ਚੰਡੀਗੜ, 26 ਅਗਸਤ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੰਮ੍ਰਿਤਸਰ ‘ਚ ਇਕ ਬਦਨਾਮ ਗੈਂਗਸਟਰ ਨਾਲ ਪਾਰਟੀ ਕਰਦੇ ਦੇਖੇ ਜਾਣ ਤੋਂ ਬਾਅਦ ਪੰਜਾਬ ਪੁਲਸ ਦੇ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਨਾ ਕਰਨ ਲਈ ਆਮ ਆਦਮੀ ਪਾਰਟੀ (AAP) ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅੰਮ੍ਰਿਤਸਰ ਵਿਚ ਇਕ ਜਨਮਦਿਨ ਦੀ ਪਾਰਟੀ ਵਿਚ ਪੰਜ ਇੰਸਪੈਕਟਰਾਂ ਅਤੇ ਦੋ ਡੀ.ਐਸ.ਪੀ ਸਮੇਤ ਸੱਤ ਪੁਲਿਸ ਅਧਿਕਾਰੀਆਂ ਨੂੰ ਇਕ ਗੈਂਗਸਟਰ ਨਾਲ ਦੇਖਿਆ ਗਿਆ ਸੀ। ਸਜ਼ਾ ਵਜੋਂ ‘ਆਪ’ ਸਰਕਾਰ ਨੇ ਇਨ੍ਹਾਂ ਅਧਿਕਾਰੀਆਂ ਦੇ ਸਿਰਫ਼ ਤਬਾਦਲੇ ਹੀ ਕਿਤੇ ਹਨ। ਹਾਲਾਂਕਿ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਮੁਅੱਤਲ ਕਰਨਾ ਚਾਹੀਦਾ ਸੀ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੁਲਿਸ ਅਤੇ ਗੈਂਗਸਟਰ ਗਠਜੋੜ ਦਾ ਪਰਦਾਫਾਸ਼ ਹੋਇਆ ਹੈ। ਪਿਛਲੇ ਸਾਲ ਮਾਨਸਾ ਪੁਲਿਸ ਸੀਆਈਏ ਦੇ ਇੰਚਾਰਜ ਨੇ ਕੈਟਾਗਰੀ ਏ ਦੇ ਗੈਂਗਸਟਰ ਅਤੇ ਉਸ ਦੀ ਪ੍ਰੇਮਿਕਾ ਵਿਚਕਾਰ ਮੁਲਾਕਾਤ ਕਰਵਾਈ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (AAP) ਦੇ 18 ਮਹੀਨਿਆਂ ਦੇ ਸ਼ਾਸਨ ਕਾਲ ਦੌਰਾਨ ਪੰਜਾਬ ਪੁਲਿਸ ਪੂਰੀ ਤਰ੍ਹਾਂ ਖ਼ਤਮ ਹੋ ਗਈ ਜਾਪਦੀ ਹੈ। ਇਹ ਸਿਰਫ ਕਿਸਾਨਾਂ, ਅਧਿਆਪਕਾਂ ਅਤੇ ਹੋਰ ਨਿਰਦੋਸ਼ ਲੋਕਾਂ ‘ਤੇ ਅੱਤਿਆਚਾਰ ਕਰ ਸਕਦੀ ਹੈ ਪਰ ਜਦੋਂ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦੀ ਗੱਲ ਆਉਂਦੀ ਹੈ ਤਾਂ ਪੁਲਿਸ ਵਿਅਰਥ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬੇਕਸੂਰ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਹਾਲ ਹੀ ਵਿੱਚ ਜਲੰਧਰ ਦੇ ਐਸਐਚਓ ਦੁਆਰਾ ਅਪਮਾਨਿਤ ਕੀਤੇ ਜਾਣ ਤੋਂ ਬਾਅਦ ਦੋ ਭਰਾਵਾਂ ਨੇ ਖੁਦਕੁਸ਼ੀ ਕਰ ਲਈ ਸੀ। ਬਾਜਵਾ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਅਧਿਆਪਕਾਂ ਨੂੰ ਪਹਿਲਾਂ ਵੀ ਪੁਲਿਸ ਦੀ ਬੇਰਹਿਮੀ ਦਾ ਸਾਹਮਣਾ ਕਰਨਾ ਪਿਆ ਹੈ।
ਇਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਵੱਧ ਨਸ਼ਿਆਂ ਦੇ ਮਾਮਲਿਆਂ ਵਾਲੇ ਚੋਟੀ ਦੇ ਤਿੰਨ ਸੂਬਿਆਂ ਵਿਚ ਸ਼ਾਮਲ ਹੈ। ਪੰਜਾਬ ਵਿੱਚ 66 ਲੱਖ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਹਨ। ਪੰਜਾਬ ਦੀ ਪੁਲਿਸ ਅਜੇ ਤੱਕ ਹਰਕਤ ਵਿੱਚ ਨਹੀਂ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਹੁਣ ਨਸ਼ੇ ਨੂੰ ਠੱਲ ਪਾਉਣ ਲਈ ਇੱਕ ਸਾਲ ਦਾ ਹੋਰ ਸਮਾਨ ਮੰਗ ਰਹੇ ਹਨ।
ਬਾਜਵਾ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਕਾਰਨ ਵੱਡੀ ਗਿਣਤੀ ਵਿੱਚ ਉਦਯੋਗਪਤੀ ਅਤੇ ਪੰਜਾਬ ਅਧਾਰਤ ਕਾਰਪੋਰੇਟ ਘਰਾਣੇ ਯੂਪੀ ਵਰਗੇ ਹੋਰ ਰਾਜਾਂ ਵਿੱਚ ਚਲੇ ਗਏ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੀਂਦ ਤੋਂ ਨਹੀਂ ਜਾਗੇ ਹਨ।