ਚੰਡੀਗੜ੍ਹ, 27 ਅਪ੍ਰੈਲ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦੁਪਹਿਰ 12 ਵਜੇ ਤੱਕ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਗਿਆ ਹੈ।
ਉਨ੍ਹਾਂ ਦੀ ਅੰਤਿਮ ਵਿਦਾਈ ਲਈ ਇਕ ਟਰੈਕਟਰ-ਟਰਾਲੀ ਤਿਆਰ ਕੀਤੀ ਗਈ ਹੈ, ਜਿਸ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਟਰੈਕਟਰ ਦੇ ਸਾਈਡਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਲਾਏ ਗਏ ਹਨ। ਹਵੇਲੀ ਦੇ ਬਾਹਰ ਇੱਕ ਟਰੈਕਟਰ-ਟਰਾਲੀ ਖੜੀ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋਕ ਸਵੇਰ ਤੋਂ ਹੀ ਬਾਦਲ ਸਾਹਿਬ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ।ਜਿਕਰਯੋਗ ਹੈ ਕਿ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਇਸ ਹਵੇਲੀ ‘ਚ ਬਿਤਾਇਆ, ਜਦੋਂ ਉਹ ਮੁੱਖ ਮੰਤਰੀ ਸਨ ਤਾਂ ਲੋਕ ਉਨ੍ਹਾਂ ਤੋਂ ਕੰਮ ਕਰਵਾਉਣ ਲਈ ਇਸ ਹਵੇਲੀ ‘ਚ ਆਉਂਦੇ ਸਨ। ਹਵੇਲੀ ਦੇ ਨੇੜੇ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਸਾਰਿਆਂ ਨੂੰ ਪੁੱਛਗਿੱਛ ਤੋਂ ਬਾਅਦ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸਰਧਾਂਜਲੀ ਦਿੱਤੀ |
ਜਾਣਕਾਰੀ ਅਨੁਸਾਰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ, ਸੁਭਾਸ਼ ਸ਼ਰਮਾ, ਦਿਆਲ ਦਾਸ ਸੋਢੀ, ਡਾ. ਸੂਬਾ ਮੀਡੀਆ ਇੰਚਾਰਜ ਸੁਨੀਲ ਸਿੰਗਲਾ, ਭਾਜਪਾ ਬਠਿੰਡਾ ਸ਼ਹਿਰੀ ਪ੍ਰਧਾਨ ਸਰੂਪ ਸਿੰਗਲਾ, ਭਾਜਪਾ ਬਠਿੰਡਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ, ਮ੍ਰਿਗਿੰਦਰ ਸਿੰਘ ਪੀ.ਏ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸ਼ਰਧਾਂਜਲੀ ਦੇਣ ਲਈ ਪਿੰਡ ਬਾਦਲ ਪਹੁੰਚਣਗੇ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚਣਗੇ। ਅੰਤਿਮ ਸਸਕਾਰ ਮੌਕੇ ਵੱਡੇ ਸਿਆਸੀ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 95 ਸਾਲਾ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਮੰਗਲਵਾਰ ਰਾਤ ਕਰੀਬ ਸਾਢੇ ਅੱਠ ਵਜੇ ਮੋਹਾਲੀ ਦੇ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ ।