Site icon TheUnmute.com

ਬਾਜਵਾ ਪ੍ਰਤਾਪ ਨੇ ਖ਼ੁਦਕੁਸ਼ੀ ਪੀੜਤ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਲਈ ‘ਆਪ’ ਦੀ ਤਿੱਖੀ ਆਲੋਚਨਾ ਕੀਤੀ

Partap Bajwa

ਚੰਡੀਗੜ੍ਹ, 24 ਅਕਤੂਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਨੇ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਝੂਠੇ ਕੇਸ ‘ਚ ਫਸਾਉਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।

ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਜਿਨ੍ਹਾਂ ਦਾ ਨਾਮ ਸੁਸਾਈਡ ਨੋਟ ਵਿੱਚ ਸਪਸ਼ਟ ਤੌਰ ‘ਤੇ ਲਿਖਿਆ ਗਿਆ ਹੈ, ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪੰਜਾਬ ਪੁਲਿਸ ਨੇ ‘ਆਪ’ ਸਰਕਾਰ ਦੇ ਪ੍ਰਭਾਵ ਹੇਠ ਪੀੜਤ ਪਰਿਵਾਰ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਹੋਰ ਕਾਂਗਰਸੀ ਆਗੂਆਂ ਨਾਲ ਪਿੰਡ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਵਾਲੀ ਥਾਂ ਦਾ ਦੌਰਾ ਕੀਤਾ ਅਤੇ 1158 ਸਹਾਇਕ ਪ੍ਰੋਫੈਸਰ ਫਰੰਟ ਨਾਲ ਆਪਣੀ ਇਕਜੁੱਟਤਾ ਜ਼ਾਹਿਰ ਕੀਤੀ।

ਉਨ੍ਹਾਂ ਕਿਹਾ ਕਿ ਸੁਸਾਈਡ ਨੋਟ ਨੂੰ ਮੌਤ ਤੋਂ ਪਹਿਲਾਂ ਦਿੱਤਾ ਗਿਆ ਬਿਆਨ ਮੰਨਿਆ ਜਾਂਦਾ ਹੈ। ਮੈਂ ਇਸ ਮਾਮਲੇ ਦਾ ਸਿਆਸੀਕਰਨ ਨਹੀਂ ਕਰਨਾ ਚਾਹੁੰਦਾ ਪਰ ‘ਆਪ’ ਸਰਕਾਰ ਨੂੰ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਇਸ ਨੂੰ ਇਸ ਮੁੱਦੇ ਦੀ ਡੂੰਘਾਈ ਨਾਲ ਜਾਂਚ ਦਾ ਐਲਾਨ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਪੰਜਾਬ ਦੇ ਸਿੱਖਿਆ ਮੰਤਰੀ ਵਿਰੁੱਧ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ।

ਕਾਦੀਆਂ ਦੇ ਵਿਧਾਇਕ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜੱਦੀ ਪਿੰਡ ਗੰਭੀਰਪੁਰ ਵਿਖੇ ਧਰਨਾ ਦਿੱਤਾ ਹੋਇਆ ਹੈ। ਉਹ (ਬੈਂਸ) ਵਾਰ-ਵਾਰ ਆਪਣੇ ਕਸਬੇ ਦਾ ਦੌਰਾ ਕਰਦੇ ਰਹਿੰਦੇ ਹਨ ਪਰ ਬਦਕਿਸਮਤੀ ਨਾਲ ਕਦੇ ਵੀ ਇਨ੍ਹਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਲਾਇਬ੍ਰੇਰੀਅਨਾਂ ਦਾ ਹਾਲ-ਚਾਲ ਨਹੀਂ ਪੁੱਛਦੇ। ਬਾਜਵਾ ਨੇ ਸਿੱਖਿਆ ਮੰਤਰੀ ਦੇ ਅਸੰਵੇਦਨਸ਼ੀਲ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ।

ਵਿਰੋਧੀ ਧਿਰ ਦੇ ਆਗੂ ਨੇ 1158 ਅਸਿਸਟੈਂਟ ਪ੍ਰੋਫੈਸਰ ਫਰੰਟ ਨੂੰ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੇ ਵਿਧਾਨ ਸਭਾ ਇਜਲਾਸ ਵਿੱਚ ਉਨ੍ਹਾਂ ਦੀਆਂ ਮੰਗਾਂ ਉਠਾਉਣਗੇ ਅਤੇ ਇਨਸਾਫ਼ ਦੀ ਭਾਲ ਵਿੱਚ ਉਨ੍ਹਾਂ ਦੇ ਨਾਲ ਖੜੇ ਰਹਿਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ। ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਝੂਠੇ ਦਾਅਵਿਆਂ ਦੀ ਕਾਲੀ ਹਕੀਕਤ ਹੁਣ ਬਿਲਕੁਲ ਸਪਸ਼ਟ ਹੋ ਗਈ ਹੈ।

Exit mobile version