July 7, 2024 1:54 pm
drug

ਮਾਪੇ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਕਰਵਾਉਣ ਜਾਣੂ : ਐਸ.ਪੀ.ਐਸ ਪਰਮਾਰ

ਬਠਿੰਡਾ, 22 ਜਨਵਰੀ 2024: ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ (drugs) ਮੁਕਤ ਤੋਂ ਇਲਾਵਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਨਸ਼ਿਆਂ (drugs) ਖਿਲਾਫ਼ ਚਲਾਈ ਗਈ ਮੁਹਿੰਮ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਰਵਾਏ ਗਏ ਪਤੰਗਬਾਜ਼ੀ ਮੁਕਾਬਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਏਡੀਜੀਪੀ ਰੇਂਜ ਬਠਿੰਡਾ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼ੌਕਤ ਅਮਿਹਦ ਪਰੇ ਅਤੇ ਐਸਐਸਪੀ ਹਰਮਨਵੀਰ ਸਿੰਘ ਗਿੱਲ, ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ‘ਰੰਗਲਾ ਪੰਜਾਬ’ ਬਣਾਉਣ ਦਾ ਅੰਤਮ ਉਦੇਸ਼ ਪੂਰਾ ਹੋਣ ਤੱਕ ਲੋਕਾਂ ਲਈ ਤਨ-ਮਨ ਨਾਲ ਕੰਮ ਕਰਦੇ ਰਹਿਣਾ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਬੱਚਿਆਂ ਦੇ ਹੱਥਾਂ ਚ ਕਲਮਾਂ, ਕਿਤਾਬਾਂ ਫੜਾਉਣ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬੀ ਸਾਹਿਤ ਤੇ ਸੱਭਿਆਚਾਰ ਨਾਲ ਜੋੜਨ ਲਈ ਸੂਬਾ ਸਰਕਾਰ ਵਿਸ਼ੇਸ਼ ਪ੍ਰੋਗਰਾਮ ਉਲੀਕ ਰਹੀ ਹੈ।

ਇਸ ਦੌਰਾਨ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਦਲਦਲ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦਾ ਮਨੋਬਲ ਉੱਚਾ, ਜਿੰਦਗੀ ਚ ਉੱਚ ਮੁਕਾਮ ਹਾਸਲ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਖੇਡਾਂ ਦੇ ਨਾਲ-ਨਾਲ ਪੰਜਾਬ ਦੇ ਇਤਿਹਾਸ ਤੇ ਰੂਹਦਾਰੀ ਸੰਗੀਤ ਨਾਲ ਜੋੜਨਾ ਵੀ ਕਿਸੇ ਪੁੰਨ ਦੇ ਕੰਮ ਤੋਂ ਘੱਟ ਨਹੀਂ ਹੈ।

ਇਸ ਮੌਕੇ ਏਡੀਜੀਪੀ ਰੇਂਜ ਬਠਿੰਡਾ ਐਸਪੀਐਸ ਪਰਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸਾਡਾ ਸਭ ਦਾ ਨਿੱਜੀ ਫ਼ਰਜ਼ ਬਣਦਾ ਹੈ ਕਿ ਬੱਚਿਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਮਾਪਿਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਲੋਂ ਚਾਇਨਾ ਡੋਰ ਵੇਚਣ ਵਾਲਿਆਂ ਤੇ ਸਖ਼ਤ ਨਜ਼ਰਸਾਨੀ ਰੱਖੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਕਰੇਤਾ ਚਾਇਨਾ ਡੋਰ ਵੇਚਦਾ ਪਾਇਆ ਜਾਂਦਾ ਹੈ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਉਨ੍ਹਾਂ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੱਦੇਨਜ਼ਰ ਪੁਲਿਸ ਤੇ ਸਿਵਲ ਪ੍ਰਸਾਸਨ ਵਲੋਂ ਭਵਿੱਖ ਚ ਹੋਰ ਵੀ ਨਿਵੇਕਲੀਆਂ ਯੋਜਨਾਵਾਂ ਉਲੀਕੀਆਂ ਜਾਣਗੀਆਂ।

ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਿਆਂ (drugs) ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹੋ-ਜਿਹੇ ਮੁਕਾਬਲੇ ਭਵਿੱਖ ਵਿੱਚ ਵੀ ਉਲੀਕੇ ਜਾਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕਰਵਾਏ ਗਏ ਇਸ ਪਤੰਗਬਾਜੀ ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਜੋੜਨਾ ਹੈ।

ਇਸ ਮੌਕੇ ਹਰਮਨਬੀਰ ਸਿੰਘ ਗਿੱਲ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ (drugs) ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪਤੰਗਬਾਜ਼ੀ ਮੁਕਾਬਲੇ ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ 11 ਹਜ਼ਾਰ ਰੁਪਏ, ਦੂਸਰੇ ਨੂੰ 5100 ਰੁਪਏ ਅਤੇ ਤੀਸਰੇ ਸਥਾਨ ਹਾਸਲ ਕਰਨ ਵਾਲੇ ਨੂੰ 2100 ਰੁਪਏ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪੁਲਿਸ ਪ੍ਰਸਾਸ਼ਨ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਏਡੀਜੀਪੀ ਰੇਂਜ ਬਠਿੰਡਾ ਐਸਪੀਐਸ ਪਰਮਾਰ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਵਜੀਤ ਕਲਸੀ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਰੰਗ-ਬਿਰੰਗ ਗੁਬਾਰਿਆਂ ਨਾਲ ਪਤੰਗਬਾਜ਼ੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਵਜੀਤ ਕਲਸੀ, ਸਹਾਇਕ ਕਮਿਸ਼ਨਰ (ਜਨਰਲ) ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।