ਲਹਿਰ ਹੈ। ਮ੍ਰਿਤਕ ਨੌਜਵਾਨ ਦੇ ਮਾਪਿਆਂ, ਕੁਲਵੰਤ ਸਿੰਘ ਅਤੇ ਬਲਜਿੰਦਰ ਕੌਰ ਨੇ ਦੱਸਿਆ ਕਿ ਉਹ ਇੱਕ ਛੋਟੇ ਕਿਸਾਨ ਪਰਿਵਾਰ ਨਾਲ ਸਬੰਧਤ ਸਨ। ਮ੍ਰਿਤਕ ਰਾਜਪ੍ਰੀਤ ਸਿੰਘ ਕੈਨੇਡਾ ਦੇ ਸਰੀ ‘ਚ ਰਹਿ ਰਿਹਾ ਸੀ।
ਮ੍ਰਿਤਕ ਦੇ ਮਾਪਿਆਂ ਨੇ ਆਪਣੇ ਇਕਲੌਤੇ ਪੁੱਤਰ ਦੇ ਚੰਗੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਲਗਭੱਗ 18 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਅਤੇ ਅਪ੍ਰੈਲ 2024 ‘ਚ ਭਾਸ਼ਾ ਦੀ ਪ੍ਰੀਖਿਆ ਦੇਣ ਤੋਂ ਬਾਅਦ ਉਸਨੂੰ ਸਟੱਡੀ ਵੀਜ਼ਾ ‘ਤੇ ਵਿਦੇਸ਼ ਭੇਜ ਦਿੱਤਾ ਸੀ।
ਪਰਿਵਾਰ ਦੇ ਮੁਤਾਬਕ ਉਨ੍ਹਾਂ ਨੂੰ 17 ਜਨਵਰੀ ਨੂੰ ਵਿਦੇਸ਼ ‘ਚ ਰਹਿੰਦੇ ਇੱਕ ਰਿਸ਼ਤੇਦਾਰ ਦਾ ਫ਼ੋਨ ਆਇਆ ਜਿਸ ‘ਚ ਉਨ੍ਹਾਂ ਨੂੰ ਰਾਜਪ੍ਰੀਤ ਸਿੰਘ ਦੀ ਮੌਤ ਬਾਰੇ ਦੱਸਿਆ ਗਿਆ। ਹਾਲਾਂਕਿ, ਉਸਦੀ ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਜਾਰੀ ਨਹੀਂ ਕੀਤੀ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਸੀ। ਰਾਜਪ੍ਰੀਤ ਦੇ ਪਿਤਾ ਕੁਲਵੰਤ ਸਿੰਘ ਨੇ ਇੱਕ ਪ੍ਰਾਈਵੇਟ ਸਕੂਲ ਬੱਸ ਚਲਾ ਕੇ ਪਰਿਵਾਰ ਦਾ ਗੁਜ਼ਾਰਾ ਕੀਤਾ। ਪਰਿਵਾਰ ਪਹਿਲਾਂ ਹੀ ਭਾਰੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ ਅਤੇ ਹੁਣ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਲਿਆਉਣ ਤੋਂ ਵੀ ਅਸਮਰੱਥ ਹੈ।
ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਇਲਾਕੇ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਰਾਜਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਪੰਜਾਬ ਵਾਪਸ ਲਿਆਉਣ ਲਈ ਤੁਰੰਤ ਸਹਾਇਤਾ ਦੀ ਅਪੀਲ ਕੀਤੀ ਹੈ।
Read More: ਪੰਜਾਬ ‘ਚ ਕ੍ਰਿਕਟ ਖੇਡਣਾ ਵਾਲਾ ਦਿਲਪ੍ਰੀਤ ਬਾਜਵਾ ਕੈਨੇਡਾ ਦੀ ਟੀ-20 ਵਿਸ਼ਵ ਕੱਪ ਟੀਮ ਦਾ ਕਪਤਾਨ ਬਣਿਆ



