Site icon TheUnmute.com

ਪ੍ਰਤਾਪ ਬਾਜਵਾ ਨੇ ਪੰਚਾਇਤ ਵਿਭਾਗ ਦੇ ਮੁਅੱਤਲ ਸੀਨੀਅਰ ਨੌਕਰਸ਼ਾਹਾਂ ਦੀ ਬਹਾਲੀ ਦੀ ਕੀਤੀ ਮੰਗ

Panchayat Department

ਚੰਡੀਗੜ੍ਹ, 06 ਸਤੰਬਰ 2023: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਚਾਇਤ ਵਿਭਾਗ (Panchayat Department) ਦੇ ਦੋ ਮੁਅੱਤਲ ਸੀਨੀਅਰ ਨੌਕਰਸ਼ਾਹਾਂ ਦੀ ਬਹਾਲੀ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਇਸ ਮੁੱਦੇ ‘ਤੇ ਜਾਂਚ ਕਰਨ ਤੋਂ ਭੱਜ ਰਹੀ ਹੈ, ਜਿਸ ਦਾ ਮਤਲਬ ਹੈ ਕਿ ਪੰਚਾਇਤ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਗ਼ਲਤੀ ਹੈ।

ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਭੰਗ ਕਰਨਾ ਨਿਸ਼ਚਿਤ ਤੌਰ ‘ਤੇ ਸਿਆਸਤ ਤੋਂ ਪ੍ਰੇਰਿਤ ਫ਼ੈਸਲਾ ਸੀ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੋਕਤੰਤਰੀ ਸੰਸਥਾ ਦੇ ਗਲ਼ਾ ਘੁੱਟਣ ਦੀ ਪੂਰੀ ਪ੍ਰਕਿਰਿਆ ‘ਤੇ ਨੇੜਿਓਂ ਨਜ਼ਰ ਰੱਖ ਰਹੇ ਸਨ। ਬਾਜਵਾ ਨੇ ਕਿਹਾ ਕਿ ਇਸ ਪੂਰੇ ਘਿਣਾਉਣੇ ਘਟਨਾਕ੍ਰਮ ਵਿੱਚ ‘ਆਪ’ ਦੇ ਕੁਝ ਉੱਚ ਆਗੂਆਂ ਦੀ ਸ਼ਮੂਲੀਅਤ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਸ ਮਾਮਲੇ ਨੂੰ ਦਬਾਉਣ ਲਈ ਪ੍ਰਮੁੱਖ ਸਕੱਤਰ (ਜਲ ਸਪਲਾਈ ਅਤੇ ਸੈਨੀਟੇਸ਼ਨ) ਅਤੇ ਵਿੱਤ ਕਮਿਸ਼ਨਰ (ਪੇਂਡੂ ਵਿਕਾਸ ਤੇ ਪੰਚਾਇਤਾਂ) (Panchayat Department) ਧੀਰੇਂਦਰ ਕੁਮਾਰ ਤਿਵਾੜੀ ਅਤੇ ਡਾਇਰੈਕਟਰ (ਪੇਂਡੂ ਵਿਕਾਸ ਤੇ ਪੰਚਾਇਤਾਂ) ਗੁਰਪ੍ਰੀਤ ਸਿੰਘ ਖਹਿਰਾ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਅਤੇ ਕਾਹਲੀ ਵਿੱਚ ਮੁਅੱਤਲ ਕਰ ਦਿੱਤਾ ਗਿਆ।

ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਚਾਇਤਾਂ ਨੂੰ ਭੰਗ ਕਰਨ ਦਾ ਫ਼ੈਸਲਾ ‘ਆਪ’ ਦੇ ਉੱਚ ਅਧਿਕਾਰੀਆਂ ਨੇ ਲਿਆ ਹੈ ਅਤੇ ਪੰਚਾਇਤ ਮੰਤਰੀ ਅਤੇ ਅਧਿਕਾਰੀਆਂ ਨੂੰ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਲੋਕਾਂ ਨੂੰ ਸੱਚ ਜਾਣਨ ਦਾ ਅਧਿਕਾਰ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ‘ਆਪ’ ਸਰਕਾਰ ਨੇ ਪਹਿਲਾਂ ਹੀ ਯੂ-ਟਰਨ ਲੈ ਲਿਆ ਹੈ ਅਤੇ ਪੰਚਾਇਤਾਂ ਭੰਗ ਕਰਨ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ। ਇਹ ਛੇਤੀ ਹੀ ਇੱਕ ਹੋਰ ਯੂ-ਟਰਨ ਲਵੇਗੀ ਅਤੇ ਮੁਅੱਤਲ ਕੀਤੇ ਗਏ ਦੋਵਾਂ ਸੀਨੀਅਰ ਨੌਕਰਸ਼ਾਹਾਂ ਨੂੰ ਬਹਾਲ ਕਰੇਗੀ। ਇਸ ਮੁੱਦੇ ‘ਤੇ ਜਾਂਚ ਦੇ ਆਦੇਸ਼ ਦਿੱਤੇ ਬਿਨਾਂ ਕਿਸੇ ਵੀ ਅਧਿਕਾਰੀ ਨੂੰ ਮੁਅੱਤਲ ਕਰਨਾ ਗ਼ੈਰਕਾਨੂੰਨੀ ਹੈ। ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਦੋਵਾਂ ਅਧਿਕਾਰੀਆਂ ਨੇ ਅਜਿਹਾ ਕੀ ਗ਼ਲਤ ਕੀਤਾ ਕਿ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ‘ਆਪ’ ਲੀਡਰਸ਼ਿਪ ਸੱਤਾ ਦੇ ਨਸ਼ੇ ‘ਚ ਧੁੱਤ ਹੈ ਅਤੇ ਇਸ ਲਈ ਉਹ ਸਹੀ ਅਤੇ ਗ਼ਲਤ ‘ਚ ਫ਼ਰਕ ਨਹੀਂ ਦੇਖ ਸਕਦੀ। ਉਹ ਆਪਣੀ ਮਨਮਰਜ਼ੀ ਅਨੁਸਾਰ ਫ਼ੈਸਲੇ ਲੈਂਦੇ ਹਨ ਅਤੇ ਜਦੋਂ ਉਹ ਫੜੇ ਜਾਂਦੇ ਹਨ, ਤਾਂ ਉਹ ਆਪਣੀਆਂ ਗ਼ਲਤੀਆਂ ਨੂੰ ਸਵੀਕਾਰ ਕਰਨ ਤੋਂ ਬੇਝਿਜਕ ਭੱਜ ਜਾਂਦੇ ਹਨ।

Exit mobile version