ਚੰਡੀਗੜ੍ਹ 20 ਜਨਵਰੀ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ (Parminder Singh Dhindsa) ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ‘ਤੇ ਬੀਤੇ ਦਿਨ ਈ.ਡੀ ਦੇ ਛਾਪੇ ਦੌਰਾਨ 10 ਕਰੋੜ, 21 ਲੱਖ ਰੁਪਏ ਦੀ ਵੱਡੀ ਰਕਮ ਬਰਾਮਦ ਹੋਈ ਹੈ। 12 ਲੱਖ ਰੁਪਏ ਦੀ ਸੋਨੇ ਅਤੇ ਰੋਲੇਕਸ ਘੜੀ ਨੇ ਚਰਨਜੀਤ ਸਿੰਘ ਚੰਨੀ ਦੇ ਨਾਟਕਾਂ ਦਾ ਪਰਦਾਫਾਸ਼ ਕੀਤਾ ਹੈ।
ਪਰਮਿੰਦਰ ਸਿੰਘ ਢੀਂਡਸਾ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਘਰੋਂ ਮਿਲੇ ਕਰੋੜਾਂ ਰੁਪਏ ਨੇ ਕਾਂਗਰਸ ਸਰਕਾਰ ਅਤੇ ਰੇਤ ਮਾਫੀਆ ਵਿਚਾਲੇ ਚੱਲ ਰਹੀ ਮਿਲੀਭੁਗਤ ਦਾ ਪਰਦਾਫਾਸ਼ ਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਜਾਇਜ਼ ਤੌਰ ‘ਤੇ ਇਕੱਠੀ ਕੀਤੀ ਇਹ ਵੱਡੀ ਰਕਮ ਚੋਣਾਂ ‘ਚ ਖਰਚ ਕੀਤੀ ਜਾ ਰਹੀ ਹੈ ਅਤੇ ਸੱਤਾ ਹਾਸਲ ਕਰਨ ਲਈ ਕਈ ਕਰੋੜ ਰੁਪਏ ਪਾਣੀ ਵਾਂਗ ਬਰਬਾਦ ਕੀਤੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਕਾਂਗਰਸੀ ਉਮੀਦਵਾਰਾਂ ਤੋਂ ਵੀ ਕਰੋੜਾਂ ਰੁਪਏ ਦੀ ਵਸੂਲੀ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਆਪਣੇ ਕਰੀਬੀ ਰਿਸ਼ਤੇਦਾਰ ਦੇ ਘਰੋਂ ਬਰਾਮਦ ਹੋਏ ਕਰੋੜਾਂ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਅਤੇ ਈਡੀ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾ ਰਹੇ ਹਨ। ਜਦਕਿ ਉਹ ਸੂਬੇ ਦੇ ਲੋਕਾਂ ਨੂੰ ਸਪੱਸ਼ਟ ਕਰਨ ਕਿ ਇੰਨੀ ਵੱਡੀ ਰਕਮ ਉਨ੍ਹਾਂ ਦੇ ਰਿਸ਼ਤੇਦਾਰ ਦੇ ਘਰ ਕਿਵੇਂ ਆਈ? ਢੀਂਡਸਾ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੰਨੀ ਇੱਕ ਆਮ ਆਦਮੀ ਹੋਣ ਦਾ ਬਹਾਨਾ ਲਗਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ ਅਤੇ ਅਸਲ ਵਿੱਚ ਉਹ ਮੁੱਖ ਮੰਤਰੀ ਵਜੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਕਰੋੜਾਂ ਰੁਪਏ ਜਮ੍ਹਾ ਕਰਵਾ ਚੁੱਕਾ ਹੈ। ਇਹ ਸਾਰਾ ਪੈਸਾ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਸਾਫ਼ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਪੈਸੇ ਦੇ ਬਲਬੂਤੇ ਚੋਣਾਂ ਵਿੱਚ ਸੱਤਾ ਹਥਿਆਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਆਮ ਆਦਮੀ ਮਹਿੰਗਾਈ ਕਾਰਨ ਆਪਣਾ ਪੇਟ ਭਰਨ ਲਈ ਸੰਘਰਸ਼ ਕਰ ਰਿਹਾ ਹੈ ਪਰ ਦੂਜੇ ਪਾਸੇ ਆਮ ਆਦਮੀ ਹੋਣ ਦਾ ਢੌਂਗ ਰਚਣ ਵਾਲੇ ਚਰਨਜੀਤ ਸਿੰਘ ਦੇ ਰਿਸ਼ਤੇਦਾਰਾਂ ਤੋਂ ਕਰੋੜਾਂ ਰੁਪਏ ਵਸੂਲ ਕੀਤੇ ਜਾ ਰਹੇ ਹਨ। ਪਰਮਿੰਦਰ ਸਿੰਘ ਢੀਂਡਸਾ ਨੇ ਇਹ ਵੀ ਮੰਗ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇ ਤਾਂ ਜੋ ਇਸ ਪੈਸੇ ਦੀ ਵਰਤੋਂ ਦਾ ਪਤਾ ਲਗਾਇਆ ਜਾ ਸਕੇ।